ਕਿਸਾਨ ਜਥੇਬੰਦੀਆਂ ਹਾਕਮਾਂ ਦੀ ਵੋਟ ਸਿਆਸਤ ’ਚ ਉਲਝਣ ਦੀ ਥਾਂ ਕਿਸਾਨ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ’ਤੇ ਧਿਆਨ ਦੇਣ : ਉਗਰਾਹਾਂ

182
BKU Ekta Ugrahan leaders during the state level meeting taking place at Teachers Home in Bathinda on Wednesday.-- Tribune photo: Pawan sharma
Share

ਕਿਹਾ: ਨਾ ਚੋਣਾਂ ’ਚ ਹਿੱਸਾ ਲਵਾਂਗੇ ਤੇ ਨਾ ਹੀ ਕਿਸੇ ਪਾਰਟੀ ਦੀ ਹਮਾਇਤ ਕਰਾਂਗੇ
– ਚੋਣਾਂ ਦੇ ਬਾਈਕਾਟ ਦਾ ਵੀ ਕੋਈ ਸੱਦਾ ਨਹੀਂ
ਮਾਨਸਾ, 25 ਦਸੰਬਰ (ਪੰਜਾਬ ਮੇਲ)- ਪੰਜਾਬ ਦੀਆਂ ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਫ਼ੈਸਲੇ ’ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਹੈ ਕਿ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੂੰ ਹਾਕਮਾਂ ਦੀ ਵੋਟ ਸਿਆਸਤ ’ਚ ਉਲਝਣ ਦੀ ਥਾਂ ਕਿਸਾਨ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ’ਤੇ ਧਿਆਨ ਕੇਂਦਰਿਤ ਰੱਖਣਾ ਚਾਹੀਦਾ ਹੈ।
ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਸੰਘਰਸ਼ ਨੇ ਵੀ ਇਹ ਸਾਬਿਤ ਕਰ ਦਿੱਤਾ ਹੈ ਕਿ ਕਿਸਾਨ ਹੱਕਾਂ ਅਤੇ ਹਿੱਤਾਂ ਦੀ ਰਾਖੀ ਸੰਸਦ ਜਾਂ ਵਿਧਾਨ ਸਭਾਵਾਂ ਵਿਚ ਬੈਠ ਕੇ ਨਹੀਂ ਹੁੰਦੀ, ਸਗੋਂ ਉਸ ਦੇ ਮੁਕਾਬਲੇ ਸੜਕਾਂ ’ਤੇ ਸੰਘਰਸ਼ ਕਰ ਕੇ ਹੋਈ ਹੈ। ਉਨ੍ਹਾਂ ਕਿਹਾ ਕਿ ਅਜੇ ਸਿਰਫ ਖੇਤੀ ਕਾਨੂੰਨ ਵਾਪਸ ਹੋਏ ਹਨ, ਜਦਕਿ ਐੱਮ.ਐੱਸ.ਪੀ. ਅਤੇ ਕਰਜ਼ਾ ਮੁਆਫ਼ੀ ਸਮੇਤ ਬਹੁਤ ਵੱਡੇ-ਵੱਡੇ ਮਸਲੇ ਅਜੇ ਸਿਰ ’ਤੇ ਖੜ੍ਹੇ ਹਨ। ਇਨ੍ਹਾਂ ਮਸਲਿਆਂ ਦੇ ਹੱਲ ਲਈ ਕਿਸਾਨਾਂ ਦੀ ਟੇਕ ਹਮੇਸ਼ਾ ਸੰਘਰਸ਼ਾਂ ’ਤੇ ਰਹਿਣੀ ਚਾਹੀਦੀ ਹੈ। ਕਿਸਾਨ ਲਹਿਰ ਸਾਹਮਣੇ ਬਹੁਤ ਵੱਡੀਆਂ ਚੁਣੌਤੀਆਂ ਮੌਜੂਦ ਹਨ ਅਤੇ ਕਿਸਾਨ ਆਗੂਆਂ ਨੂੰ ਇਨ੍ਹਾਂ ਚੁਣੌਤੀਆਂ ਦੇ ਟਾਕਰੇ ਲਈ ਸੰਘਰਸ਼ਾਂ ਨੂੰ ਹੋਰ ਵਿਸ਼ਾਲ ਅਤੇ ਮਜ਼ਬੂਤ ਕਰਨ ’ਤੇ ਹੀ ਆਪਣਾ ਸਾਰਾ ਧਿਆਨ ਕੇਂਦਰਿਤ ਰੱਖਣਾ ਚਾਹੀਦਾ ਹੈ।
ਆਗੂਆਂ ਨੇ ਕਿਹਾ, ‘‘ਸਾਡੀ ਜਥੇਬੰਦੀ ਦੀ ਸਥਿਤੀ ਬਹੁਤ ਸਪੱਸ਼ਟ ਹੈ ਕਿ ਇਹ ਨਾ ਤਾਂ ਚੋਣਾਂ ’ਚ ਖੁਦ ਹਿੱਸਾ ਲਵੇਗੀ ਤੇ ਨਾ ਹੀ ਕਿਸੇ ਪਾਰਟੀ ਦੀ ਹਮਾਇਤ ਕਰੇਗੀ। ਚੋਣਾਂ ਦੇ ਬਾਈਕਾਟ ਦਾ ਵੀ ਕੋਈ ਸੱਦਾ ਨਹੀਂ ਹੈ। ਅਸੀਂ ਮੌਜੂਦਾ ਚੋਣ-ਸਿਆਸਤ ਨੂੰ ਲੋਕਾਂ ਲਈ ਇਕ ਭਟਕਾਊ ਸਰਗਰਮੀ ਸਮਝਦੇ ਹਾਂ, ਇਸ ਲਈ ਚੋਣਾਂ ਦੌਰਾਨ ਕਿਸਾਨਾਂ ਨੂੰ ਆਪਣੀ ਏਕਤਾ ਕਾਇਮ ਰੱਖਣ ਦਾ ਸੁਨੇਹਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਦੇ ਨਾਲ-ਨਾਲ ਸਮੂਹ ਕਿਰਤੀ ਲੋਕਾਂ ਦੇ ਅਹਿਮ ਤੇ ਬੁਨਿਆਦੀ ਮਸਲਿਆਂ ਨੂੰ ਵੀ ਉਭਾਰਿਆ ਜਾਵੇਗਾ ਅਤੇ ਇਨ੍ਹਾਂ ਮਸਲਿਆਂ ਦੀ ਪ੍ਰਾਪਤੀ ਲਈ ਲੋਕਾਂ ਨੂੰ ਸੰਘਰਸ਼ਾਂ ’ਤੇ ਟੇਕ ਰੱਖਣ ਦਾ ਹੋਕਾ ਦਿੱਤਾ ਜਾਵੇਗਾ।’’

Share