#PUNJAB

ਉੱਤਰਾਖੰਡ: ਬਾਬਾ ਤਰਸੇਮ ਸਿੰਘ ਹੱਤਿਆ ਕਾਂਡ ’ਚ ਸਾਬਕਾ ਆਈਏਐੱਸ ਅਧਿਕਾਰੀ ਸਣੇ 5 ਖ਼ਿਲਾਫ਼ ਕੇਸ ਦਰਜ

ਦਰਪੁਰ,  30 ਮਾਰਚ (ਪੰਜਾਬ ਮੇਲ)-  ਉੱਤਰਾਖੰਡ ਦੇ ਊਧਮ ਸਿੰਘ ਨਗਰ ਜ਼ਿਲ੍ਹੇ ਵਿੱਚ ਨਾਨਕਮੱਤਾ ਸਾਹਿਬ ਗੁਰਦੁਆਰੇ ਦੇ ਡੇਰਾ ਕਾਰ ਸੇਵਾ ਮੁਖੀ ਬਾਬਾ ਤਰਸੇਮ ਸਿੰਘ ਦੀ ਹੱਤਿਆ ਦੇ ਮਾਮਲੇ ਵਿੱਚ ਸੇਵਾਮੁਕਤ ਆਈਏਐੱਸ ਅਧਿਕਾਰੀ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਬਾਬਾ ਤਰਸੇਮ ਸਿੰਘ ਦੀ ਵੀਰਵਾਰ ਨੂੰ ਗੁਰਦੁਆਰੇ ਦੀ ਹਦੂਦ ਅੰਦਰ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐੱਫਆਈਆਰ ਵਿੱਚ ਨਾਮਜ਼ਦ ਵਿਅਕਤੀਆਂ ਵਿੱਚ ਦੋ ਹਮਲਾਵਰਾਂ ਸਰਬਜੀਤ ਸਿੰਘ ਅਤੇ ਅਮਰਜੀਤ ਸਿੰਘ, ਸਾਬਕਾ ਆਈਏਐੱਸ ਅਧਿਕਾਰੀ ਹਰਬੰਸ ਸਿੰਘ ਚੁੱਘ, ਜੋ ਨਾਨਕਮੱਤਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਨ, ਬਾਬਾ ਅਨੂਪ ਸਿੰਘ ਅਤੇ ਪ੍ਰੀਤਮ ਸਿੰਘ ਸੰਧੂਰ ਸ਼ਾਮਲ ਹਨ। ਐੱਸਐੱਸਪੀ ਮੰਜੂਨਾਥ ਟੀਸੀ ਕਿਹਾ ਕਿ ਸ਼ੁੱਕਰਵਾਰ ਨੂੰ ਐੱਫਆਈਆਰ ਦਰਜ ਕੀਤੀ ਗਈ ਸੀ। ਸਰਬਜੀਤ ਸਿੰਘ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਹੈ ਜਦਕਿ ਅਮਰਜੀਤ ਸਿੰਘ ਉੱਤਰ ਪ੍ਰਦੇਸ਼ ਦੇ ਰਾਮਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ‘ਤੇ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ), 120ਬੀ (ਅਪਰਾਧਿਕ ਸਾਜ਼ਿਸ਼) ਅਤੇ 34 (ਸਾਂਝੇ ਇਰਾਦੇ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।  ਸੇਵਾਮੁਕਤ ਆਈਏਐੱਸ ਅਧਿਕਾਰੀ ਸਮੇਤ ਤਿੰਨ ਹੋਰਾਂ ਨੂੰ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ ਕਿਉਂਕਿ ਸ਼ਿਕਾਇਤਕਰਤਾ ਨੇ ਉਨ੍ਹਾਂ ਦੀ ਭੂਮਿਕਾ ਬਾਰੇ ਸ਼ੱਕ ਜਤਾਇਆ ਸੀ।