#PUNJAB

ਐੱਸ.ਟੀ.ਐੱਫ. ਨੇ ਅਦਾਲਤ ਤੋਂ ਬਰਖਾਸਤ ਏ.ਆਈ.ਜੀ. ਰਾਜਜੀਤ ਦਾ ਗ੍ਰਿਫ਼ਤਾਰੀ ਵਾਰੰਟ ਕੀਤਾ ਹਾਸਲ

* ਬਰਖਾਸਤ ਪੁਲਿਸ ਅਧਿਕਾਰੀ ਨੂੰ ਅਦਾਲਤੀ ਭਗੌੜਾ ਕਰਾਰ ਦੇਣ ਦੀ ਪ੍ਰਕਿਰਿਆ ਸ਼ੁਰੂ
ਚੰਡੀਗੜ੍ਹ, 4 ਮਈ (ਪੰਜਾਬ ਮੇਲ)- ਪੰਜਾਬ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨੇ ਬਰਖਾਸਤ ਏ.ਆਈ.ਜੀ. ਰਾਜਜੀਤ ਸਿੰਘ ਵਿਰੁੱਧ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਐੱਸ.ਟੀ.ਐੱਫ. ਨੂੰ ਬਰਖਾਸਤ ਪੁਲਿਸ ਅਧਿਕਾਰੀ ਰਾਜਜੀਤ ਸਿੰਘ ਦਾ ਥਹੁ-ਪਤਾ ਲਗਾਉਣ ‘ਚ ਕੋਈ ਵੀ ਕਾਮਯਾਬੀ ਨਹੀਂ ਮਿਲੀ ਹੈ। ਸਾਬਕਾ ਐੱਸ.ਐੱਸ.ਪੀ. ਦੀ ਤਲਾਸ਼ ‘ਚ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ‘ਚ ਪੁਲਿਸ ਦੀਆਂ ਟੀਮਾਂ ਵੱਲੋਂ ਲਗਾਤਾਰ ਛਾਪੇ ਮਾਰੇ ਗਏ ਪਰ ਰਾਜਜੀਤ ਸਿੰਘ ਦੇ ਰੂਪੋਸ਼ ਰਹਿਣ ਕਰਕੇ ਕੋਈ ਵੀ ਪੁਖ਼ਤਾ ਜਾਣਕਾਰੀ ਹੱਥ ਨਹੀਂ ਲੱਗੀ ਹੈ। ਐੱਸ.ਟੀ.ਐੱਫ. ਨੇ ਮੁਹਾਲੀ ਦੀ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਹਾਸਲ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਤੋਂ ਬਾਅਦ ਰਾਜਜੀਤ ਨੂੰ ਅਦਾਲਤ ਵਿਚ ਭਗੌੜਾ ਕਰਾਰ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਰਾਜਜੀਤ ਸਿੰਘ ਐੱਸ.ਐੱਚ.ਓ. ਤੋਂ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਦੇ ਅਹੁਦੇ ਤੱਕ ਰਿਹਾ ਹੈ ਅਤੇ ਪੁਲਿਸ ਤੋਂ ਕਿਵੇਂ ਬਚਾਅ ਕਰਨਾ ਹੈ, ਇਸ ਗੱਲ ਬਾਰੇ ਉਸ ਨੂੰ ਪੂਰੀ ਜਾਣਕਾਰੀ ਹੈ। ਇਹੀ ਕਾਰਨ ਹੈ ਕਿ ਰਾਜਜੀਤ ਸਿੰਘ ਨੂੰ ਜਦੋਂ ਐੱਸ.ਟੀ.ਐੱਫ. ਨੇ ਨਾਮਜ਼ਦ ਕੀਤਾ ਸੀ ਤਾਂ ਉਸ ਤੋਂ ਕੁੱਝ ਦਿਨ ਪਹਿਲਾਂ ਹੀ ਮੋਬਾਈਲ ਫੋਨ ਬੰਦ ਹੋ ਗਏ ਸਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਪੰਜਾਬ ਪੁਲਿਸ ਦੇ ਵਿਵਾਦਿਤ ਅਧਿਕਾਰੀ ਰਾਜਜੀਤ ਸਿੰਘ ਨੂੰ 17 ਅਪ੍ਰੈਲ ਨੂੰ ਬਰਖਾਸਤ ਕਰਨ ਦੇ ਹੁਕਮ ਜਾਰੀ ਕਰਦਿਆਂ ਨਸ਼ਾ ਤਸਕਰੀ ਦੇ ਮਾਮਲੇ ਵਿਚ ਨਾਮਜ਼ਦ ਕਰਨ ਦੇ ਹੁਕਮ ਦਿੱਤੇ ਸਨ।
