ਐੱਸ.ਵਾਈ.ਐੱਲ. ਮੁੱਦਾ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਰੱਖਦੈ ਸਮਰੱਥਾ : ਕੈਪਟਨ

590
ਵੀਡੀਓ ਕਾਨਫਰੰਸ 'ਚ ਹਾਜ਼ਰ ਮੰਤਰੀ।
Share

ਕੇਂਦਰੀ ਮੰਤਰੀ ਨਾਲ ਵੀਡੀਓ ਕਾਨਫਰੰਸ ‘ਚ ਪਾਣੀ ਦੀ ਉਪਲਬਧਤਾ ਦਾ ਪਤਾ ਲਾਉਣ ਲਈ ਟ੍ਰਿਬਿਊਨਲ ਦੀ ਮੰਗ ਦੁਹਰਾਈ

ਚੰਡੀਗੜ੍ਹ, 19 ਅਗਸਤ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ (ਐੱਸ.ਵਾਈ.ਐੱਲ.) ਦੇ ਮੁੱਦੇ ‘ਤੇ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਮੁੱਦਾ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੀ ਸਮਰੱਥਾ ਰੱਖਦਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀਡੀਓ ਕਾਨਫਰੰਸ ਮੀਟਿੰਗ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕਿਹਾ ਕਿ ‘ਤੁਸੀਂ ਇਸ ਮਾਮਲੇ ਨੂੰ ਕੌਮੀ ਸੁਰੱਖਿਆ ਦੇ ਨਜ਼ਰੀਏ ਤੋਂ ਦੇਖੋ। ਜੇ ਤੁਸੀਂ ਐੱਸ.ਵਾਈ.ਐੱਲ. ਨਾਲ ਅੱਗੇ ਵਧਣ ਦਾ ਫ਼ੈਸਲਾ ਕੀਤਾ, ਤਾਂ ਪੰਜਾਬ ਵਿਚ ਸਥਿਤੀ ਵਿਗੜੇਗੀ ਅਤੇ ਇਹ ਕੌਮੀ ਸਮੱਸਿਆ ਬਣ ਜਾਵੇਗੀ, ਜਿਸ ਨਾਲ ਹਰਿਆਣਾ ਤੇ ਰਾਜਸਥਾਨ ਵੀ ਪ੍ਰਭਾਵਿਤ ਹੋਣਗੇ।’ ਮੁੱਖ ਮੰਤਰੀ ਨੇ ਬਾਅਦ ਵਿਚ ਮੀਟਿੰਗ ਨੂੰ ‘ਸਕਾਰਾਤਮਕ ਤੇ ਦੋਸਤਾਨਾ’ ਮਾਹੌਲ ਵਿਚ ਹੋਈ ਦੱਸਦਿਆਂ ਕਿਹਾ ਕਿ ਕੇਂਦਰੀ ਮੰਤਰੀ ਪੰਜਾਬ ਦੇ ਨਜ਼ਰੀਏ ਨੂੰ ਸਮਝਦੇ ਹਨ। ਮੁੱਖ ਮੰਤਰੀ ਨੇ ਤੈਅ ਸਮੇਂ ਅੰਦਰ ਪਾਣੀ ਦੀ ਉਪਲੱਬਧਤਾ ਦਾ ਤਾਜ਼ਾ ਮੁਲਾਂਕਣ ਕਰਨ ਲਈ ਟ੍ਰਿਬਿਊਨਲ ਦੀ ਜ਼ਰੂਰਤ ਦੁਹਾਉਂਦਿਆਂ ਨਾਲ ਹੀ ਮੰਗ ਕੀਤੀ ਕਿ ਉਨ੍ਹਾਂ ਦੇ ਸੂਬੇ ਨੂੰ ਯਮੁਨਾ ਨਦੀ ਸਣੇ ਉਪਲਬਧ ਕੁੱਲ ਸਰੋਤਾਂ ਵਿਚੋਂ ਪੂਰਾ ਹਿੱਸਾ ਮਿਲਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਣੀ ਦੀ ਉਪਲਬਧਤਾ ਲਈ ਸਹੀ ਅਦਾਲਤੀ ਹੁਕਮ ਲੈਣ ਲਈ ਇਹ ਜ਼ਰੂਰੀ ਹੈ ਕਿ ਟ੍ਰਿਬਿਊਨਲ ਬਣਾਇਆ ਜਾਵੇ। ਉਨ੍ਹਾਂ ਕਿਹਾ ਇਰਾਡੀ ਕਮਿਸ਼ਨ ਵੱਲੋਂ ਤਜਵੀਜ਼ਤ ਪਾਣੀ ਦੀ ਵੰਡ 40 ਸਾਲ ਪੁਰਾਣੀ ਹੈ ਜਦੋਂ ਕਿ ਕੌਮਾਂਤਰੀ ਨਿਯਮਾਂ ਅਨੁਸਾਰ ਸਥਿਤੀ ਦਾ ਪਤਾ ਲਗਾਉਣ ਲਈ ਹਰੇਕ 25 ਸਾਲਾਂ ਬਾਅਦ ਨਜ਼ਰਸਾਨੀ ਕਰਨੀ ਜ਼ਰੂਰੀ ਹੈ।
ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਬਾਰੇ ਹੋਈ ਬੈਠਕ ‘ਚ ਕੇਂਦਰ, ਹਰਿਆਣਾ ਤੇ ਪੰਜਾਬ ਸਰਕਾਰਾਂ ਨੇ ਹਿੱਸਾ ਲਿਆ। ਗੱਲਬਾਤ ਦਾ ਦੂਜਾ ਦੌਰ ਇਕ ਹਫ਼ਤੇ ਬਾਅਦ ਹੋਵੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਗੱਲਬਾਤ ਖੁੱਲ੍ਹੇ ਮਨ ਨਾਲ ਹੋਈ ਹੈ ਤੇ ਸਤਲੁਜ-ਯਮੁਨਾ ਲਿੰਕ ਨਹਿਰ ਦਾ ਨਿਰਮਾਣ ਕੀਤਾ ਜਾਣਾ ਚਾਹੀਦਾ ਹੈ। ਇਹ ਉੱਚ ਪੱਧਰੀ ਬੈਠਕ ਸੁਪਰੀਮ ਕੋਰਟ ਦੀਆਂ ਹਦਾਇਤਾਂ ‘ਤੇ ਹੋਈ ਸੀ। ਕੇਂਦਰੀ ਜਲਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਵੀਂ ਦਿੱਲੀ ‘ਚ ਹੋਈ ਉੱਚ ਪੱਧਰੀ ਮੀਟਿੰਗ ‘ਚ ਹਾਜ਼ਰ ਸਨ।


Share