#PUNJAB

ਐੱਨ.ਐੱਸ.ਏ. ਤਹਿਤ ਗ੍ਰਿਫ਼ਤਾਰ ਪਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ

-ਅੰਮ੍ਰਿਤਪਾਲ ਸਬੰਧੀ ਕੋਈ ਵੀ ਜਾਣਕਾਰੀ ਹੋਣ ਤੋਂ ਕੀਤਾ ਇਨਕਾਰ
– ‘ਕਲਸੀ ਨੂੰ ਢੁਕਵੀਂ ਕਾਨੂੰਨੀ ਪ੍ਰਕਿਰਿਆ ਤਹਿਤ ਹਿਰਾਸਤ ‘ਚ ਲਿਆ’
ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਮੇਲ)- ਪੰਜਾਬ ਪੁਲਿਸ ਵੱਲੋਂ ਕੌਮੀ ਸੁਰੱਖਿਆ ਐਕਟ (ਐੱਨ.ਐੱਸ.ਏ.) ਤਹਿਤ ਗ੍ਰਿਫ਼ਤਾਰ ਪਪਲਪ੍ਰੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ, ਜਿੱਥੇ ਪਹਿਲਾਂ ਹੀ ਅੱਠ ਸਿੱਖ ਨੌਜਵਾਨ ਐੱਨ.ਐੱਸ.ਏ. ਤਹਿਤ ਬੰਦ ਹਨ।
ਪਪਲਪ੍ਰੀਤ ਸਿੰਘ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਹੈ। ਉਹ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਦੇ ਨਾਲ ਰੂਪੋਸ਼ ਸੀ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਵਾਇਰਲ ਹੋਈਆਂ ਸਨ। ਪੰਜਾਬ ਪੁਲਿਸ ਨੇ ਉਸ ਨੂੰ ਇੱਥੇ ਕੱਥੂਨੰਗਲ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਦੀ ਟੀਮ ਉਸ ਨੂੰ ਹਵਾਈ ਜਹਾਜ਼ ਰਾਹੀਂ ਡਿਬਰੂਗੜ੍ਹ ਲਿਜਾਣ ਲਈ ਰਵਾਨਾ ਹੋਈ। ਉਨ੍ਹਾਂ ਨੇ ਇੱਥੋਂ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਉਡਾਣ ਭਰੀ।
ਇਸ ਦੌਰਾਨ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਪਪਲਪ੍ਰੀਤ ਨੇ ਦੱਸਿਆ ਕਿ ਅੰਮ੍ਰਿਤਪਾਲ ਤੇ ਉਹ 28 ਮਾਰਚ ਤੱਕ ਇਕੱਠੇ ਸਨ ਅਤੇ ਫਿਰ ਵੱਖ ਹੋ ਗਏ। ਅੰਮ੍ਰਿਤਪਾਲ ਦੀ ਮੌਜੂਦਾ ਸਥਿਤੀ ਬਾਰੇ ਉਸ ਨੂੰ ਕੋਈ ਜਾਣਕਾਰੀ ਨਹੀਂ ਹੈ। ਅੰਮ੍ਰਿਤਪਾਲ ਸਿੰਘ ਦੇ ਆਤਮ-ਸਮਰਪਣ ਬਾਰੇ ਪੁੱਛਣ ‘ਤੇ ਪਪਲਪ੍ਰੀਤ ਨੇ ਕਿਹਾ ਕਿ ਇਹ ਉਸ ‘ਤੇ ਨਿਰਭਰ ਹੈ, ਇਸ ਸਬੰਧੀ ਉਸ ਨਾਲ ਕੋਈ ਗੱਲ ਨਹੀਂ ਹੋਈ। ਪਪਲਪ੍ਰੀਤ ਸਿੰਘ (40) ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਰੜੀ ਦਾ ਵਸਨੀਕ ਹੈ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀ ਪਤਨੀ ਨੇ ਉਸ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕੇਸ ਦਰਜ ਕਰਨ ਦਾ ਵਿਰੋਧ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਉਸ ਨੇ ਦੇਸ਼ ਵਿਰੋਧੀ ਕੋਈ ਕੰਮ ਨਹੀਂ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲਾਂ ਦੀ ਤਿੰਨ ਮੈਂਬਰੀ ਟੀਮ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨੂੰ ਮਿਲ ਕੇ ਆਈ ਹੈ। ਇਸ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਟੀਮ ਵੱਲੋਂ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਤੋਂ ਮਨਜ਼ੂਰੀ ਲੈਣ ਮਗਰੋਂ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਹ ਸਾਰੇ ਠੀਕ ਹਨ।
ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਕੌਮੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਤਹਿਤ ਹਿਰਾਸਤ ਵਿਚ ਲਿਆ ਗਿਆ ਅੰਮ੍ਰਿਤਪਾਲ ਸਿੰਘ ਦਾ ਨੇੜਲਾ ਸਾਥੀ ਦਲਜੀਤ ਸਿੰਘ ਕਲਸੀ ਵੱਖਰੇ ਖਾਲਿਸਤਾਨ ਲਈ ਕੱਟੜ ਵੱਖਵਾਦੀ ਵਿਚਾਰਧਾਰਾ ਦੇ ਪਾਸਾਰ ਵਿਚ ਮਦਦ ਕਰ ਰਿਹਾ ਸੀ ਅਤੇ ਦੇਸ਼ ਖ਼ਿਲਾਫ਼ ਜੰਗ ਛੇੜ ਰਿਹਾ ਸੀ। ਕਲਸੀ ਨੂੰ ਐੱਨ.ਐੱਸ.ਏ. ਤਹਿਤ ਹਿਰਾਸਤ ਵਿਚ ਲਿਆ ਗਿਆ ਹੈ। ਹਾਈ ਕੋਰਟ ਵਿਚ ਪੇਸ਼ ਹਲਫ਼ਨਾਮੇ ਵਿਚ ਸਰਕਾਰ ਨੇ ਕਿਹਾ ਕਿ ਸਰਬਜੀਤ ਉਰਫ਼ ਦਲਜੀਤ ਸਿੰਘ ਕਲਸੀ ਨੂੰ ਐੱਨ.ਐੱਸ.ਏ. ਤਹਿਤ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਸ ਨੂੰ ਗ਼ੈਰਕਾਨੂੰਨੀ ਤੌਰ ‘ਤੇ ਰੱਖਣ ਦਾ ਦੋਸ਼ ਬੇਬੁਨਿਆਦ ਹੈ ਅਤੇ ਇਸ ਵਿਚ ਕੋਈ ਸੱਚਾਈ ਨਹੀਂ ਹੈ। ਸਰਕਾਰ ਨੇ ਕਿਹਾ ਕਿ ਉਸ ਨੂੰ ਕਾਨੂੰਨ ਦੀ ਢੁੱਕਵੀਂ ਪ੍ਰਕਿਰਿਆ ਦਾ ਪਾਲਣ ਕਰਦਿਆਂ ਹਿਰਾਸਤ ਵਿਚ ਲਿਆ ਗਿਆ ਹੈ। ਅਦਾਲਤ ਕਲਸੀ ਦੀ ਪਤਨੀ ਤੇ ਹੋਰਾਂ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨਰਾਂ ਵੱਲੋਂ ਦੋਸ਼ ਲਾਇਆ ਗਿਆ ਕਿ ਕਲਸੀ ਨੂੰ ਪੰਜਾਬ ਪੁਲਿਸ ਨੇ ਗ਼ੈਰਕਾਨੂੰਨੀ ਕੈਦ ਵਿਚ ਰੱਖਿਆ ਹੈ ਅਤੇ ਬਿਨਾਂ ਕਾਨੂੰਨੀ ਕਾਰਨ ਅਤੇ ਢੁੱਕਵੀਂ ਪ੍ਰਕਿਰਿਆ ਦੇ ਅਸਾਮ ਵਿਚ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿਚ ਭੇਜ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਮਾਮਲੇ ਵਿਚ ਐੱਨ.ਐੱਸ.ਏ. ਤਹਿਤ ਹੋਰ ਬੰਦੀਆਂ ਦੇ ਰਿਸ਼ਤੇਦਾਰਾਂ ਨੇ ਵੀ ਨਜ਼ਰਬੰਦੀ ਦੇ ਆਦੇਸ਼ਾਂ ਨੂੰ ਰੱਦ ਕਰਨ ਲਈ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ 18 ਮਾਰਚ ਨੂੰ ਸ਼ੁਰੂ ਹੋਈ ਪੁਲਿਸ ਕਾਰਵਾਈ ਦੌਰਾਨ ਇਨ੍ਹਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਕਲਸੀ ਦੀ ਪਤਨੀ ਵੱਲੋਂ ਪੇਸ਼ ਵਕੀਲ ਸਿਮਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਪਟੀਸ਼ਨ ‘ਤੇ ਆਪਣਾ ਜਵਾਬ ਦਾਖ਼ਲ ਕੀਤਾ ਹੈ, ਜਦਕਿ ਕੇਂਦਰ ਸਰਕਾਰ ਨੇ ਜਵਾਬ ਦਾਖ਼ਲ ਕਰਨ ਲਈ ਸਮਾਂ ਮੰਗਿਆ ਹੈ। ਅਗਲੀ ਸੁਣਵਾਈ 24 ਅਪ੍ਰੈਲ ਨੂੰ ਹੋਵੇਗੀ।

Leave a comment