ਕਬੱਡੀ ਖਿਡਾਰੀ ਦੇ ਕਤਲ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬਿਲਕੁਲ ਬੇਬੁਨਿਆਦ : ਨੌਨਿਹਾਲ ਸਿੰਘ

822
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਆਈ.ਜੀ. ਜਲੰਧਰ ਜ਼ੋਨ ਨੌਨਿਹਾਲ ਸਿੰਘ, ਉਨ੍ਹਾਂ ਦੇ ਨਾਲ ਐੱਸ.ਐੱਸਪੀ. ਸਤਿੰਦਰ ਸਿੰਘ।

ਕਪੂਰਥਲਾ, 13 ਮਈ (ਪੰਜਾਬ ਮੇਲ)- ਪਿੰਡ ਲੱਖਣ ਕੇ ਪੱਡਾ ਦੇ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਪੱਡਾ ਦੇ ਕਤਲ ਦੇ ਸਬੰਧ ‘ਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ ‘ਤੇ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜੋ ਬਿਲਕੁਲ ਬੇਬੁਨਿਆਦ ਹਨ। ਇਹ ਸ਼ਬਦ ਨੌਨਿਹਾਲ ਸਿੰਘ ਆਈ.ਜੀ. ਜਲੰਧਰ ਜ਼ੋਨ ਨੇ ਸਥਾਨਕ ਪੁਲਿਸ ਲਾਈਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਪੁਲਿਸ ਕਬੱਡੀ ਖਿਡਾਰੀ ਅਰਵਿੰਦਰਜੀਤ ਸਿੰਘ ਦੇ ਕਾਤਲ ਏ.ਐੱਸ.ਆਈ. ਪਰਮਜੀਤ ਸਿੰਘ ਤੇ ਉਸ ਦੇ ਸਾਥੀ ਮੰਗੂ ਵਾਸੀ ਲੱਖਣ ਕੇ ਪੱਡੇ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ ਏ.ਐੱਸ.ਆਈ. ਨੂੰ ਨੌਕਰੀ ਤੋਂ ਬਰਖ਼ਾਸਤ ਕਰ ਕੇ ਵਿਭਾਗੀ ਕਾਰਵਾਈ ਕੀਤੀ ਜਾ ਰਹੀ ਹੈ। ਆਈ.ਜੀ. ਨੇ ਦੱਸਿਆ ਕਿ ਪੁਲਿਸ ਵਲੋਂ ਤੁਰੰਤ ਕੀਤੀ ਕਾਰਵਾਈ ਦੇ ਬਾਵਜੂਦ ਵੀ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ ‘ਤੇ ਇਸ ਮਾਮਲੇ ਨੂੰ ਗ਼ਲਤ ਰੰਗਤ ਦਿੱਤੀ ਜਾ ਰਹੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗ਼ਲਤ ਅਫ਼ਵਾਹਾਂ ਕਾਰਨ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਮਨਾ ਨੂੰ ਠੇਸ ਪਹੁੰਚੀ ਹੈ।
ਇਸ ਮੌਕੇ ਐੱਸ.ਐੱਸ.ਪੀ. ਕਪੂਰਥਲਾ ਸਤਿੰਦਰ ਸਿੰਘ ਨੇ ਕਿਹਾ ਕਿ ਜੇਕਰ ਸ਼ਰਾਰਤੀ ਅਨਸਰ ਇਸ ਕਤਲ ਦੇ ਮਾਮਲੇ ਸਬੰਧੀ ਗੁੰਮਰਾਹਕੁਨ ਪ੍ਰਚਾਰ ਕਰਨ ਤੋਂ ਬਾਜ਼ ਨਾ ਆਏ, ਤਾਂ ਪੁਲਿਸ ਸਖ਼ਤ ਕਾਰਵਾਈ ਅਮਲ ‘ਚ ਲਿਆਵੇਗੀ। ਐੱਸ.ਐੱਸ.ਪੀ. ਨੇ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਪੁਲਿਸ ਕਾਰਵਾਈ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਕਿਉਂਕਿ ਪੁਲਿਸ ਨੇ ਘਟਨਾ ਉਪਰੰਤ ਤੁਰੰਤ ਕਾਰਵਾਈ ਅਮਲ ‘ਚ ਲਿਆਉਂਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮੌਕੇ ਉਚੇਚੇ ਤੌਰ ‘ਤੇ ਸ਼ਾਮਿਲ ਹੋਏ ਪੀੜਤ ਪਰਿਵਾਰ ਦੇ ਕਰੀਬੀ ਰਿਸ਼ਤੇਦਾਰ ਦੇ ਕਬੱਡੀ ਪ੍ਰਮੋਟਰ ਸੁਰਜਨ ਸਿੰਘ ਚੱਠਾ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਪੁਲਿਸ ਨਾਲ ਕੋਈ ਗਿਲਾ ਨਹੀਂ ਤੇ ਪਰਿਵਾਰ ਪੁਲਿਸ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ‘ਚ ਉਨ੍ਹਾਂ ਨੂੰ ਕੋਈ ਢਿੱਲ-ਮੱਠ ਨਜ਼ਰ ਆਈ, ਤਾਂ ਉਹ ਇਹ ਮਾਮਲਾ ਉੱਚ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆਉਣਗੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਫੈਲਾਅ ਕੇ ਪਰਿਵਾਰ ਦੇ ਦੁੱਖ ‘ਚ ਵਾਧਾ ਨਾ ਕੀਤਾ ਜਾਵੇ।