ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਹੋਈ ਸੁਣਵਾਈ

493
Share

ਸੁਪਰੀਮ ਕੋਰਟ ਨੇ ਕਿਹਾ; ਕਿਸਾਨਾਂ ਨੂੰ ਅੰਦੋਲਨ ਕਰਨ ਦਾ ਹੱਕ, ਪਰ ਸੜਕਾਂ ਜਾਮ ਕਰਨ ਦਾ ਨਹੀਂ
* ਅਗਲੀ ਸੁਣਵਾਈ ਹੁਣ 7 ਦਸੰਬਰ ਨੂੰ ਹੋਵੇਗੀ
ਨਵੀਂ ਦਿੱਲੀ, 21 ਅਕਤੂਬਰ (ਪੰਜਾਬ ਮੇਲ)-ਪਿਛਲੇ 10 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਦਿੱਲੀ ਦੇ ਬਾਰਡਰਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਵੀਰਵਾਰ ਨੂੰ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ, ਜਿਸ ਵਿਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨੇ ਦੇ ਕਾਰਨ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ।
ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ। ਅਦਾਲਤ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਰੋਧ ਕਰ ਰਹੇ ਕਿਸਾਨਾਂ ਨੂੰ ਸੜਕਾਂ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਆਪਣਾ ਜਵਾਬ ਦਾਇਰ ਕਰਨ। ਉਧਰ ਅਦਾਲਤ ’ਚ ਸੁਣਵਾਈ ਦੌਰਾਨ ਕਿਸਾਨਾਂ ਵੱਲੋਂ ਪੇਸ਼ ਹੋਏ ਐਡਵੋਕੇਟ ਦੁਸ਼ਯੰਤ ਦਵੇ ਨੇ ਕਿਹਾ, ‘‘ਨਾ ਤਾਂ ਸੜਕ ਜਾਮ ਕੀਤੀ ਗਈ ਹੈ ਅਤੇ ਨਾ ਹੀ ਕਿਸਾਨਾਂ ਨੇ ਇਸ ਨੂੰ ਬੰਦ ਕੀਤਾ ਹੈ।’’
ਉਨ੍ਹਾਂ ਕਿਹਾ, ‘‘ਕਿਸਾਨਾਂ ਨੂੰ ਰਾਮਲੀਲਾ ਮੈਦਾਨ ਵਿਚ ਜਾਣ ਤੋਂ ਰੋਕ ਦਿੱਤਾ ਗਿਆ ਪਰ ਭਾਜਪਾ ਨੇ ਉੱਥੇ ਇਕ ਸਿਆਸੀ ਰੈਲੀ ਕੀਤੀ। ਇਸ ’ਤੇ ਜੱਜ ਜਸਟਿਸ ਸੰਜੇ ਕਿਸ਼ਨ ਕੌਲ ਨੇ ਕਿਹਾ, ‘‘ਸੜਕਾਂ ਸਾਫ਼ ਹੋਣੀਆਂ ਚਾਹੀਦੀਆਂ ਹਨ। ਅਸੀਂ ਵਾਰ-ਵਾਰ ਕਾਨੂੰਨ ਨਹੀਂ ਬਣਾ ਸਕਦੇ। ਤੁਹਾਨੂੰ ਅੰਦੋਲਨ ਕਰਨ ਦਾ ਅਧਿਕਾਰ ਹੈ ਪਰ ਤੁਸੀਂ ਰਸਤਾ ਨਹੀਂ ਰੋਕ ਸਕਦੇ। ਉਨ੍ਹਾਂ ਕਿਹਾ, ‘‘ਹੁਣ ਕੁਝ ਹੱਲ ਲੱਭਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਭਾਵੇਂ ਮਾਮਲਾ ਸੁਣਵਾਈ ਅਧੀਨ ਹੋਵੇ, ਪਰ ਸੜਕਾਂ ਨੂੰ ਰੋਕਿਆ ਨਹੀਂ ਜਾ ਸਕਦਾ।’’
ਦੱਸ ਦਈਏ ਕਿ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 7 ਦਸੰਬਰ ਨੂੰ ਹੋਵੇਗੀ ਤੇ ਇਸ ਸੁਣਵਾਈ ਵਿਚ ਕਿਸਾਨ ਆਪਣਾ ਰੁਖ ਸਾਫ਼ ਕਰਨਗੇ ਤੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜਵਾਬ ਦਾਖਲ ਕਰਨ ਦਾ ਸਮਾਂ ਦੇ ਦਿੱਤਾ ਹੈ।¿;
ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਨੇ ਖੁਦ ਹਟਾਏ ਬੈਰੀਕੇਡ
ਤਿੰਨੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੇ ਵਿਚਕਾਰ ਵੀਰਵਾਰ ਨੂੰ ਦਿੱਲੀ-ਉੱਤਰ ਪ੍ਰਦੇਸ਼ ਦੀ ਗਾਜ਼ੀਪੁਰ ਬਾਰਡਰ ਨੇ ਹੈਰਾਨੀਜਨਕ ਨਜ਼ਾਰਾ ਵੇਖਿਆ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਆਪਣੇ ਵਿਰੋਧ ਕਰ ਰਹੇ ਕਿਸਾਨ ਸਾਥੀਆਂ ਨਾਲ ਗਾਜ਼ੀਪੁਰ ਬਾਰਡਰ ’ਤੇ ਬੈਰੀਕੇਡ ਹਟਾਉਂਦੇ ਹੋਏ ਨਜ਼ਰ ਆਏ। ਇਸ ਦੌਰਾਨ ਇਥੇ ਮੌਜੂਦ ਮੀਡੀਆ ਕਰਮੀਆਂ ਨੂੰ ਦੱਸਿਆ ਗਿਆ ਕਿ ਕਿਸਾਨ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਨੂੰ ਬੰਦ ਨਹੀਂ ਕੀਤਾ ਗਿਆ ਪਰ ਪੁਲਿਸ ਨੇ ਇਨ੍ਹਾਂ ਬੈਰੀਕੇਡਾਂ ਰਾਹੀਂ ਲੋਕਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਹੈ।

Share