ਕਿਸਾਨ ਆਗੂਆਂ ਵੱਲੋਂ ਪੰਜਾਬ ਵਿਧਾਨ ਚੋਣਾਂ ਲੜਨ ਦੇ ਐਲਾਨ ਨਾਲ ਮਾਲਵਾ ਦੀ ਸਿਆਸਤ ’ਚ ਨਵੀਂ ਚਰਚਾ ਛਿੜੀ

179
Share

-ਸੰਘਰਸ਼ੀ ਲਹਿਰਾਂ ਨਾਲ ਜੁੜੇ ਕਿਸਾਨ ਆਗੂਆਂ ਵੱਲੋਂ ਚੋਣ ਮੈਦਾਨ ’ਚ ਉਤਰਨ ਦੀ ਤਿਆਰੀ
ਮਾਨਸਾ, 27 ਦਸੰਬਰ (ਪੰਜਾਬ ਮੇਲ)- ਕਿਸਾਨ ਆਗੂਆਂ ਵੱਲੋਂ ਪੰਜਾਬ ਦੀਆਂ ਵਿਧਾਨ ਚੋਣਾਂ ਲੜਨ ਦੇ ਕੀਤੇ ਐਲਾਨ ਮਗਰੋਂ ਮਾਲਵਾ ਖੇਤਰ ਦੀ ਰਾਜਨੀਤੀ ’ਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ। ਅਜਿਹੇ ਵਿਚ ਸੰਘਰਸ਼ੀ ਲਹਿਰਾਂ ਨਾਲ ਜੁੜੇ ਆਗੂ ਚੋਣ ਮੈਦਾਨ ਵਿਚ ਨਿੱਤਰਨ ਦੀ ਤਿਆਰੀ ਕਰ ਰਹੇ ਹਨ। ਇਨ੍ਹਾਂ ਚਰਚਾਵਾਂ ਨੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਅਤੇ ਹੋਰ ਸਿਆਸੀ ਧਿਰਾਂ ਨੂੰ ਇੱਕ ਵਾਰ ਝੂਰਨ ਲਈ ਮਜਬੂਰ ਕਰ ਦਿੱਤਾ ਹੈ।
ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਖਾਹਸ਼ਾਂ ਵੇਖਦਿਆਂ ਅਜਿਹਾ ਫੈਸਲਾ ਲੈਣਾ ਪਿਆ ਹੈ। ਖੇਤੀ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਸਿਆਸੀ ਪਾਰਟੀਆਂ ਨਾਲ ਭਿੜ ਗਈ। ਉਨ੍ਹਾਂ ਨੇ ਅੰਦੋਲਨ ਜਿੱਤਣ ਤੋਂ ਬਾਅਦ ਰਿਵਾਇਤੀ ਪਾਰਟੀਆਂ ਤੋਂ ਪਾਸਾ ਵੱਟ ਕੇ ਕਿਸਾਨ ਆਗੂਆਂ ਨੂੰ ਮੈਦਾਨ ਵਿਚ ਉਤਰਨ ਦੀ ਹੱਲਾਸ਼ੇਰੀ ਦਿੱਤੀ, ਜਿਸ ਕਰਕੇ ਸੰਯੁਕਤ ਸਮਾਜ ਮੋਰਚਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਮੋਰਚੇ ਨੇ ਉਨ੍ਹਾਂ ਨੂੰ ਮੈਦਾਨ ਵਿਚ ਉਤਾਰਿਆ, ਤਾਂ ਉਹ ਚੋਣ ਲੜਨ ਲਈ ਤਿਆਰ ਰਹਿਣਗੇ।
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਇੱਕ-ਦੋ ਦਿਨਾਂ ਵਿਚ ਸੰਯੁਕਤ ਸਮਾਜ ਮੋਰਚਾ ਦਾ ਹਿੱਸਾ ਬਣ ਜਾਵੇਗੀ ਅਤੇ ਜੇ ਮੋਰਚੇ ਵੱਲੋਂ ਉਨ੍ਹਾਂ ਨੂੰ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਸਮੇਤ ਹੋਰ ਕਿਸੇ ਵਿਧਾਨ ਸਭਾ ਹਲਕੇ ਤੋਂ ਲੜਨ ਲਈ ਉਮੀਦਵਾਰ ਬਣਾਇਆ ਜਾਂਦਾ ਹੈ, ਤਾਂ ਉਹ ਇਸ ਫੈਸਲੇ ਨੂੰ ਸਵੀਕਾਰ ਕਰਨਗੇ।
ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਤ ਵੇਖ ਕੇ ਲੋਕਾਂ ਵੱਲੋਂ ਜਥੇਬੰਦਕ ਆਗੂਆਂ ’ਤੇ ਚੋਣ ਲੜਨ ਲਈ ਦਬਾਅ ਪਾਇਆ ਜਾ ਰਿਹਾ ਸੀ। ਪੰਜਾਬ ਦੇ ਲੋਕ ਮੌਜੂਦਾ ਵੱਡੀਆਂ ਸਿਆਸੀ ਧਿਰਾਂ ਦੇ ਵਾਅਦਿਆਂ ਤੋਂ ਅੱਕੇ ਪਏ ਹਨ, ਉਨ੍ਹਾਂ ਨੂੰ ਆਪਣਾ ਭਵਿੱਖ ਜਥੇਬੰਦਕ ਧਿਰਾਂ ਤੋਂ ਚੰਗਾ ਵਿਖਾਈ ਦੇਣ ਲੱਗਿਆ ਸੀ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਪੰਜਾਬ ਦੇ ਮਾੜੇ ਸਿਸਟਮ ਵਿਚ ਸੁਧਾਰ ਲਿਆਉਣ ਦਾ ਹਰ ਉਪਰਾਲਾ ਕਰੇਗਾ। ਰੁਲਦੂ ਸਿੰਘ ਨੇ ਕਿਹਾ ਕਿ ਜੇ ਮੋਰਚੇ ਵੱਲੋਂ ਉਨ੍ਹਾਂ ਨੂੰ ਰਾਜ ਵਿਚ ਮਾਨਸਾ ਸਮੇਤ ਕਿਤਿਓਂ ਵੀ ਚੋਣ ਲੜਨ ਲਈ ਮੈਦਾਨ ’ਚ ਉਤਾਰਿਆ ਜਾਂਦਾ ਹੈ, ਤਾਂ ਉਹ ਬੇਝਿਜਕ ਹੋ ਕੇ ਮੋਰਚੇ ਦੇ ਹੁਕਮ ਨੂੰ ਮੰਨਣਗੇ।

Share