#INDIA

ਕਰਨਾਟਕ ਹਾਈਕੋਰਟ ਵੱਲੋਂ ਟਵਿੱਟਰ ਨੂੰ 50 ਲੱਖ ਦਾ ਜੁਰਮਾਨਾ

ਮੁੰਬਈ, 30 ਜੂਨ (ਪੰਜਾਬ ਮੇਲ)-ਕਰਨਾਟਕ ਹਾਈ ਕੋਰਟ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਟਵਿੱਟਰ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਕੰਪਨੀ ਤੋਂ ਸਮੱਗਰੀ ਨੂੰ ਹਟਾਉਣ ਅਤੇ ਬਲਾਕ ਕਰਨ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ। ਅਦਾਲਤ ਨੇ ਕਿਹਾ ਕਿ ਕੰਪਨੀ ਦੀ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ। ਜਸਟਿਸ ਕ੍ਰਿਸ਼ਨਾ ਐੱਸ. ਦੀਕਸ਼ਿਤ ਦੀ ਸਿੰਗਲ ਬੈਂਚ ਨੇ ਟਵਿੱਟਰ ਕੰਪਨੀ ਨੂੰ 50 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ ਅਤੇ ਇਸ ਨੂੰ 45 ਦਿਨਾਂ ਦੇ ਅੰਦਰ ਕਰਨਾਟਕ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ ਫੈਸਲੇ ਦਾ ਮੁੱਖ ਹਿੱਸਾ ਪੜ੍ਹਦੇ ਹੋਏ ਕਿਹਾ ”ਉਪਰੋਕਤ ਸਥਿਤੀਆਂ ਵਿਚ, ਇਹ ਪਟੀਸ਼ਨ ਆਧਾਰ ਰਹਿਤ ਹੋਣ ਕਰਕੇ, ਜੁਰਮਾਨੇ ਨਾਲ ਖਾਰਜ ਕੀਤੇ ਜਾਣ ਦੇ ਯੋਗ ਹੈ। ਪਟੀਸ਼ਨਕਰਤਾ ‘ਤੇ 50 ਲੱਖ ਰੁਪਏ ਦਾ ਖਰਚਾ ਲਗਾਇਆ ਜਾਂਦਾ ਹੈ, ਜੋ ਕਿ 45 ਦਿਨਾਂ ਦੇ ਅੰਦਰ ਕਰਨਾਟਕ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਬੈਂਗਲੁਰੂ ਨੂੰ ਦੇਣ ਯੋਗ ਹੈ। ਜੇਕਰ ਇਸ ‘ਚ ਦੇਰੀ ਹੁੰਦੀ ਹੈ, ਤਾਂ ਇਸ ‘ਤੇ ਪ੍ਰਤੀ ਦਿਨ 5,000 ਰੁਪਏ ਦੀ ਵਾਧੂ ਫੀਸ ਲੱਗੇਗੀ।” ਟਵਿੱਟਰ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਜੱਜ ਨੇ ਕਿਹਾ, ”ਮੈਂ ਕੇਂਦਰ ਦੀ ਇਸ ਦਲੀਲ ਨਾਲ ਸਹਿਮਤ ਹਾਂ ਕਿ ਉਨ੍ਹਾਂ ਕੋਲ ਟਵੀਟਸ ਅਤੇ ਖਾਤਿਆਂ ਨੂੰ ਬਲਾਕ ਕਰਨ ਅਤੇ ਅਕਉਂਟ ‘ਤੇ ਰੋਕ ਲਗਾਉਣ ਦਾ ਅਧਿਕਾਰ ਹੈ।
ਤੁਹਾਨੂੰ ਦੱਸ ਦੇਈਏ ਕਿ ਫਰਵਰੀ 2021 ਤੋਂ ਫਰਵਰੀ 2022 ਤੱਕ ਕੇਂਦਰ ਸਰਕਾਰ ਨੇ ਵੱਖ-ਵੱਖ ਸਮੇਂ ‘ਤੇ ਕੁੱਲ 1474 ਟਵਿੱਟਰ ਅਕਾਊਂਟ ਬੰਦ ਕਰਨ, 175 ਟਵੀਟਸ ਨੂੰ ਬਲਾਕ ਕਰਨ ਅਤੇ 256 ਯੂ.ਆਰ.ਐੱਲ. ਅਤੇ 1 ਹੈਸ਼ ਟੈਗ ਨੂੰ ਬੰਦ ਕਰਨ ਦਾ ਨਿਰਦੇਸ਼ ਦਿੱਤਾ ਸੀ। ਸਰਕਾਰ ਨੇ ਆਈ.ਟੀ. ਐਕਟ 69ਏ ਤਹਿਤ ਇਹ ਹਦਾਇਤਾਂ ਜਾਰੀ ਕੀਤੀਆਂ ਸਨ। ਐਕਟ ਮੁਤਾਬਕ ਕੇਂਦਰ ਸਰਕਾਰ ਨੂੰ ਸੋਸ਼ਲ ਮੀਡੀਆ ਰਾਹੀਂ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਨੂੰ ਠੇਸ ਪਹੁੰਚਾਉਣ ਵਾਲੇ ਸੰਦੇਸ਼ਾਂ ਨੂੰ ਹਟਾਉਣ ਦਾ ਅਧਿਕਾਰ ਹੈ। ਜੂਨ 2022 ਵਿਚ, ਟਵਿੱਟਰ ਨੇ ਕੇਂਦਰ ਦੇ ਫੈਸਲੇ ਨੂੰ ਕਰਨਾਟਕ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ। ਛੇ ਮਹੀਨੇ ਤੱਕ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਕਰਨਾਟਕ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕੇਂਦਰ ਸਰਕਾਰ ਦੇ ਹੁਕਮਾਂ ਨੂੰ ਸਹੀ ਠਹਿਰਾਇਆ ਹੈ।

Leave a comment