#PUNJAB

ਕਾਂਗਰਸ ਪਾਰਟੀ ਵੱਲੋਂ ਹਲਕਾ ਫਿਲੌਰ ਤੋਂ ਵਿਧਾਇਕ ਵਿਕਰਮਜੀਤ ਚੌਧਰੀ ਮੁਅੱਤਲ

-ਪਾਰਟੀ ਖਿਲਾਫ਼ ਬੋਲਣ ‘ਤੇ ਸਾਰੇ ਅਹੁਦਿਆਂ ਤੋਂ ਹਟਾਇਆ
ਚੰਡੀਗੜ੍ਹ, 25 ਅਪ੍ਰੈਲ (ਪੰਜਾਬ ਮੇਲ)- ਕਾਂਗਰਸ ਪਾਰਟੀ ਨੇ ਹਲਕਾ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਬੁੱਧਵਾਰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਉਤਾਰ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਦੌਰਾਨ ਪਿਛਲੇ ਦਿਨਾਂ ਤੋਂ ਵਿਕਰਮਜੀਤ ਸਿੰਘ ਚੌਧਰੀ ਨੇ ਪਾਰਟੀ ਖ਼ਿਲਾਫ਼ ਝੰਡਾ ਚੁੱਕਿਆ ਹੋਇਆ ਸੀ ਅਤੇ ਪਹਿਲਾਂ ਉਨ੍ਹਾਂ ਖ਼ੁਦ ਹੀ ਪਾਰਟੀ ਦੇ ਵ੍ਹਿਪ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਵਿਧਾਇਕ ਚੌਧਰੀ ਦੀ ਮਾਤਾ ਕਰਮਜੀਤ ਕੌਰ ਨੇ ਪਿਛਲੇ ਦਿਨਾਂ ਦੌਰਾਨ ਦਿੱਲੀ ਵਿਚ ਭਾਜਪਾ ਦਾ ਪੱਲਾ ਫੜਿਆ ਸੀ। ਚੌਧਰੀ ਪਰਿਵਾਰ ਹੁਣ ਜਲੰਧਰ ਤੋਂ ਟਿਕਟ ਦਾ ਦਾਅਵੇਦਾਰ ਸੀ ਪਰ ਪਾਰਟੀ ਨੇ ਜਲੰਧਰ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਹੈ, ਜਿਸ ਕਰਕੇ ਚੌਧਰੀ ਪਰਿਵਾਰ ਨਾਰਾਜ਼ ਚੱਲ ਰਿਹਾ ਸੀ। ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਪੱਤਰ ਵਿਚ ਕਿਹਾ ਹੈ ਕਿ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਲੈ ਕੇ ਵਿਧਾਇਕ ਚੌਧਰੀ ਨੂੰ ਨਿੱਜੀ ਤੌਰ ‘ਤੇ ਚਿਤਾਵਨੀ ਵੀ ਦਿੱਤੀ ਗਈ ਸੀ।