ਚੰਡੀਗੜ੍ਹ, 16 ਅਪ੍ਰੈਲ (ਪੰਜਾਬ ਮੇਲ) – ਚੰਡੀਗੜ੍ਹ ਟ੍ਰਾਈਸਿਟੀ ਵਿੱਚ ਵਧ ਰਹੇ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਚੰਡੀਗੜ੍ਹ ਨੂੰ ਹੌਟਸਪੌਟ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕਰਫਿਊ ਨੂੰ ਹੋਰ ਸਖ਼ਤ ਕਰਨ ਲਈ ਆਖ ਦਿੱਤਾ ਗਿਆ ਹੈ। ਇਸ ਦੌਰਾਨ ਇਕ ਵੱਖਰੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁਹਾਲੀ, ਜਲੰਧਰ, ਨਵਾਂ ਸ਼ਹਿਰ ਤੇ ਪਠਾਨਕੋਟ ਜ਼ਿਲ੍ਹਿਆਂ ਅਤੇ ਹਰਿਆਣਾ ਦੇ ਗੁੜਗਾਓਂ, ਫਰੀਦਾਬਾਦ, ਪਲਵਲ ਤੇ ਨੂੰਹ ਜ਼ਿਲ੍ਹਿਆਂ ਨੂੰ ‘ਹੌਟਸਪੌਟ’ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜਿਨ੍ਹਾਂ ਜ਼ਿਲ੍ਹਿਆਂ ਵਿੱਚ 15 ਤੋਂ ਵੱਧ ਕੇਸ ਹਨ, ਉਨ੍ਹਾਂ ਨੂੰ ‘ਹੌਟਸਪੌਟ’ ਐਲਾਨ ਕੇ ਸਖ਼ਤ ਪਾਬੰਦੀਆਂ ਆਇਦ ਕੀਤੀਆਂ ਜਾਣਗੀਆਂ। ਪੰਜਾਬ ਦੇ ਪ੍ਰਮੁੱਖ ਸਕੱਤਰ (ਸਿਹਤ ਤੇ ਪਰਿਵਾਰ ਭਲਾਈ) ਅਨੁਰਾਗ ਅਗਰਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਉਪਰੋਕਤ ਚਾਰ ਜ਼ਿਲ੍ਹਿਆਂ ਨੂੰ ਅੱਜ ਹੌਟਸਪੌਟ ਐਲਾਨਿਆ ਹੈ ਜਦੋਂਕਿ ਪੰਜਾਬ ਸਰਕਾਰ ਰੈਪਿਡ ਟੈਸਟਿੰਗ ਪ੍ਰਣਾਲੀ ਲਈ 17 ਥਾਵਾਂ ਦੀ ਚੋਣ ਪਹਿਲਾਂ ਹੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹੇ ਖੇਤਰਾਂ, ਜਿੱਥੇ ਦੋ ਤੋਂ ਵੱਧ ਕੇਸ ਸਾਹਮਣੇ ਆਏ ਹਨ, ਦੇ ਤਿੰੰਨ ਕਿਲੋਮੀਟਰ ਦੇ ਘੇਰੇ ਵਿੱਚ ਨਿਗਰਾਨੀ ਵਿੱਢ ਦਿੱਤੀ ਸੀ।
ਇਸ ਦੌਰਾਨ ਰਾਜਪਾਲ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ। ਉਨ੍ਹਾਂ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਆਦੇਸ਼ ਦਿੱਤੇ।
ਮੁਹਾਲੀ ਦੇ ਪਿੰਡ ਜਵਾਹਰਪੁਰ ਅਤੇ ਜਗਤਪੁਰਾ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਧ ਰਹੀ ਹੈ। ਸ੍ਰੀ ਬਦਨੌਰ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਦੋਵਾਂ ਪਿੰਡਾਂ ਵਿੱਚ ਕਰੋਨਾਵਾਇਰਸ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿੱਚ ਕਰੋਨਾਵਾਇਰਸ ਦੇ 12 ਕੇਸ ਪਾਜ਼ੇਟਿਵ ਹਨ। ਇਸ ਦੇ ਨਾਲ ਹੀ ਉਨ੍ਹਾਂ ਪੀਜੀਆਈ, ਸੈਕਟਰ-32 ਅਤੇ ਸੈਕਟਰ-16 ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਉਨ੍ਹਾਂ ਭਾਰਤੀ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐੱਮਆਰ) ਵੱਲੋਂ ਅਧਿਕਾਰਤ ਨਵੀਂ ਤਕਨੀਕ ਨਾਲ ਟੈਸਟ ਕਰਨ ਦਾ ਨਿਰਦੇਸ਼ ਦਿੱਤਾ ਹੈ।