ਨਵੀਂ ਦਿੱਲੀ, 6 ਸਤੰਬਰ (ਹੁਸਨ ਲੜੋਆ ਬੰਗਾ/ਪੰਜਾਬ ਮੇਲ)- ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦਾ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ ਕਾਂਗਰਸ ਵਿਚ ਸ਼ਾਮਲ ਹੋਣਾ ਤੈਅ ਹੋ ਗਿਆ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ, ‘‘ਦੋਵੇਂ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸ਼ੁੱਕਰਵਾਰ ਨੂੰ ਕਾਂਗਰਸ ਵਿਚ ਸ਼ਾਮਲ ਹੋਣਗੇ। ਉਹ ਦੋਵੇਂ ਹੀ ਚੋਣਾਂ ਲੜਨਗੇ ਜਾਂ ਉਨ੍ਹਾਂ ਵਿਚੋਂ ਕੋਈ ਇਕ ਚੋਣ ਪਿੜ ਵਿਚ ਨਿੱਤਰੇਗਾ, ਇਹ ਛੇਤੀ ਹੀ ਸਾਫ਼ ਹੋ ਜਾਵੇਗਾ।’’
ਗ਼ੌਰਤਲਬ ਹੈ ਕਿ ਦੋਵਾਂ ਨੇ ਬੀਤੇ ਬੁੱਧਵਾਰ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਕਾਂਗਰਸ ਨੇ ਗਾਂਧੀ ਦੀ ਫੋਗਾਟ ਤੇ ਪੂਨੀਆ ਨਾਲ ਮੁਲਾਕਾਤ ਦੀ ਫੋਟੋ ਆਪਣੇ ‘ਐਕਸ’ ਹੈਂਡਲ ਉਤੇ ਨਸ਼ਰ ਕੀਤੀ ਸੀ।
ਬਜੰਰਗ ਪੂਨੀਆ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਹੈ ਜਦੋਂਕਿ ਫੋਗਾਟ ਹਾਲੀਆ ਪੈਰਿਸ ਓਲੰਪਿਕਸ ਦੇ 50 ਕਿਲੋ ਕੁਸ਼ਤੀ ਵਰਗ ਦੇ ਫਾਈਨਲ ਵਿਚ ਪੁੱਜਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣੀ ਸੀ, ਹਾਲਾਂਕਿ ਉਸ ਨੂੰ ਬਾਅਦ ਵਿਚ ਥੋੜ੍ਹਾ ਜਿਹਾ ਵਜ਼ਨ ਵਧ ਜਾਣ ਕਾਰਨ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਸ ਨੇ ਕੁ਼ਸ਼ਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।
ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਐਮਪੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਉਤੇ 2023 ਵਿਚ ਮਹਿਲਾ ਪਹਿਲਵਾਨਾਂ ਵੱਲੋਂ ਲਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਾਰਨ ਚੱਲੇ ਲੰਬੇ ਅੰਦੋਲਨ ਵਿਚ ਦੋਵਾਂ ਫੋਗਾਟ ਤੇ ਪੂਨੀਆ ਨੇ ਸਰਗਰਮੀ ਨਾਲ ਸ਼ਿਰਕਤ ਕੀਤੀ ਸੀ।