ਕਿਸਾਨ ਜਥੇਬੰਦੀਆਂ ਵੱਲੋਂ 8 ਮਈ ਨੂੰ ‘ਤਾਲਾਬੰਦੀ’ ਦਾ ਵਿਰੋਧ ਕਰਨ ਦਾ ਫੈਸਲਾ

81
Share

* ਦੁਕਾਨਦਾਰ ਦੁਕਾਨਾਂ ਖੋਲ੍ਹ ਕੇ ਦਰਜ ਕਰਵਾਉਣਗੇ ਵਿਰੋਧ
ਨਵੀਂ ਦਿੱਲੀ, 6 ਮਈ (ਪੰਜਾਬ ਮੇਲ)-ਦਿੱਲੀ ਮੋਰਚੇ ’ਤੇ ਡਟੀਆਂ 32 ਕਿਸਾਨ ਯੂਨੀਅਨਾਂ ਨੇ ਕੋਰੋਨਾ ਵਾਇਰਸ ਦੇ ਨਾਂ ਹੇਠ ਥੋਪੇ ‘ਲਾਕਡਾਊਨ’ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਹ 8 ਮਈ ਨੂੰ ਇਨ੍ਹਾਂ ਪਾਬੰਦੀਆਂ ਦਾ ਵਿਰੋਧ ਕਰਨਗੇ ਜਦੋਂਕਿ ਦੁਕਾਨਦਾਰ ਆਪਣੀਆਂ ਦੁਕਾਨਾਂ ਖੋਲ੍ਹ ਕੇ ਇਸ ਵਿਰੋਧ ਦਾ ਹਿੱਸਾ ਬਣਨਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਖੁੰਝੀ ਤੇ ਹੁਣ ਆਪਣੀ ਇਸੇ ਨਾਕਾਮੀ ’ਤੇ ਪਰਦਾ ਪਾਉਣ ਤੇ ਲੋਕ ਵਿਰੋਧੀ ਫੈਸਲੇ ਲੈਣ ਲਈ ‘ਤਾਲਾਬੰਦੀ’ ਜਿਹੇ ਫੈਸਲੇ ਲਾਗੂ ਕਰ ਰਹੀ ਹੈ। ਲਾਕਡਾਊਨ ਦੇ ਵਿਰੋਧ ਦਾ ਫੈਸਲਾ ਬੁੱਧਵਾਰ ਇਥੇ ਸਿੰਘੂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਦੀ ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ ਦੀ ਪ੍ਰਧਾਨਗੀ ’ਚ ਹੋਈ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਉਪਰੰਤ ਬਲਦੇਵ ਸਿੰਘ ਨਿਹਾਲਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੋਨਾ ਵਿਰੁੱਧ ਲੜਨ ’ਚ ਅਸਫਲ ਰਹੀ ਹੈ। ਸਰਕਾਰ ਨਾਗਰਿਕਾਂ ਨੂੰ ਸਿਹਤ ਸਹੂਲਤਾਂ ਤੇ ਬੁਨਿਆਦੀ ਸਹੂਲਤਾਂ ਜਿਵੇਂ ਆਕਸੀਜਨ, ਬੈੱਡ, ਦਵਾਈਆਂ ਆਦਿ ਮੁਹੱਈਆ ਕਰਵਾਉਣ ’ਚ ਨਾਕਾਮ ਰਹੀ ਹੈ।
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਤਾਲਾਬੰਦੀ ਕਰਕੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਆਮ ਨਾਗਰਿਕਾਂ ਦੀਆਂ ਜ਼ਿੰਦਗੀਆਂ ਵੱਡੇ ਪੱਧਰ ’ਤੇ ਪ੍ਰਭਾਵਿਤ ਹੋਈਆਂ ਹਨ। ਲਿਹਾਜ਼ਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ 8 ਮਈ ਨੂੰ ਵੱਡੀ ਗਿਣਤੀ ’ਚ ਕਿਸਾਨ, ਮਜ਼ਦੂਰ, ਦੁਕਾਨਦਾਰ ਸੜਕਾਂ ’ਤੇ ਉੱਤਰ ਕੇ ਸੂਬੇ ਵਿਚ ਤਾਲਾਬੰਦੀ ਦਾ ਵਿਰੋਧ ਕਰਨਗੇ।

Share