ਏਅਰ ਇੰਡੀਆ ਵਲੋਂ ਅੰਮਿ੍ਰਤਸਰ-ਨਾਂਦੇੜ ਸਿੱਧੀ ਉਡਾਣ ਦੀ ਬੁਕਿੰਗ ਮੁੜ ਸ਼ੁਰੂ

131
Share

-ਹਫਤੇ ’ਚ ਹੋਵੇਗੀ ਸਿਰਫ ਇਕ ਉਡਾਣ, ਮੁੰਬਈ ਨੂੰ ਵੀ ਸਿੱਧਾ ਨਾਂਦੇੜ ਨਾਲ ਜੋੜਿਆ ਗਿਆ
ਅੰਮਿ੍ਰਤਸਰ, 22 ਨਵੰਬਰ (ਪੰਜਾਬ ਮੇਲ)- ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਤੋਂ ਬਾਅਦ ਹੁਣ ਅੰਮਿ੍ਰਤਸਰ ਤੋਂ ਪੰਜ ਸਿੱਖ ਤਖ਼ਤਾਂ ਵਿਚੋਂ ਇੱਕ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਜਾਣ ਵਾਲੇ ਪੰਜਾਬ ਅਤੇ ਵਿਦੇਸ਼ ਵੱਸਦੇ ਹਜ਼ਾਰਾਂ ਸ਼ਰਧਾਲੂਆਂ ਲਈ ਇੱਕ ਹੋਰ ਖੁਸ਼ਖਬਰੀ ਦੀ ਖਬਰ ਆਈ ਹੈ। ਇਸ ਸੰਬੰਧੀ ਪ੍ਰੈੱਸ ਨੂੰ ਜਾਰੀ ਇਕ ਵਿਸ਼ੇਸ਼ ਬਿਆਨ ’ਚ ਫਲਾਈ ਅੰਮਿ੍ਰਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਅੰਮਿ੍ਰਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਏਅਰ ਇੰਡੀਆ ਨੇ ਅੰਮਿ੍ਰਤਸਰ-ਨਾਂਦੇੜ ਸਿੱਧੀਆਂ ਉਡਾਣਾਂ ਨੂੰ 30 ਅਕਤੂਬਰ ਤੋਂ ਮੁਅੱਤਲ ਕਰਨ ਦੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ ਹੁਣ 24 ਨਵੰਬਰ, 2021 ਤੋਂ ਇਸ ਸਿੱਧੀ ਉਡਾਣ ਨੂੰ ਮੁੜ ਸ਼ੁਰੂ ਕਰ ਰਹੀ ਹੈ।
ਏਅਰ ਇੰਡੀਆ ਦੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਗੁਮਟਾਲਾ ਨੇ ਦੱਸਿਆ ਕਿ ਏਅਰ ਇੰਡੀਆ ਦੀ ਵੈੱਬਸਾਈਟ ’ਤੇ ਉਪਲਬਧ ਸਮਾਂ ਸੂਚੀ ਅਨੁਸਾਰ, ਇਹ ਉਡਾਣ ਹੁਣ ਅੰਮਿ੍ਰਤਸਰ ਤੋਂ ਹਰ ਬੁੱਧਵਾਰ ਸਵੇਰੇ 10:45 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 1 ਵਜੇ ਨਾਂਦੇੜ ਪਹੁੰਚੇਗੀ। ਇਸੇ ਤਰ੍ਹਾਂ ਨਾਂਦੇੜ ਤੋਂ ਪਹਿਲੀ ਉਡਾਣ 27 ਨਵੰਬਰ ਤੋਂ ਸ਼ੁਰੂ ਹੋਵੇਗੀ ਤੇ ਹਰ ਸ਼ਨੀਵਾਰ ਸਵੇਰੇ 9:15 ਵਜੇ ਰਵਾਨਾ ਹੋ ਕੇ ਸਵੇਰੇ 11:30 ਵਜੇ ਅੰਮਿ੍ਰਤਸਰ ਉਤਰੇਗੀ। ਏਅਰ ਇੰਡੀਆਂ ਵਲੋਂ ਇਸ ਉਡਾਣ ਨਾਲ ਮੁੰਬਈ ਨੂੰ ਵੀ ਸਿੱਧਾ ਨਾਂਦੇੜ ਨਾਲ ਜੋੜ ਦਿੱਤਾ ਗਿਆ ਹੈ। ਅੰਮਿ੍ਰਤਸਰ ਤੋਂ ਨਾਂਦੇੜ ਪਹੁੰਚ ਕੇ ਜਹਾਜ਼ ਫਿਰ ਮੁੰਬਈ ਲਈ ਰਵਾਨਾ ਹੋਵੇਗਾ ਅਤੇ ਇਸੇ ਤਰ੍ਹਾਂ ਸ਼ਨੀਵਾਰ ਨੂੰ ਮੁੰਬਈ ਤੋਂ ਨਾਂਦੇੜ ਪਹੁੰਚ ਕੇ ਫਿਰ ਅੰਮਿ੍ਰਤਸਰ ਲਈ ਉਡਾਣ ਭਰੇਗਾ।

ਸਮੀਪ ਸਿੰਘ ਗੁਮਟਾਲਾ
ਗੁਮਟਾਲਾ ਨੇ ਕਿਹਾ ਕਿ, ਏਅਰ ਇੰਡੀਆ ਨੇ ਅਕਤੂਬਰ ਮਹੀਨੇ ਵਿਚ, 2021-22 ਲਈ ਆਪਣੇ ਸਰਦ ਰੁੱਤ ਦੀ ਸਮਾਂਸੂਚੀ ਵਿਚੋਂ ਇਸ ਸਿੱਧੀ ਉਡਾਣ ਦੀ ਬੁਕਿੰਗ ਨੂੰ ਮੁਅੱਤਲ ਕਰ ਦਿੱਤਾ ਸੀ। ਫਲਾਈ ਅੰਮਿ੍ਰਤਸਰ ਇਨੀਸ਼ਿਏਟਿਵ ਨੇ ਇਹ ਮਾਮਲਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਅੰਮਿ੍ਰਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਮੀਡੀਆ ਦੇ ਧਿਆਨ ’ਚ ਲਿਆਂਦਾ ਅਤੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਏਅਰ ਇੰਡੀਆ ਵੱਲੋਂ ਦੋਵਾਂ ਪਵਿੱਤਰ ਸ਼ਹਿਰਾਂ ਵਿਚਕਾਰ ਇਸ ਮਹੱਤਵਪੂਰਨ ਹਵਾਈ ਸੰਪਰਕ ਨੂੰ ਜਾਰੀ ਰੱਖਿਆ ਜਾਵੇ। ਇਸ ਦੇ ਬੰਦ ਹੋਣ ਨਾਲ ਦੇਸ਼-ਵਿਦੇਸ਼ ਤੋਂ ਸ਼ਰਧਾਲੂਆਂ ਦੇ ਵਿਚ ਰੋਸ ਦੀ ਲਹਿਰ ਫੈਲ ਗਈ ਸੀ।