ਐੱਸ.ਟੀ.ਐੱਫ. ਨੇ ਇਨ੍ਹਾਂ ਹੁਕਮਾਂ ‘ਤੇ ਕਾਰਵਾਈ ਕਰਦਿਆਂ ਅਗਲੇ ਹੀ ਦਿਨ ਬਰਖਾਸਤ ਪੁਲਿਸ ਅਧਿਕਾਰੀ ਨੂੰ ਧਾਰਾ 120 ਬੀ, 218 ਅਤੇ 384 ਸਮੇਤ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 59 ਅਤੇ 39 ਤਹਿਤ ਨਾਮਜ਼ਦ ਕੀਤਾ ਸੀ। ਇਹ ਧਾਰਾਵਾਂ ਸੇਵਾਮੁਕਤ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਦੀ ਅਗਵਾਈ ਹੇਠਲੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਆਪਣੀਆਂ ਰਿਪੋਰਟਾਂ ‘ਚ ਉਠਾਏ ਗਏ ਨੁਕਤਿਆਂ ਦੇ ਆਧਾਰ ‘ਤੇ ਲਾਈਆਂ ਗਈਆਂ ਹਨ।
ਰਾਜਜੀਤ ਸਿੰਘ ਨੂੰ ਐੱਸ.ਟੀ.ਐੱਫ. ਦੇ ਤਤਕਾਲੀ ਮੁਖੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਇੰਸਪੈਕਟਰ (ਬਰਖਾਸਤ) ਇੰਦਰਜੀਤ ਸਿੰਘ ਵਿਰੁੱਧ ਨਸ਼ਿਆਂ ਦੀ ਤਸਕਰੀ ਦੇ ਦਰਜ ਮਾਮਲੇ ਵਿਚ ਵੀ ਨਾਮਜ਼ਦ ਕੀਤਾ ਗਿਆ ਹੈ। ਸਿਟ ਦੀਆਂ ਰਿਪੋਰਟਾਂ ਮੁਤਾਬਕ ਬੇਕਸੂਰ ਲੋਕਾਂ ਨੂੰ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਵਿਚ ਫਸਾ ਕੇ ਫਿਰੌਤੀਆਂ ਵਸੂਲੀਆਂ ਜਾਂਦੀਆਂ ਸਨ। ਸਿਟ ਵੱਲੋਂ ਰਾਜਜੀਤ ਸਿੰਘ ਤੋਂ ਬਿਨਾਂ ਕਿਸੇ ਹੋਰ ਪੁਲਿਸ ਅਧਿਕਾਰੀ ਦੇ ਨਾਂ ਦਾ ਹਵਾਲਾ ਆਪਣੀਆਂ ਰਿਪੋਰਟਾਂ ਵਿਚ ਨਹੀਂ ਦਿੱਤਾ ਗਿਆ ਹੈ ਪਰ ਇਹ ਜ਼ਰੂਰ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ ਅਗਲੇਰੀ ਜਾਂਚ ਦੀ ਜ਼ਰੂਰਤ ਹੈ। ਐੱਸ.ਟੀ.ਐੱਫ. ਨੇ ਸਾਬਕਾ ਐੱਸ.ਐੱਸ.ਪੀ. ਦੇ ਨੌਕਰਾਂ ਅਤੇ ਪਰਿਵਾਰਕ ਮੈਂਬਰਾਂ ਤੋਂ ਵੀ ਜਾਣਕਾਰੀ ਹਾਸਲ ਕਰਨੀ ਚਾਹੀ ਪਰ ਕੁੱਝ ਵੀ ਪੱਲੇ ਨਹੀਂ ਪਿਆ। ਐੱਸ.ਟੀ.ਐੱਫ. ਨੇ ਬਰਖਾਸਤ ਪੁਲਿਸ ਅਧਿਕਾਰੀ ਸਬੰਧੀ ਦੇਸ਼ ਦੇ ਸਾਰੇ ਹਵਾਈ ਅੱਡਿਆਂ ਨੂੰ ਸੂਚਿਤ ਕਰਦਿਆਂ ਐੱਲ.ਓ.ਸੀ. ਵੀ ਜਾਰੀ ਕਰ ਦਿੱਤਾ ਸੀ ਪਰ ਉਸ ਦੇ ਵਿਦੇਸ਼ ਉਡਾਰੀ ਮਾਰਨ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

Leave a comment