ਕਿਸਾਨਾਂ ‘ਤੇ ਥੋਪੇ ਗਏ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਸ਼ੁਰੂ ਹੋਈ ਜੰਗ: ਕੈਪਟਨ

574

ਮੋਗਾ, 4 ਅਕਤੂਬਰ (ਪੰਜਾਬ ਮੇਲ)-ਬੱਧਣੀ ਕਲਾਂ ‘ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸ਼ੁਰੂ ਟਰੈਕਟਰ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪੰਜਾਬ ਤੇ ਹਰਿਆਣਾ ਦੇ ਕਿਸਾਨ ਦੇਸ਼ ਦੇ ਭੰਡਾਰਾਂ ‘ਚ 50 ਫੀਸਦੀ ਅਨਾਜ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜਿਹੜੇ ਕਾਲੇ ਖੇਤੀ ਕਾਨੂੰਨ ਕਿਸਾਨਾਂ ‘ਤੇ ਥੋਪੇ ਹਨ, ਉਨ੍ਹਾਂ ਖ਼ਿਲਾਫ਼ ਪੰਜਾਬ ਤੋਂ ਜੰਗ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨ ਮਾਰੂ ਤੇ ਲੋਕ ਮਾਰੂ ਹੈ। ਕੇਂਦਰ ਕਹਿ ਰਿਹਾ ਹੈ ਕਿ ਐੱਮ.ਐੱਸ.ਪੀ. ਜਾਰੀ ਰਹੇਗੀ ਪਰ ਇਸ ਗੱਲ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਕਾਨੂੰਨ ਬਣ ਚੁੱਕਿਆ ਹੈ ਤੇ ਮੋਦੀ ਸਰਕਾਰ ਕਦੇ ਵੀ ਇਸ ਨੂੰ ਲਾਗੂ ਕਰਕੇ ਐੱਮ.ਐੱਸ.ਪੀ. ਬੰਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦੇ ਮਸਲੇ ‘ਤੇ ਅਕਾਲੀ-ਭਾਜਪਾ ਨੂੰ ਛੱਡ ਕੇ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਲੜਾਈ ਲਈ ਮੈਦਾਨ ‘ਚ ਡੱਟਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਬਿਆਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰੀ ਮੰਤਰੀ ਮੰਡਲ ਦੀਆਂ ਬੈਠਕਾਂ ਵਿਚ ਬੀਬੀ ਹਰਸਿਮਰਤ ਬਾਦਲ ਨੇ ਕਦੇ ਵੀ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕੀਤੀ ਤੇ ਹੁਣ ਅਕਾਲੀ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤਿੰਨ ਦਿਨ ਪੰਜਾਬ ਵਿਚ ਰਹਿ ਕੇ ਕਿਸਾਨਾਂ ਨੂੰ ਇਕਜੁੱਟ ਕਰਨਗੇ ਤੇ ਕਾਂਗਰਸ ਰਾਜ ਦੇ ਲੋਕਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਜਾਗਰੂਕ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦੀ ਰਣਨੀਤੀ ਛੇਤੀ ਬਣਾਈ ਜਾਵੇਗੀ।