ਅੰਮ੍ਰਿਤਸਰ ਦੀ ਡੀ.ਸੀ. ਨੇ ਐੱਨ.ਐੱਸ.ਏ. ਵਧਾਉਣ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ
ਚੰਡੀਗੜ੍ਹ, 21 ਅਪ੍ਰੈਲ (ਪੰਜਾਬ ਮੇਲ)- ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਕੌਮੀ ਸੁਰੱਖਿਆ ਐਕਟ (ਐੱਨ.ਐੱਸ.ਏ.) ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਵਾਧੇ ਵਾਲੇ ਪੱਤਰ ਦੀ ਕਾਪੀ 18 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਅੰਮ੍ਰਿਤਸਰ ਦੀ ਡੀ.ਸੀ. ਸਾਕਸ਼ੀ ਸਾਹਨੀ ਨੇ ਇਸ ਵਾਧੇ ਲਈ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੱਤਾ ਹੈ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਹਿਰਾਸਤ ਵਿਚ ਹੈ। ਉਸ ਨੇ ਹਿਰਾਸਤ ਵਿਚ ਰਹਿੰਦਿਆਂ ਹੀ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਹਲਕੇ ਤੋਂ ਭਾਰੀ ਬਹੁਮਤ ਨਾਲ ਜੋਣ ਜਿੱਤੀ ਸੀ। ਕਾਬਿਲੇਗੌਰ ਹੈ ਕਿ ਪਿਛਲੇ ਦਿਨਾਂ ਵਿਚ ਅੰਮ੍ਰਿਤਪਾਲ ਸਿੰਘ ਦੇ ਬਾਕੀ ਸਾਥੀਆਂ ‘ਤੇ ਐੱਨ.ਐੱਸ.ਏ. ਹਟਾਉਣ ਮਗਰੋਂ ਇਨ੍ਹਾਂ ਨੂੰ ਪੰਜਾਬ ਦੀ ਅਜਨਾਲਾ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਪੱਪਲਪ੍ਰੀਤ ਸਿੰਘ, ਬਸੰਤ ਸਿੰਘ, ਭਗਵੰਤ ਸਿੰਘ ਬਾਜਾਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ ਤੇ ਅਮਨਪ੍ਰੀਤ ਸਿੰਘ ਅਮਨਾ ਖਿਲਾਫ਼ ਅਜਨਾਲਾ ਥਾਣੇ ਉੱਤੇ ਹਮਲੇ ਨਾਲ ਸਬੰਧਤ ਕੇਸ ਵਿਚ ਕਾਰਵਾਈ ਜਾਰੀ ਹੈ।
ਐੱਨ.ਐੱਸ.ਏ. ਦੀ ਮਿਆਦ ‘ਚ ਵਾਧੇ ਵਾਲੀ ਕਾਪੀ ਅੰਮ੍ਰਿਤਪਾਲ ਸਿੰਘ ਨੂੰ ਸੌਂਪੀ
