ਅੰਮ੍ਰਿਤਸਰ, 26 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚਲਣ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਸਾਂਝੀਵਾਲਤਾ ਅਤੇ ਸੁਤੰਤਰਤਾ ਵਾਲੀ ਕ੍ਰਾਂਤੀਕਾਰੀ ਵਿਚਾਰਧਾਰਾ ਦੇ ਕੇ ਸੰਸਾਰ ਦਾ ਮਾਰਗ-ਦਰਸ਼ਨ ਕੀਤਾ। ਗੁਰੂ ਸਾਹਿਬ ਨੇ ਮਨੁੱਖ ਨੂੰ ਸਚਾਈ, ਨਿਮਰਤਾ, ਦਇਆ, ਸੇਵਾ, ਸਬਰ, ਸੰਤੋਖ, ਪਰਉਪਕਾਰ ਆਦਿ ਗੁਣਾਂ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ ਅਤੇ ਆਤਮ-ਨਿਰਭਰ ਤੇ ਸਵੈਮਾਣ ਵਾਲਾ ਜੀਵਨ ਜੀਣ ਦੇ ਯੋਗ ਬਣਾਇਆ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ਮਾਰਗ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ’ਤੇ ਆਧਾਰਤ ਹੈ, ਜਿਸ ਵਿਚ ਲੰਗਰ ਪ੍ਰਥਾ ਦੇ ਨਾਲ-ਨਾਲ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਹਨ ਜੋ ਮਨੁੱਖਤਾ ਨੂੰ ਸਦੀਵੀ ਸੇਧ ਦੇਣ ਵਾਲੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੀ ਵਿਸ਼ਵ ’ਚ ਵੱਸਦੀ ਸੰਗਤ ਨੂੰ ਹਾਰਦਿਕ ਵਧਾਈ ਦਿੰਦਿਆਂ ਮਾਨਵਤਾ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।