-28 ਨੂੰ ਸੰਸਦ ਮੈਂਬਰਾਂ ਨੂੰ ਦਿੱਤੇ ਜਾਣਗੇ ਚਿਤਾਵਨੀ ਪੱਤਰ
ਲੁਧਿਆਣਾ, 17 ਮਈ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੰਗਾਂ ਸਬੰਧੀ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸ ਤਹਿਤ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪਾਰਲੀਮੈਂਟ ਸੈਸ਼ਨ ‘ਚ ਮਤਾ ਪਾਸ ਕਰਨ ਲਈ 28 ਮਈ ਨੂੰ ਸਾਰੇ ਸੰਸਦ ਮੈਂਬਰਾਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣਗੇ। ਇਸ ਤੋਂ ਇਲਾਵਾ 18 ਮਈ ਨੂੰ ਪੰਜਾਬ ਭਰ ਵਿਚ ਭਾਜਪਾ ਆਗੂ ਬ੍ਰਿਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ।
ਇੱਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁਕੇਸ਼ ਚੰਦਰ ਸ਼ਰਮਾ, ਡਾ. ਸਤਨਾਮ ਸਿੰਘ ਅਜਨਾਲਾ ਅਤੇ ਰੁਲਦੂ ਸਿੰਘ ਮਾਨਸਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਮਨਜੀਤ ਸਿੰਘ ਰਾਏ ਅਤੇ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ 28 ਮਈ ਨੂੰ ਪੰਜਾਬ ਦੇ ਸਾਰੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਨੂੰ ਰੋਸ ਪ੍ਰਦਰਸ਼ਨ ਕਰ ਕੇ ਚਿਤਾਵਨੀ ਪੱਤਰ ਦਿੱਤੇ ਜਾਣਗੇ। ਪਹਿਲਵਾਨਾਂ ਦੇ ਦਿੱਲੀ ਮੋਰਚੇ ਦੀ ਹਮਾਇਤ ਕਰਦਿਆਂ 18 ਮਈ ਨੂੰ ਜ਼ਿਲ੍ਹਾ ਤੇ ਤਹਿਸੀਲ ਹੈਡਕੁਆਰਟਰਾਂ ‘ਤੇ ਭਾਜਪਾ ਆਗੂ ਬ੍ਰਿਜ ਭੂਸ਼ਨ ਦੇ ਪੁਤਲੇ ਫੂਕੇ ਜਾਣਗੇ। ਇਸ ਮੌਕੇ ਸਰਕਾਰ ਵੱਲੋਂ ਝੋਨੇ ਦੀ ਲਵਾਈ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡਣ ਨੂੰ ਤਰਕਸੰਗਤ ਕਰਨ ਅਤੇ 10 ਤੋਂ 16 ਜੂਨ ਤੱਕ ਸਾਰੇ ਪੰਜਾਬ ਵਿਚ ਝੋਨਾ ਲਗਾਉਣ ਦੀ ਤਰੀਕ ਨਿਸ਼ਚਿਤ ਕਰਨ ਦੀ ਮੰਗ ਕੀਤੀ ਗਈ।
ਇਸ ਮੌਕੇ ਡਾ. ਨਵਸ਼ਰਨ ਦੇ ਘਰ ਈ.ਡੀ. ਦੇ ਛਾਪੇ ਲਈ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਗਈ।