#PUNJAB

ਕਿਸਾਨ ਅੰਦੋਲਨ: ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਨੇ ਕਿਸਾਨ

ਚੰਡੀਗੜ੍ਹ, 20 ਫਰਵਰੀ (ਪੰਜਾਬ ਮੇਲ)- ਕਿਸਾਨਾਂ ਵੱਲੋਂ ਐੱਮ.ਐੱਸ.ਪੀ. ਦੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਰਜ਼ਮਾ ਮੁਆਫ਼ੀ, ਲਖੀਮਪੁਰ ਖਿਰੀ ਦਾ ਇਨਸਾਫ਼ ਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਕੇਂਦਰ ਵੱਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਹੁਣ ਤੱਕ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ ‘ਚ ਕੋਈ ਸਹਿਮਤੀ ਨਹੀਂ ਬਣ ਸਕੀ ਤੇ ਕਿਸਾਨਾਂ ਵੱਲੋਂ 21 ਫ਼ਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵੇਲੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ।
ਇਸ ਵਿਚਾਲੇ ਜਿੱਥੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਪੈਂਤੜੇ ਖੇਡੇ ਜਾ ਰਹੇ ਹਨ, ਉੱਥੇ ਹੀ ਹੁਣ ਕਿਸਾਨਾਂ ਨੂੰ ਮੌਸਮ ਦਾ ਮਾਰ ਵੀ ਝੱਲਣੀ ਪੈ ਰਹੀ ਹੈ। ਸ਼ੰਭੂ ਬਾਰਡਰ ‘ਤੇ ਤੇਜ਼ ਬਾਰਿਸ਼ ਸ਼ੁਰੂ ਹੋ ਗਈ ਹੈ। ਕਿਸਾਨ ਇਸ ਸਭ ਦਾ ਮੁਕਾਬਲਾ ਕਰਦਿਆਂ ਵੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਬਾਰਿਸ਼ ਤੋਂ ਬਚਨ ਲਈ ਆਪਣੀਆਂ ਟਰਾਲੀਆਂ ਵਿਚ ਬੈਠੇ ਹਨ।