#PUNJAB

ਐੱਸ.ਜੀ.ਪੀ.ਸੀ. ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

ਅੰਮ੍ਰਿਤਸਰ, 24 ਅਕਤੂਬਰ (ਪੰਜਾਬ ਮੇਲ)- ਐੱਸ.ਜੀ.ਪੀ.ਸੀ. ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਹੈ। ਹਰਜਿੰਦਰ ਸਿੰਘ ਧਾਮੀ ਦਾ ਮੁਕਾਬਲਾ ਪਿਛਲੀ ਵਾਰ ਵਾਂਗ ਬੀਬੀ ਜਗੀਰ ਕੌਰ ਨਾਲ ਹੋਵੇਗਾ। ਇਸ ਦੀ ਜਾਣਕਾਰੀ ਅਕਾਲੀ ਆਗੂ ਡਾ. ਦਲਜੀਤ ਚੀਮਾ ਨੇ ਆਪਣੇ ਐਕਸ ਅਕਾਊਂਟ ਰਾਹੀਂ ਸਾਂਝੀ ਕੀਤੀ ਹੈ। ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਇਕ ਤੋਂ ਬਾਅਦ ਇਕ ਮੀਟਿੰਗਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਐਲਾਨ ਦਿੱਤਾ ਹੈ।
ਇਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਧਾਮੀ ਨੇ ਟਵੀਟ ਸਾਂਝਾ ਕਰਦਿਆਂ ਲਿਖਿਆ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਅਹੁਦੇਦਾਰਾਂ ਦੀ 28 ਅਕਤੂਬਰ 2024 ਨੂੰ ਹੋ ਰਹੀ ਸਾਲਾਨਾ ਚੋਣ ਵਾਸਤੇ ਪ੍ਰਧਾਨਗੀ ਪਦ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਸ ਦਾ ਨਾਮ ਉਮੀਦਵਾਰ ਵਜੋਂ ਐਲਾਨ ਕਰਨ ‘ਤੇ ਮੈਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ। ਬੀਤੇ ਤਿੰਨ ਸਾਲਾਂ ਦੌਰਾਨ ਇਸ ਸੇਵਾ ਨੂੰ ਨਿਭਾਉਂਦਿਆਂ ਮੈਂ ਹਮੇਸ਼ਾ ਗੁਰੂ ਸਾਹਿਬ ਦੀ ਭੈਅ ਭਾਵਨੀ ‘ਚ ਰਹਿ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਨ ਦੀ ਨਿਮਾਣੀ ਕੋਸ਼ਿਸ਼ ਕੀਤੀ ਹੈ। ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਭਵਿੱਖ ਅੰਦਰ ਵੀ ਆਪਣੀ ਕਿਰਪਾ ਬਣਾਈ ਰੱਖਣਗੇ।