ਐਡੀਲੇਡ ਓਵਲ ਅੱਗੇ ਕਿਸਾਨ ਅੰਦੋਲਨ ਦੀ ਹਮਾਇਤ ’ਚ ਰੋਸ ਪ੍ਰਦਰਸ਼ਨ

651
ਐਡੀਲਡ ਓਵਲ ਅੱਗੇ ਭਾਰਤ ਦੇ ਕਿਸਾਨ ਅੰਦੋਲਨ ਦੀ ਹਮਾਇਤ ’ਚ ਕੀਤੇ ਪ੍ਰਦਰਸ਼ਨ ਦਾ ਦਿ੍ਰਸ਼।
Share

-ਭਾਰਤੀ ਨਿਊਜ਼ ਚੈਨਲਾਂ ਦੀ ਕਾਰਗੁਜ਼ਾਰੀ ਦੀ ਨਿੰਦਾ
ਐਡੀਲੇਡ, 19 ਦਸੰਬਰ (ਪੰਜਾਬ ਮੇਲ)- ਭਾਰਤ ਤੇ ਆਸਟਰੇਲੀਆ ਵਿਚਾਲੇ ਖੇਡੇ ਜਾ ਰਹੇ ਕਿ੍ਰਕਟ ਮੈਚ ਦੌਰਾਨ ਐਡੀਲੇਡ ਓਵਲ ਅੱਗੇ ਪੰਜਾਬੀ ਭਾਈਚਾਰੇ ਨੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਵਿਚ ਖ਼ਾਲਸਾ ਏਡ, ਸਿੱਖਜ਼ ਫਾਰ ਜਸਟਿਸ ਦੇ ਵਾਲੰਟੀਅਰ, ਰਾਜਸੀ, ਧਾਰਮਿਕ ਤੇ ਸਮਾਜਿਕ ਆਗੂਆਂ ਸਮੇਤ ਭਾਰਤੀ ਭਾਈਚਾਰੇ ਨੇ ਸ਼ਿਰਕਤ ਕੀਤੀ।
ਇਸ ਮੌਕੇ ਬੁਲਾਰਿਆਂ ਨੇ ਭਾਰਤ ਸਰਕਾਰ ਵੱਲੋਂ ਮੁਲਕ ’ਚ ਕਿਸਾਨਾਂ ਨਾਲ ਬਿਨਾਂ ਕਿਸੇ ਮਸ਼ਵਰੇ ਤੋਂ ਲਿਆਂਦੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਅਤੇ ਭਾਰਤ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਪ੍ਰਤੀ ਅਪਣਾਏ ਤਾਨਾਸ਼ਾਹੀ ਰਵੱਈਏ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਤੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਭਾਰਤੀ ਨਿਊਜ਼ ਚੈਨਲਾਂ ਵੱਲੋਂ ਕਿਸਾਨਾਂ ਦੀ ਆਵਾਜ਼ ਨੂੰ ਨਜ਼ਰਅੰਦਾਜ਼ ਕਰਕੇ ਅੰਦੋਲਨ ਨੂੰ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਦੀ ਵੀ ਨਿੰਦਾ ਕੀਤੀ। ਪ੍ਰਦਰਸ਼ਨਕਾਰੀਆਂ ਵਿਚ ਲੇਬਰ ਪਾਰਟੀ ਵੱਲੋਂ ਰਸਲ ਸੈਂਡਰਸਨ ਨੇ ਵੀ ਸ਼ਿਰਕਤ ਕੀਤੀ।
ਗੁਰਪ੍ਰੀਤ ਸਿੰਘ ਮਿਨਹਾਸ ਨੇ ਦੱਸਿਆ ਕਿ ਕਿ੍ਰਕਟ ਮੈਚ ਦੌਰਾਨ ਓਵਲ ਅੱਗੇ ਪ੍ਰਦਰਸ਼ਨ ਕਰਨ ਦਾ ਮੁੱਖ ਮੰਤਵ ਭਾਰਤੀ ਕਿਸਾਨਾਂ ਦੀਆਂ ਮੰਗਾਂ ਹੁਕਮਰਾਨਾਂ ਤੱਕ ਪਹੁੰਚਾਉਣਾ ਤੇ ਸਰਕਾਰ ’ਤੇ ਦਬਾਅ ਬਣਾਉਣ ਲਈ ਦਿੱਲੀ ’ਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੂੰ ਕੌਮਾਂਤਰੀ ਪੱਧਰ ਤੱਕ ਪਹੁੰਚਾਉਣਾ ਹੈ।

Share