ਅੰਮਿ੍ਰਤਸਰ-ਨਾਂਦੇੜ ਦੇ ਵਿਚਕਾਰ ਸਿੱਧੀ ਉਡਾਣ ਤਿੰਨ ਸਾਲਾਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਸੀ, ਜਿਸ ਵਿਚ ਵੱਡੀ ਗਿਣਤੀ ਵਿਚ ਵਿਦੇਸ਼ ਤੋਂ ਪੰਜਾਬ ਆਉਣ ਵਾਲੇ ਪ੍ਰਵਾਸੀ ਪੰਜਾਬੀ ਅਤੇ ਪੰਜਾਬ ਦੇ ਨਾਲ-ਨਾਲ ਦੂਜੇ ਗੁਆਂਢੀ ਰਾਜਾਂ ਦੇ ਯਾਤਰੀ ਵੀ ਦਰਸ਼ਨ ਕਰਨ ਲਈ ਇਸ ਉਡਾਣ ਰਾਹੀਂ ਜਾਂਦੇ ਸਨ। ਇਹ ਸਿੱਧੀ ਉਡਾਣ ਬੜੇ ਲੰਮੇ ਸਮੇਂ ਤੋਂ ਪੰਜਾਬੀਆਂ ਦੁਆਰਾ ਕੀਤੀ ਜਾ ਰਹੀ ਮੰਗ ਨੂੰ ਮੁੱਖ ਰੱਖਕੇ ਸ਼ੁਰੂ ਕੀਤੀ ਗਈ ਸੀ। ਹੁਣ ਇਸ ਦੇ ਮੁੜ ਸ਼ੁਰੂ ਹੋਣ ਨਾਲ ਯਾਤਰੀ ਮੂੜ ਹਜ਼ੂਰ ਸਾਹਿਬ ਦਰਸ਼ਨ ਕਰਨ ਲਈ ਸਿਰਫ 2 ਘੰਟੇ 15 ਮਿੰਟ ਵਿਚ ਪਹੁੰਚ ਸਕਣਗੇ¿;
ਗੁਮਟਾਲਾ ਨੇ ਭਾਰਤ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਦਾ ਇਸ ਉਡਾਣ ਨੂੰ ਮੁੜ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਅਤੇ ਆਸ ਪ੍ਰਗਟ ਕੀਤੀ ਕਿ ਚੰਗਾ ਹੁੰਗਾਰਾ ਮਿਲਣ ’ਤੇ ਏਅਰ ਇੰਡੀਆ ਇਸ ਉਡਾਣ ਦੇ ਸੰਚਾਲਨ ਨੂੰ ਮੁੜ ਤਿੰਨ ਦਿਨ ਕਰ ਦੇਵੇਗੀ। ਉਨ੍ਹਾਂ ਦੱਸਿਆ ਕਿ ਫਲਾਈ ਅੰਮਿ੍ਰਤਸਰ ਇਨੀਸ਼ੀਏਟਿਵ ਨੇ ਹਾਲ ਹੀ ਵਿਚ ਅੰਮਿ੍ਰਤਸਰ ਤੋਂ ਦਿੱਲੀ, ਮੁੰਬਈ ਅਤੇ ਸ਼੍ਰੀਨਗਰ ਲਈ ਗੋ ਫਸਟ ਏਅਰਲਾਈਨ ਵਲੋਂ ਰੋਜ਼ਾਨਾ 6 ਉਡਾਣਾਂ ਦੀ ਸ਼ੁਰੂਆਤ ਤੋਂ ਬਾਅਦ ਇੱਕ ਮੀਟਿੰਗ ਦੌਰਾਨ ਗੋ ਫਸਟ ਏਅਰਲਾਈਨ ਦੇ ਅਧਿਕਾਰੀਆਂ ਨੂੰ ਪਿਛਲੇ ਸਾਲਾਂ ਦੇ ਅੰਕੜਿਆਂ ਸਮੇਤ ਅੰਮਿ੍ਰਤਸਰ-ਨਾਂਦੇੜ ਦਰਮਿਆਨ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਬੇਨਤੀ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਬੀ.ਆਰ.ਟੀ.ਐੱਸ. ਮੈਟਰੋ ਬੱਸ ਸੇਵਾ ਤੁਰੰਤ ਬਹਾਲ ਕਰਨ ਅਤੇ ਹਵਾਈ ਅੱਡੇ ਨੂੰ ਪੰਜਾਬ ਦੇ ਹੋਰ ਸ਼ਹਿਰਾਂ ਦੀ ਬੱਸ ਸੇਵਾ ਨਾਲ ਜੋੜਨ ਦੀ ਵੀ ਅਪੀਲ ਕੀਤੀ ਹੈ।

Share