-ਸਾਬਕਾ ਪੁਲਿਸ ਅਧਿਕਾਰੀ ਦੀ ਰਿਪੋਰਟ ਦੀ ਮੁਕੰਮਲ ਘੋਖ ਕਰੇਗੀ ਕਮੇਟੀ
ਅੰਮ੍ਰਿਤਸਰ, 4 ਜਨਵਰੀ (ਪੰਜਾਬ ਮੇਲ)-ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੇ ਕਥਿਤ ਕਤਲ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਦੀ ਪੰਜ-ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤੇ ਗਏ ਸਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੇਰੀ ਕਾਰਵਾਈ ਵਾਸਤੇ ਕਮੇਟੀ ਬਣਾਈ ਗਈ ਹੈ। ਇਸ ਵਿਚ ਸੀਨੀਅਰ ਐਡਵੋਕੇਟ ਪੂਰਨ ਸਿੰਘ ਹੁੰਦਲ ਸ਼ਾਮਲ ਹਨ, ਜਿਨ੍ਹਾਂ ਦੀ ਅਗਵਾਈ ‘ਚ ਬਣਾਈ ਗਈ ਇਸ ਕਮੇਟੀ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਪੁਨੀਤ ਕੌਰ ਸੇਖੋਂ, ਜਲੰਧਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਬਲਤੇਜ ਸਿੰਘ ਢਿੱਲੋਂ, ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਅਟਾਰਨੀ ਐਡਵੋਕੇਟ ਅਮਰਜੀਤ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਥੇਦਾਰ ਕਾਉਂਕੇ ਦੇ ਕਥਿਤ ਕਤਲ ਸਬੰਧੀ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਕਿਹਾ ਗਿਆ ਸੀ। ਇਸ ‘ਤੇ ਤੁਰੰਤ ਅਮਲ ਕਰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਗੁਰਚਰਨ ਸਿੰਘ ਗਰੇਵਾਲ ਨੂੰ ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਵਾਸਤੇ ਭੇਜਿਆ ਸੀ। ਹੁਣ ਇਸ ਮਾਮਲੇ ਸਬੰਧੀ ਇੱਕ ਉੱਚ ਪੱਧਰੀ ਕਾਨੂੰਨੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜਥੇਦਾਰ ਕਾਉਂਕੇ ਦੇ ਕਾਤਲਾਂ ਵਿਰੁੱਧ ਪੁਖ਼ਤਾ ਕਾਰਵਾਈ ਨੂੰ ਅਮਲ ਵਿਚ ਲਿਆਵੇਗੀ। ਇਹ ਕਮੇਟੀ ਸ੍ਰੀ ਅਕਾਲ ਤਖ਼ਤ ਵੱਲੋਂ ਭੇਜੀ ਗਈ ਸਾਬਕਾ ਪੁਲਿਸ ਅਧਿਕਾਰੀ ਬੀ.ਪੀ. ਤਿਵਾੜੀ ਦੀ ਰਿਪੋਰਟ ਦੀ ਮੁਕੰਮਲ ਘੋਖ ਕਰ ਕੇ ਕਾਨੂੰਨੀ ਕਾਰਵਾਈ ਕਰੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਇਸ ਸਬੰਧ ਵਿਚ ਕੋਈ ਢਿੱਲ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇੱਕ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਮੌਜੂਦਾ ਸਰਕਾਰ ਪੁਲਿਸ ਰਿਪੋਰਟ ਮੁਤਾਬਕ ਕਾਰਵਾਈ ਕਰੇ: ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਗੁਰਦੇਵ ਸਿੰਘ ਕਾਉਂਕੇ ਮਾਮਲੇ ‘ਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਜੂਦਾ ਸਰਕਾਰ ਨੂੰ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਨੂੰ ਇਕ ਪਾਸੇ ਰੱਖ ਕੇ ਇਸ ਮਾਮਲੇ ਵਿਚ ਪੁਲਿਸ ਰਿਪੋਰਟ ਦੇ ਮੁਤਾਬਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ। ਉਹ ਇਥੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਥਾ-ਕੀਰਤਨ ਕਰਨ ਲਈ ਆਏ ਹੋਏ ਸਨ। ਇਸ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਪੁਲਿਸ ਤਸ਼ੱਦਦ ਦੌਰਾਨ ਕੋਹ-ਕੋਹ ਕੇ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਜਾਂਚ ਵੀ ਕਰਵਾਈ ਗਈ ਅਤੇ ਉਸ ਦੀ ਰਿਪੋਰਟ ਵੀ ਦਿੱਤੀ ਗਈ ਸੀ ਪਰ ਪਿਛਲੀਆਂ ਸਰਕਾਰਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਲਗਭਗ ਦੋ ਦਹਾਕੇ ਤੋਂ ਵੱਧ ਸਮਾਂ ਇਸ ਜਾਂਚ ਸਬੰਧੀ ਫਾਈਲ ਧੂੜ ‘ਚ ਦੱਬੀ ਰਹੀ। ਉਨ੍ਹਾਂ ਮੌਜੂਦਾ ਸਰਕਾਰ ਨੂੰ ਆਖਿਆ ਕਿ ਉਹ ਪਿਛਲੀਆਂ ਸਰਕਾਰਾਂ ਦੀ ਗਲਤੀ ਨੂੰ ਅਣਦੇਖਿਆ ਕਰਦਿਆਂ ਇਸ ਮਾਮਲੇ ਵਿਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ। ਉਨ੍ਹਾਂ ਕਿਹਾ ਕਿ ਦੋਸ਼ੀ ਕੋਈ ਵੀ ਹੋਵੇ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ। ਇਸ ਮਾਮਲੇ ਵਿਚ ਭਾਵੇਂ ਕੋਈ ਦੋਸ਼ੀ ਮਰ ਚੁੱਕਾ ਹੋਵੇ ਪਰ ਉਸ ਖ਼ਿਲਾਫ਼ ਵੀ ਇਹ ਕਾਰਵਾਈ ਸੰਕੇਤਕ ਰੂਪ ਵਿਚ ਹੋਵੇ, ਤਾਂ ਜੋ ਅਜਿਹਾ ਕਰਨ ਵਾਲਿਆਂ ਨੂੰ ਪਤਾ ਲੱਗੇ ਕਿ ਮੌਤ ਤੋਂ ਬਾਅਦ ਵੀ ਕਾਰਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪਿਛਲਿਆਂ ਦਹਾਕਿਆਂ ਦੌਰਾਨ ਜਦੋਂ ਪੰਜਾਬ ਵਿਚ ਕਾਲਾ ਦੌਰ ਸੀ, ਉਸ ਵੇਲੇ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਾਰਿਆ ਗਿਆ ਹੈ। ਜਸਵੰਤ ਸਿੰਘ ਖਾਲੜਾ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਵੀ 25 ਹਜ਼ਾਰ ਲਾਸ਼ਾਂ ਨੂੰ ਖੁਰਦ-ਬੁਰਦ ਕਰਨ ਦਾ ਜ਼ਿਕਰ ਕੀਤਾ ਹੈ। ਬਲਵੰਤ ਸਿੰਘ ਰਾਜੋਆਣਾ ਵੱਲੋਂ ਲਿਖੇ ਗਏ ਪੱਤਰ ਨੂੰ ਸਹੀ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਵਿਚ ਜੋ ਵੀ ਲਿਖਿਆ ਗਿਆ ਹੈ ਉਹ ਠੀਕ ਲਿਖਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀਂ ਬੀਤੇ ਵਿਚ ਹੋਈਆ ਗਲਤੀਆਂ ਦੀ ਮੰਗੀ ਮੁਆਫ਼ੀ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਗਲਤੀਆਂ ਬਾਰੇ ਉਹੀ ਦੱਸ ਸਕਦੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਦਿੱਤੇ ਗਏ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਇਹ ਉਤੇਜਨਾ ਵਿਚ ਦਿੱਤਾ ਗਿਆ ਬਿਆਨ ਹੈ। ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।