ਅੰਮ੍ਰਿਤਸਰ, 2 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਦੁਆਰਾ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ‘ਤੇ ਸਖਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੀ ਭਗਵੰਤ ਮਾਨ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਇਸ ਬਿਆਨ ਵਿਚ ਸਾਰੇ ਦਸਤਾਰਧਾਰੀ ਸਿੱਖਾਂ ਨੂੰ ਚੋਰ ਕਿਹਾ ਹੈ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦਸਤਾਰ ਸਿੱਖ ਨੂੰ ਗੁਰੂ ਸਾਹਿਬ ਨੇ ਆਪ ਬਖਸ਼ਿਸ਼ ਕੀਤੀ ਹੈ ਅਤੇ ਸਿੱਖਾਂ ਨੇ ਦਸਤਾਰ ਦੀ ਸ਼ਾਨ ਲਈ ਅਨੇਕਾਂ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਧਰਮ ਦੇ ਚਿੰਨ੍ਹਾਂ ਦਾ ਨਿਰਾਦਰ ਕਰ ਰਹੇ ਹਨ, ਜੋ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਕਹਿਣਾ ਕਿ ਕੋਈ ਵੀ ਦਸਤਾਰਧਾਰੀ ਸਿੱਖ ਜਦੋਂ ਮੇਰਠ ਵਿਚ ਦਾਖਲ ਹੁੰਦਾ ਹੈ, ਤਾਂ ਉਸ ਨੂੰ ਘੋੜਿਆਂ ਦਾ ਚੋਰ ਸਮਝਿਆ ਜਾਂਦਾ ਹੈ, ਸਿੱਖਾਂ ਦੀ ਤੁਹੀਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਦਤ ਬਣ ਗਈ ਹੈ ਕਿ ਉਹ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਸੰਸਥਾਵਾਂ ‘ਤੇ ਟਿੱਪਣੀਆਂ ਕਰਨ ਦੇ ਨਾਲ ਸਿੱਖ ਪ੍ਰੰਪਰਾਵਾਂ ਤੇ ਸਿੱਖ ਚਿੰਨ੍ਹਾਂ ਬਾਰੇ ਵੀ ਤੰਜ ਕੱਸਦੇ ਹਨ। ਇਹ ਮੁੱਖ ਮੰਤਰੀ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਅਜਿਹੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜੀ ਤੋਂ ਗੁਰੇਜ ਕਰਨ ਲਈ ਕਿਹਾ, ਜੋ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੇ।