ਤਪਾ ਮੰਡੀ, 22 ਮਾਰਚ (ਪੰਜਾਬ ਮੇਲ)- ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਸਮੂਹ ਸੰਗਤ ਨੂੰ ਕੋਰੋਨਾਵਾਇਰਸ ਸਬੰਧੀ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੰਸਾਰ ਵਿਚ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਚੱਲ ਰਹੀ ਹੈ, ਜਿਸ ਕਰਕੇ ਸਾਨੂੰ ਭਾਰਤ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਭਿਆਨਕ ਬੀਮਾਰੀ ਤੋਂ ਬਚਣ ਲਈ ਸਾਨੂੰ ਸਰਕਾਰ ਦਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਜੋ ਇਸ ਸੰਸਾਰ ਵਿਚ ਚੱਲ ਰਹੀ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਵਲੋਂ ਸਾਰੇ ਗੁਰਦੁਆਰਾ ਸਾਹਿਬਾਨਾਂ ਵਿਚ ਕੋਰੋਨਾਵਾਇਰਸ ਦੀ ਭਿਆਨਕ ਮਾਰ ਤੋਂ ਛੁਟਕਾਰਾ ਪਾਉਣ ਲਈ ਅਖੰਡ ਪਾਠ ਸਾਹਿਬ ਕਰਵਾ ਕੇ ਮਨੁੱਖਤਾ ਦੇ ਭਲੇ ਲਈ ਅਰਦਾਸ ਕਰਵਾਈ ਜਾ ਰਹੀ ਹੈ। ਉਨ੍ਹਾਂ ਸਮੂਹ ਸੰਗਤ ਨੂੰ ਬੇਨਤੀ ਕਰਦੇ ਕਿਹਾ ਕਿ ਵਾਇਰਸ ਤੋਂ ਬਚਣ ਲਈ ਸਾਨੂੰ ਸਭ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ। ਐੱਸ.ਜੀ.ਪੀ.ਸੀ. ਵਲੋਂ ਸਾਰੇ ਗੁਰਦੁਆਰਾ ਸਾਹਿਬਾਨਾਂ ‘ਚ ਸ਼ਰਧਾਲੂਆਂ ਲਈ ਵੱਖੋ-ਵੱਖਰੀਆਂ ਡਾਕਟਰੀ ਟੀਮਾਂ ਰਾਹੀ ਮੈਡੀਕਲ ਸੇਵਾਵਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵਾਇਰਸ ਦੇ ਕਾਰਨ ਐੱਸ.ਜੀ.ਪੀ.ਸੀ.ਦੇ ਸਾਰੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ ਤਾਂ ਜੋ ਇਸ ‘ਤੇ ਰੋਕ ਲੱਗ ਸਕੇ।