ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਲਈ ਮੌਨਸੂਨ ਅੱਗੇ ਵਧਣ ਦੇ ਹਾਲਾਤ ਅਨੁਕੂਲ ਬਣੇ
ਨਵੀਂ ਦਿੱਲੀ, 29 ਜੂਨ (ਪੰਜਾਬ ਮੇਲ)- ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਤੋਂ ਪੰਜ ਦਿਨਾਂ ਵਿਚ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਸ ਵੇਲੇ ਉੱਤਰ ਪੱਛਮੀ ਬੰਗਾਲ ਦੀ ਖਾੜੀ ‘ਤੇ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿਚ 29 ਜੂਨ ਤੋਂ 3 ਜੁਲਾਈ ਤੱਕ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਛੱਤੀਸਗੜ੍ਹ, ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਵਿਚ 29 ਤੇ 30 ਜੂਨ ਅਤੇ ਬਿਹਾਰ ਵਿਚ 30 ਜੂਨ ਤੋਂ 2 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈ.ਐੱਮ.ਡੀ. ਨੇ ਇਸ ਸਮੇਂ ਦੌਰਾਨ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕਈ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਵਿਚ ਪੱਛਮੀ ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਵਿਚ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।