#PUNJAB

ਕੇਂਦਰ ਵੱਲੋਂ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ

* ਦੇਸ਼ ਅਤੇ ਵਿਦੇਸ਼ ਤੋਂ ਖਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਦੀ ਸੁਰੱਖਿਆ ਵਧਾਈ
ਨਵੀਂ ਦਿੱਲੀ, 31 ਮਈ (ਪੰਜਾਬ ਮੇਲ)-ਕੇਂਦਰ ਸਰਕਾਰ ਨੇ ਦੇਸ਼ ਤੇ ਵਿਦੇਸ਼ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੇਸ਼ ਤੇ ਵਿਦੇਸ਼ ਤੋਂ ਸੰਭਾਵੀ ਖਤਰੇ ਨੂੰ ਦੇਖਦਿਆਂ ਉਨ੍ਹਾਂ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਹੈ। ਇਹ ਜਾਣਕਾਰੀ ਅਧਿਕਾਰਤ ਸੂਤਰਾਂ ਨੇ ਦਿੱਤੀ।
ਸੂਤਰਾਂ ਨੇ ਦੱਸਿਆ ਕਿ 49 ਸਾਲਾ ਭਗਵੰਤ ਮਾਨ ਨੂੰ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ ਵੀ.ਆਈ.ਪੀ. ਸੁਰੱਖਿਆ ਦਸਤੇ ਵੱਲੋਂ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਸੂਤਰਾਂ ਨੇ ਦੱਸਿਆ ਕਿ ਭਗਵੰਤ ਮਾਨ ਨੂੰ ਪੂਰੇ ਭਾਰਤ ‘ਚ ਸਿਖਰਲੀ ਸ਼੍ਰੇਣੀ ਦੀ ‘ਜ਼ੈੱਡ ਪਲੱਸ’ ਸੁਰੱਖਿਆ ਦਿੱਤੀ ਜਾਵੇਗੀ ਅਤੇ ਗ੍ਰਹਿ ਮੰਤਰਾਲੇ ਨੇ ਹਾਲ ਹੀ ਵਿਚ ਇਸ ਦੀ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੀ.ਆਰ.ਪੀ.ਐੱਫ. ਜਲਦੀ ਹੀ ਭਗਵੰਤ ਮਾਨ ਦੀ ਸੁਰੱਖਿਆ ਦਾ ਜ਼ਿੰਮਾ ਸੰਭਾਲੇਗੀ ਅਤੇ ਇਸ ਲਈ 55 ਹਥਿਆਰਬੰਦ ਜਵਾਨਾਂ ਦੀ ਟੀਮ ਭੇਜੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਪੰਜਾਬ ਪੁਲਿਸ ਦੀ ਸੁਰੱਖਿਆ ਤੋਂ ਇਲਾਵਾ ਦਿੱਤੀ ਗਈ ‘ਜ਼ੈੱਡ ਪਲੱਸ’ ਸੁਰੱਖਿਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਉਨ੍ਹਾਂ ਦੇ ਪਰਿਵਾਰ ਦੇ ਨੇੜਲੇ ਮੈਂਬਰਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਹੱਦੀ ਸੂਬੇ ‘ਚ ਖਾਲਿਸਤਾਨੀ ਗਤੀਵਿਧੀਆਂ ਕਾਰਨ ਮੁੱਖ ਮੰਤਰੀ ਨੂੰ ਖਤਰੇ ਦੇ ਖਦਸ਼ੇ ਨੂੰ ਦੇਖਦਿਆਂ ਕੇਂਦਰੀ ਏਜੰਸੀਆਂ ਤੇ ਸੁਰੱਖਿਆ ਏਜੰਸੀਆਂ ਨੇ ਭਗਵੰਤ ਮਾਨ ਨੂੰ ‘ਜ਼ੈੱਡ ਪਲੱਸ’ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ।

Leave a comment