ਅੰਮ੍ਰਿਤਸਰ, 9 ਨਵੰਬਰ (ਪੰਜਾਬ ਮੇਲ)- ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਨੇ ਭਾਰਤ ਸਰਕਾਰ ਦੇ ਕ੍ਰਿਪਾਨ ਪਾਬੰਦੀ ਦੇ ਹੁਕਮਾਂ ਦੇ ਵਿਰੋਧ ਵਿਚ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡੇ ਬੰਦ ਕਰਨ ਦੀ ਧਮਕੀ ਦਿੱਤੀ ਹੈ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਇਸ ਵਿਚ ਸ਼ਾਮਲ ਹੋਣ ਲਈ ਉਕਸਾਇਆ ਗਿਆ ਹੈ। ਜਥੇਬੰਦੀ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਲੋਕਾਂ ਨੂੰ 17 ਨਵੰਬਰ ਨੂੰ ਅੰਮ੍ਰਿਤਸਰ ਅਤੇ ਚੰਡੀਗੜ੍ਹ ਹਵਾਈ ਅੱਡਿਆਂ ‘ਤੇ ਨਾ ਜਾਣ ਲਈ ਕਿਹਾ ਹੈ। ਉਸ ਨੇ ਕਿਹਾ ਹੈ ਕਿ ਐੱਸ.ਐੱਫ.ਜੇ. ਦੇ ਜਨਰਲ ਕੌਂਸਲ ਨੇ ਪੰਜਾਬ ਦੇ ਨੌਜਵਾਨਾਂ ਨੂੰ ਹਵਾਈ ਅੱਡਿਆਂ ਨੂੰ ਬੰਦ ਕਰਨ ਲਈ ਸੜਕਾਂ ‘ਤੇ ਟਰੈਕਟਰਾਂ ਅਤੇ ਹਵਾ ਵਿਚ ਡਰੋਨਾਂ ਦੀ ਵਰਤੋਂ ਕਰਨ ਲਈ ਕਿਹਾ ਹੈ।
ਉਸ ਨੇ ਕਿਹਾ ਕਿ ਇਹ ਇਸ ਲਈ ਕੀਤਾ ਜਾ ਰਿਹਾ ਹੈ, ਤਾਂ ਕਿ ਭਾਰਤ ਸਰਕਾਰ ਦੇ ਤਹਿਤ ਸਿੱਖ ਭਾਈਚਾਰੇ ਲਈ ਕੌਮ ਦੀ ਹੋਂਦ ਨੂੰ ਖਤਰੇ ਦਾ ਕੌਮਾਂਤਰੀਕਰਨ ਕੀਤਾ ਜਾ ਸਕੇ। ਇਸ ਦੇ ਨਾਲ ਹੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ, ਜਿਸ ਵਿਚ ਪੰਨੂ ਨੇ ਕਿਹਾ ਹੈ ਕਿ ਅੱਜ ਸਰਕਾਰ ਕ੍ਰਿਪਾਨ ‘ਤੇ ਪਾਬੰਦੀ ਲਗਾ ਰਹੀ ਹੈ, ਕੱਲ੍ਹ ਦਸਤਾਰ ‘ਤੇ ਪਾਬੰਦੀ ਲਗਾਵੇਗੀ, ਫਿਰ ਸਿਰੀ ਸਾਹਿਬ ‘ਤੇ ਪਾਬੰਦੀ ਲਗਾਵੇਗੀ। ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਸਮੇਤ ਆਦਮਪੁਰ ਹਵਾਈ ਅੱਡਿਆਂ ਦੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਸੁਰੱਖਿਆ ਏਜੰਸੀਆਂ ਨਾਲ ਮੀਟਿੰਗ ਕਰਕੇ ਯਾਤਰੀਆਂ ਅਤੇ ਹਵਾਈ ਅੱਡਿਆਂ ਦੀ ਸੁਰੱਖਿਆ ਨੂੰ ਹੋਰ ਸਖ਼ਤ ਕਰਨ ਦੇ ਪ੍ਰਬੰਧ ਕੀਤੇ ਹਨ।
ਇਸ ਸਬੰਧੀ ਵਿਚ ਏਅਰਪੋਰਟ ਡਾਇਰੈਕਟਰ ਸੰਦੀਪ ਅਗਰਵਾਲ ਨੇ ਕਿਹਾ ਕਿ ਏਅਰਪੋਰਟ ‘ਤੇ ਵਿਆਪਕ ਸੁਰੱਖਿਆ ਪ੍ਰਬੰਧ ਹਨ। ਸਾਰੇ ਪਾਸੇ ਹਾਈ ਅਲਰਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਐੱਸ.ਐੱਫ. ਦੇ ਜਵਾਨਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।
ਦੂਜੇ ਪਾਸੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦੀ ਸੁਰੱਖਿਆ ਨੂੰ ਵੀ ਲੈ ਕੇ ਪ੍ਰਸ਼ਾਸਨ ਗੰਭੀਰ ਦਿਖਾਈ ਦੇ ਰਿਹਾ ਹੈ। ਹਵਾਈ ਅੱਡੇ ਦੇ ਡਾਇਰੈਕਟਰ ਪੁਸ਼ਪੇਂਦਰ ਕੁਮਾਰ ਨਿਰਾਲਾ ਨੇ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਦੇ 100 ਤੋਂ ਵੱਧ ਸੁਰੱਖਿਆ ਮੁਲਾਜ਼ਮ ਤਾਇਨਾਤ ਹਨ, ਜੋ ਹਰ ਸਮੇਂ ਚੌਕਸ ਰਹਿੰਦੇ ਹਨ ਅਤੇ ਹਰ ਯਾਤਰੀ ਅਤੇ ਉਨ੍ਹਾਂ ਦੇ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ। ਨਿਰਾਲਾ ਨੇ ਕਿਹਾ ਕਿ ਇੱਥੇ ਹਰ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਂਦੀ ਹੈ। ਹਰ ਜਗ੍ਹਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਂਦੀ ਹੈ, ਤਾਂ ਜੋ ਹਵਾਈ ਅੱਡੇ ‘ਤੇ ਕੋਈ ਵੀ ਸ਼ੱਕੀ ਚੀਜ਼ ਨਾ ਆਵੇ। ਇਸ ਤਰ੍ਹਾਂ, ਆਦਮਪੁਰ ਹਵਾਈ ਅੱਡਾ ਆਪਣੇ ਯਾਤਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।