ਐੱਨ.ਆਰ.ਆਈਜ਼ ਲਈ ਨਵੀਂ ਨੀਤੀ ਤਿਆਰ ਕਰਨ ਦਾ ਐਲਾਨ

119
Share

ਜਲੰਧਰ, 11 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਦੇ ਸਰਬਪੱਖੀ ਵਿਕਾਸ ਵਿਚ ਪ੍ਰਵਾਸੀ ਭਾਰਤੀਆਂ ਦੇ ਵਡਮੁੱਲੇ ਯੋਗਦਾਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਿਆਪਕ ਨੀਤੀ ਤਿਆਰ ਕਰਕੇ ਜਲਦੀ ਲਾਗੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨੀਤੀ ਦਾ ਖਰੜਾ ਅਗਲੇ ਦੋ ਹਫ਼ਤਿਆਂ ਵਿਚ ਤਿਆਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ ਅਤੇ ਉਨ੍ਹਾਂ ਦੇ ਕਾਨੂੰਨੀ ਕੇਸਾਂ ਸਮੇਤ ਹੋਰ ਮੁੱਦੇ ਆਉਣ ਵਾਲੀ ਨੀਤੀ ਦਾ ਮੁੱਖ ਵਿਸ਼ਾ ਹੋਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪ੍ਰਵਾਸੀ ਭਾਰਤੀਆਂ ਨਾਲ ਮਜ਼ਬੂਤ ਸੰਪਰਕ ਸਾਧਣ ’ਤੇ ਵੀ ਧਿਆਨ ਕੇਂਦਰਿਤ ਕਰੇਗੀ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਿਚ ਨੋਡਲ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ।

Share