#PUNJAB

ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨਾ ਬੇਹੱਦ ਮੰਦਭਾਗਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਐਡਵੋਕੇਟ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਸੋਸ਼ਲ ਮੀਡੀਆ ‘ਤੇ ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸਾਂਝੀਆਂ ਕਰਨ ਕਰਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ, ਜੋ ਸਿੱਧੇ ਤੌਰ ‘ਤੇ ਮਨੁੱਖੀ ਅਧਿਕਾਰਾਂ ਅਤੇ ਵਿਚਾਰਾਂ ਦੀ ਆਜ਼ਾਦੀ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਤਰਕਸੰਗਤ ਨਹੀਂ ਹੈ ਕਿ ਕਿਸੇ ਵਿਅਕਤੀ ਨੂੰ ਕੋਈ ਜੁਰਮ ਕੀਤੇ ਬਿਨਾਂ ਗ੍ਰਿਫ਼ਤਾਰ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਬੀਤੇ ਦਿਨਾਂ ਤੱਕ ਅੰਮ੍ਰਿਤਪਾਲ ਸਿੰਘ ਇਥੇ ਹੀ ਵਿਚਾਰ ਪ੍ਰਗਟਾਅ ਰਿਹਾ ਸੀ, ਉਦੋਂ ਸਰਕਾਰ ਤੇ ਪੁਲਿਸ ਤੰਤਰ ਖਾਮੋਸ਼ ਸੀ, ਤਾਂ ਅੱਜ ਆਮ ਲੋਕਾਂ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਪੋਸਟਾਂ ਸਾਂਝੀਆਂ ਕਰਨ ਕਰਕੇ ਗ੍ਰਿਫ਼ਤਾਰ ਕਰਨਾ ਸਵਾਲ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਦੀ ਗ੍ਰਿਫ਼ਤਾਰੀ ਬੇਹੱਦ ਮੰਦਭਾਗੀ ਹੈ, ਜਿਸ ਪ੍ਰਤੀ ਸਰਕਾਰ ਨੂੰ ਸੰਜੀਦਗੀ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਰਾਜਦੀਪ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਅਜਿਹੀਆਂ ਕਾਰਵਾਈਆਂ ਨਾ ਕੀਤੀਆਂ ਜਾਣ, ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋਵੇ।

Leave a comment