ਕਿਸਾਨ ਜਥੇਬੰਦੀਆਂ ਵੱਲੋਂ ‘ਅਪਰੇਸ਼ਨ ਕਲੀਨ’ ਦਾ ਜਵਾਬ ‘ਅਪਰੇਸ਼ਨ ਸ਼ਕਤੀ’ ਨਾਲ ਕਰਨ ਦਾ ਐਲਾਨ

353
Share

* ਦੇਸ਼ ਭਰ ’ਚ 10 ਮਈ ਨੂੰ ਹੋਵੇਗੀ ਵਿਸ਼ੇਸ਼ ਕਾਨਫਰੰਸ
ਨਵੀਂ ਦਿੱਲੀ, 20 ਅਪ੍ਰੈਲ (ਪੰਜਾਬ ਮੇਲ)- ਕਿਸਾਨ ਜਥੇਬੰਦੀਆਂ ਨੇ ‘ਅਪਰੇਸ਼ਨ ਕਲੀਨ’ ਦਾ ਮੁਕਾਬਲਾ ‘ਅਪਰੇਸ਼ਨ ਸ਼ਕਤੀ’ ਨਾਲ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ‘ਵਿਰੋਧ ਹਫ਼ਤਾ’ ਮਨਾ ਕੇ ਸਾਰੇ ਮੋਰਚਿਆਂ ’ਤੇ ਕਰੋਨਾ ਨਾਲ ਲੜਨ ਦਾ ਸਖ਼ਤ ਪ੍ਰਬੰਧ ਕਰਨਗੇ। ਇਸ ਦੇ ਨਾਲ ਕਿਸਾਨਾਂ ਨੂੰ ਅਗਲੇ ਹਫ਼ਤੇ ਤੋਂ ਆਪਣੇ ਮੋਰਚਿਆਂ ’ਤੇ ਵਾਪਸ ਸੱਦਣ ਦੀ ਯੋਜਨਾ ਬਣਾਈ ਗਈ ਹੈ। ਸੰਯੁਕਤ ਕਿਸਾਨ ਮੋਰਚੇ ਦੀ ਸ਼ਨਿੱਚਰਵਾਰ ਨੂੰ ਹੋਈ ਮੀਟਿੰਗ ਦੇ ਫੈਸਲਿਆਂ ਦਾ ਸਿੰਘੂ ਬਾਰਡਰ ’ਤੇ ਐਲਾਨ ਕੀਤਾ ਗਿਆ। ਸਵਰਾਜ ਇੰਡੀਆ ਦੇ ਆਗੂ ਯੋਗੇਂਦਰ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਇਹ ਸੰਕੇਤ ਮਿਲ ਰਹੇ ਹਨ ਕਿ ਸਰਕਾਰ ਕਰੋਨਾ ਦੀ ਲਾਗ ਦੇ ਬਹਾਨੇ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਘੜ ਰਹੀ ਹੈ। ਉਨ੍ਹਾਂ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੱਛਮੀ ਬੰਗਾਲ ’ਚ ਵਿਧਾਨ ਸਭਾ ਚੋਣਾਂ ਖ਼ਤਮ ਹੁੰਦੇ ਸਾਰ ਹੀ ਹਰਿਆਣਾ ਅਤੇ ਕੇਂਦਰ ਸਰਕਾਰ ਨੇ ‘ਅਪਰੇਸ਼ਨ ਕਲੀਨ’ ਦੇ ਨਾਮ ’ਤੇ ਕਿਸਾਨ ਮੋਰਚਿਆਂ ਦਾ ਸਫਾਇਆ ਕਰਨ ਦੀ ਯੋਜਨਾ ਬਣਾਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਅਜਿਹੀ ਕੋਈ ਕਾਰਵਾਈ ਹੁੰਦੀ ਹੈ, ਤਾਂ ਕਿਸਾਨ ‘ਅਪਰੇਸ਼ਨ ਸ਼ਕਤੀ’ ਰਾਹੀਂ ਇਸ ਦਾ ਡੱਟ ਕੇ ਵਿਰੋਧ ਕਰਨਗੇ। ਸ਼੍ਰੀ ਯਾਦਵ ਨੇ ਕਿਹਾ ਕਿ ਇਸ ਚੁਣੌਤੀ ਦਾ ਮੁਕਾਬਲਾ ਕਰਨ ਲਈ ਕਿਸਾਨਾਂ ਨੇ ਦੋਹਰੀ ਰਣਨੀਤੀ ਬਣਾਈ ਹੈ। ਸਾਰੇ ਕਿਸਾਨਾਂ ਨੂੰ ਵਾਢੀ ਦਾ ਕੰਮ ਮੁਕੰਮਲ ਹੁੰਦੇ ਸਾਰ ਮੋਰਚਿਆਂ ਵੱਲ ਪਰਤਣ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪਹਿਲਾਂ ਹੀ ਆਪਣੇ ਮੈਂਬਰਾਂ ਨੂੰ ਟਿਕਰੀ ਬਾਰਡਰ ’ਤੇ ਪਹੁੰਚਣ ਲਈ ਕਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਹੋਰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ 24 ਅਪਰੈਲ ਤੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ‘ਫਿਰ ਦਿੱਲੀ ਚਲੋ’ ਦਾ ਸੱਦਾ ਦੇ ਕੇ ਆਪਣੇ ਮੋਰਚਿਆਂ ਤੱਕ ਪਹੁੰਚਣ ਦਾ ਪ੍ਰੋਗਰਾਮ ਬਣਾਉਣ। ਜ਼ਿਕਰਯੋਗ ਹੈ ਕਿ 24 ਅਪ੍ਰੈਲ ਨੂੰ ਦਿੱਲੀ ਦੇ ਬਾਰਡਰਾਂ ’ਤੇ ਚੱਲ ਰਹੇ ਅੰਦੋਲਨ ਨੂੰ 150 ਦਿਨ ਪੂਰੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਹਫ਼ਤਿਆਂ ’ਚ ਮੋਰਚਿਆਂ ’ਤੇ ਕਰੋਨਾ ਦਾ ਮੁਕਾਬਲਾ ਕਰਨ ਲਈ ਸਖ਼ਤ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਵੰਬਰ ਵਿਚ ਮੋਰਚੇ ਲੱਗਣ ਸਮੇਂ ਵੀ ਦਿੱਲੀ ’ਚ ਕਰੋਨਾ ਫੈਲਿਆ ਹੋਇਆ ਸੀ ਪਰ ਪਿਛਲੇ 5 ਮਹੀਨਿਆਂ ਵਿਚ ਕਿਸਾਨਾਂ ਦੇ ਮੋਰਚੇ ਵਿਚ ਕਰੋਨਾ ਦੇ ਫੈਲਣ ਦੀ ਕਦੇ ਕੋਈ ਸਮੱਸਿਆ ਨਹੀਂ ਆਈ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕਿਸਾਨੀ ਅੰਦੋਲਨ ਵੱਲ ਕਰੋਨਾ ਲਈ ਉਂਗਲ ਉਠਾਉਣ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਖ਼ੁਦ ਵਿਧਾਨ ਸਭਾ ਚੋਣਾਂ ਵਿਚ ਸਭ ਤੋਂ ਵੱਧ ਲੋਕਾਂ ਨੂੰ ਲਾਮਬੰਦ ਕਰਨ ਦਾ ਦਾਅਵਾ ਕਰ ਰਹੇ ਹਨ ਅਤੇ ਸਰਕਾਰ ਨੂੰ ਕੋਈ ਨੈਤਿਕ ਅਧਿਕਾਰ ਨਹੀਂ ਹੈ ਕਿ ਉਹ ਮਹਾਮਾਰੀ ਤੋਂ ਬਚਣ ਲਈ ਕਿਸਾਨਾਂ ਨੂੰ ਸਲਾਹ ਦੇਵੇ। ਮੋਰਚੇ ਨੇ ਐਲਾਨ ਕੀਤਾ ਕਿ 20 ਅਪ੍ਰੈਲ ਤੋਂ 26 ਅਪ੍ਰੈਲ ਤੱਕ ਸਾਰੇ ਮੋਰਚਿਆਂ ’ਤੇ ‘ਵਿਰੋਧ ਹਫ਼ਤਾ’ ਮਨਾਇਆ ਜਾਵੇਗਾ, ਜਿਸ ਤਹਿਤ ਕਰੋਨਾ ਦਾ ਮੁਕਾਬਲਾ ਕਰਨ ਲਈ ਪ੍ਰਬੰਧ ਕੀਤੇ ਜਾਣਗੇ। ਕਿਸਾਨਾਂ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਵੱਲ ਮਾਰਚ ਦੀ ਤਰੀਕ ਅਤੇ ਇਸ ਦੇ ਸਰੂਪ ਦਾ ਐਲਾਨ ਸਥਿਤੀ ਦੇ ਮੁਲਾਂਕਣ ਤੋਂ ਬਾਅਦ ਢੁੱਕਵੇਂ ਸਮੇਂ ’ਤੇ ਕੀਤਾ ਜਾਵੇਗਾ। ਕਿਸਾਨ ਆਗੂਆਂ ਨੂੰ ਮਾਰਨ ਦੀ ਯੋਜਨਾ ਬਣਾਉਣ ਲਈ ਦਿੱਲੀ ਪੁਲਿਸ ਵੱਲੋਂ ਕੁਝ ਵਿਅਕਤੀਆਂ ਦੀ ਗਿ੍ਰਫਤਾਰੀ ਦੀ ਖ਼ਬਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਮੰਗ ਕੀਤੀ ਕਿ ਇਸ ਦੇ ਵੇਰਵੇ ਜਨਤਕ ਕੀਤੇ ਜਾਣ। ਉਨ੍ਹਾਂ ਟੌਲ ਪਲਾਜ਼ਿਆਂ ਨੂੰ ਮੁਕਤ ਬਣਾਉਣ ਲਈ ਇੱਕ ਪ੍ਰੋਗਰਾਮ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ 10 ਮਈ ਨੂੰ ਦੇਸ਼ ਭਰ ਵਿਸ਼ੇਸ਼ ਕਾਨਫ਼ਰੰਸ ਕੀਤੀ ਜਾਵੇਗੀ। ਇਸ ਦਿਨ 1857 ’ਚ ਦੇਸ਼ ਦੀ ਆਜ਼ਾਦੀ ਲਈ ਪਹਿਲਾ ਸੰਘਰਸ਼ ਆਰੰਭ ਹੋਇਆ ਸੀ।
ਡਾ. ਦਰਸ਼ਨਪਾਲ ਨੇ ਕਿਹਾ ਕਿ ਸਾਰੇ ਮੋਰਚਿਆਂ ’ਤੇ ਟਰਾਲੀਆਂ ਜਾਂ ਟੈਂਟਾਂ ਨੂੰ ਕਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਰੱਖਣ ਬਾਰੇ ਸੂਚਿਤ ਕੀਤਾ ਜਾਵੇਗਾ। ਕਿਸਾਨਾਂ ਨੂੰ ਮਾਸਕ ਦੇਣ ਤੋਂ ਇਲਾਵਾ ਟੀਕਾਕਰਨ ਕੈਂਪ ਵੀ ਲਗਾਏ ਜਾਣਗੇ। ਰੋਜ਼ਾਨਾ ਮੀਟਿੰਗਾਂ ’ਚ ਭੀੜ ਹੋਣ ਕਰਕੇ ਲਾਗ ਫੈਲਣ ਤੋਂ ਰੋਕਣ ਲਈ ਪ੍ਰਬੰਧ ਕੀਤੇ ਜਾਣਗੇ, ਮੈਡੀਕਲ ਕੈਂਪਾਂ ਵਿਚ ਥਰਮਾਮੀਟਰਾਂ, ਮਾਸਕਾਂ ਤੇ ਆਕਸੀਮੀਟਰਾਂ ਦੀ ਗਿਣਤੀ ’ਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੱਛਣ ਦਿਖਾਈ ਦੇਣ ਵਾਲੇ ਵਿਅਕਤੀਆਂ ਦੇ ਇਲਾਜ ਦਾ ਤੁਰੰਤ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ ਦੀ ਰੋਕਥਾਮ ਅਤੇ ਇਲਾਜ ਵਿਚ ਸਥਾਨਕ ਪ੍ਰਸ਼ਾਸਨ ਦਾ ਕਿਸਾਨਾਂ ਵੱਲੋਂ ਪੂਰਾ ਸਹਿਯੋਗ ਕੀਤਾ ਜਾਵੇਗਾ।

Share