#PUNJAB

ਕਾਂਗਰਸ ਆਗੂ ਸੁਸ਼ੀਲ ਰਿੰਕੂ ‘ਆਪ’ ਵਿੱਚ ਸ਼ਾਮਲ

ਜਲੰਧਰ, 6 ਅਪ੍ਰੈਲ (ਪੰਜਾਬ ਮੇਲ)- ਜਲੰਧਰ ਵਿੱਚ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਰਿੰਕੂ ਦਾ ਸਵਾਗਤ ਕੀਤਾ। ਸੁਸ਼ੀਲ ਰਿੰਕੂ ਨੂੰ ‘ਆਪ’ ਦਾ ਉਮੀਦਵਾਰ ਬਣਾਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਮਾਨ ਨੇ ਕਿਹਾ ਕਿ ਪਾਰਟੀ ਨੇ ਇਸ ਬਾਰੇ ਫਿਲਹਾਲ ਫ਼ੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਬਾਰੇ ਸਰਵੇਖਣ ਕਰਵਾਉਣ ਮਗਰੋਂ ਹੀ ਐਲਾਨ ਕੀਤਾ ਜਾਵੇਗਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਆਮ ਲੋਕਾਂ ਦੇ ਦਰਦ ਨੂੰ ਸਮਝਣ ਵਾਲੀ ਸਰਕਾਰ ਹੈ। ਰਿੰਕੂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦੀ ਮੌਜੂਦਗੀ ਪਾਰਟੀ ਨੂੰ ਜਲੰਧਰ ਹੀ ਨਹੀਂ ਸਗੋਂ ਪੂਰੇ ਦੁਆਬਾ ਖੇਤਰ ਵਿੱਚ ਮਜ਼ਬੂਤ ​​ਕਰੇਗੀ। ਇਸ ਮੌਕੇ ਸੁਸ਼ੀਲ ਕੁਮਾਰ ਰਿੰਕੂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਪੰਜਾਬ ਵਾਸੀਆਂ ਪ੍ਰਤੀ ਸਮਰਪਣ ਭਾਵਨਾ ਤੋਂ ਪ੍ਰਭਾਵਿਤ ਹਨ। ਉਧਰ, ਜਲੰਧਰ ਦੇ ਸਾਬਕਾ ਨਗਰ ਕੌਂਸਲਰਾਂ ਸਮੇਤ ਕਾਂਗਰਸੀ ਆਗੂਆਂ ਨੇ ਅੱਜ ਕਿਹਾ ਕਿ ਉਹ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੀ ਜਿੱਤ ਯਕੀਨੀ ਬਣਾਉਣ ਲਈ ਇਕਜੁੱਟ ਹਨ। ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਕਰੀਬ ਇੱਕ ਦਰਜਨ ਨਗਰ ਕੌਂਸਲਰਾਂ ਨੇ ਕਾਂਗਰਸ ਭਵਨ ਵਿੱਚ ਮੀਟਿੰਗ ਮਗਰੋਂ ਕਿਹਾ ਕਿ ਸੁਸ਼ੀਲ ਰਿੰਕੂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੱਸਦਾ ਹੈ ਕਿ ‘ਆਪ’ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਨਹੀਂ ਮਿਲ ਰਿਹਾ ਸੀ।

Leave a comment