#PUNJAB

ਕਰਨਲ ਬਾਠ ਕੁੱਟਮਾਰ ਮਾਮਲਾ: ਹੁਣ ਚੰਡੀਗੜ੍ਹ ਪੁਲਿਸ ਕਰੇਗੀ ਜਾਂਚ

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਲੋੜੀਂਦੇ ਹੁਕਮ ਜਾਰੀ
ਚੰਡੀਗੜ੍ਹ, 3 ਅਪ੍ਰੈਲ (ਪੰਜਾਬ ਮੇਲ)-ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਪੰਜਾਬ ਪੁਲਿਸ ਦੀ ਥਾਂ ਚੰਡੀਗੜ੍ਹ ਪੁਲਿਸ ਵੱਲੋਂ ਕੀਤੀ ਜਾਵੇਗੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਹਰਪ੍ਰੀਤ ਸਿੰਘ ਬਰਾੜ ਦੇ ਬੈਂਚ ਨੇ ਕਿਹਾ ਕਿ ਕੇਸ ਦੀ ਜਾਂਚ ਚੰਡੀਗੜ੍ਹ ਪੁਲਿਸ ਕਰੇਗੀ। ਉਂਝ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਕੀ ਕੇਸ ਦੀ ਜਾਂਚ ਚੰਡੀਗੜ੍ਹ ਦੇ ਡੀ.ਜੀ.ਪੀ., ਸੀ.ਬੀ.ਆਈ. ਜਾਂ ਵਿਸ਼ੇਸ਼ ਜਾਂਚ ਟੀਮ ਨੂੰ ਦਿੱਤੀ ਜਾਵੇ।
ਦੱਸ ਦੇਈਏ ਕਿ ਕਰਨਲ ਬਾਠ ਨੇ ਆਪਣੀ ਪਟੀਸ਼ਨ ਵਿਚ ਕੇਸ ਦੀ ਜਾਂਚ ਸੀ.ਬੀ.ਆਈ. ਜਿਹੀ ਕਿਸੇ ਸੁਤੰਤਰ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਸੀ। ਪਹਿਲਾਂ ਇਹ ਕੇਸ ਜਸਟਿਸ ਸੰਦੀਪ ਮੌਦਗਿਲ ਦੇ ਬੈਂਚ ਅੱਗੇ ਸੂਚੀਬੱਧ ਸੀ। ਕੇਸ ਉੱਤੇ 25 ਮਾਰਚ ਤੇ ਮਗਰੋਂ 28 ਮਾਰਚ ਨੂੰ ਸੁਣਵਾਈ ਹੋਈ ਸੀ, ਪਰ ਬੁੱਧਵਾਰ ਨੂੰ ਸੁਣਵਾਈ ਤੋਂ ਪਹਿਲਾਂ ਇਸ ਨੂੰ ਸ਼ਡਿਊਲ ‘ਚੋਂ ਕੱਢ ਦਿੱਤਾ ਗਿਆ ਸੀ।
ਕਰਨਲ ਬਾਠ, ਜੋ ਭਾਰਤ ਸਰਕਾਰ ਦੇ ਕੈਬਨਿਟ ਸਕੱਤਰੇਤ ਅਧੀਨ ਸੰਵੇਦਨਸ਼ੀਲ ਅਹੁਦੇ ‘ਤੇ ਸੇਵਾ ਨਿਭਾ ਰਹੇ ਹਨ, ਨੇ ਪਟੀਸ਼ਨ ਵਿਚ ਕਿਹਾ ਸੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ‘ਤੇ 13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿਚ ‘ਬੇਰਹਿਮੀ ਨਾਲ’ ਹਮਲਾ ਕੀਤਾ ਗਿਆ ਸੀ। ਉਨ੍ਹਾਂ ਇੰਸਪੈਕਟਰ-ਰੈਂਕ ਦੇ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਮੁਲਾਜ਼ਮਾਂ ‘ਤੇ ਬਿਨਾਂ ਕਿਸੇ ਭੜਕਾਹਟ ਦੇ ਉਨ੍ਹਾਂ ਉੱਤੇ ਹਮਲਾ ਕਰਨ, ਉਨ੍ਹਾਂ ਦਾ ਅਧਿਕਾਰਤ ਆਈ.ਡੀ.ਕਾਰਡ ਅਤੇ ਮੋਬਾਈਲ ਫੋਨ ਖੋਹਣ ਅਤੇ ਝੂਠੇ ਮੁਕਾਬਲਿਆਂ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਸੀ।
ਪਟੀਸ਼ਨਰ ਨੇ ਦਲੀਲ ਦਿੱਤੀ ਸੀ ਕਿ ਸਥਾਨਕ ਪੁਲਿਸ ਕਥਿਤ ਤੌਰ ‘ਤੇ ਅਪਰਾਧ ਦੀ ਗੰਭੀਰਤਾ ਦੇ ਬਾਵਜੂਦ ਕਾਰਵਾਈ ਕਰਨ ਵਿਚ ਅਸਫਲ ਰਹੀ। ਸੀਨੀਅਰ ਅਧਿਕਾਰੀਆਂ ਨੂੰ ਕੀਤੀਆਂ ਗਈਆਂ ਫੋਨ ਕਾਲਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਕਰਨਲ ਬਾਠ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸ਼ਿਕਾਇਤ ‘ਤੇ ਐੱਫ.ਆਈ.ਆਰ. ਦਰਜ ਕਰਨ ਦੀ ਬਜਾਏ, ਪੁਲਿਸ ਨੇ ਤੀਜੀ ਧਿਰ ਦੀ ਸ਼ਿਕਾਇਤ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਜਾਅਲੀ ਐੱਫ.ਆਈ.ਆਰ. ਦਰਜ ਕੀਤੀ। ਕਰਨਲ ਬਾਠ ਦੇ ਪਰਿਵਾਰ ਨੂੰ 8 ਦਿਨਾਂ ਬਾਅਦ ਅਗਲੀ ਐੱਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਇਥੋਂ ਤੱਕ ਕਿ ਪੰਜਾਬ ਦੇ ਰਾਜਪਾਲ ਤੱਕ ਵੀ ਪਹੁੰਚ ਕਰਨੀ ਪਈ।