#PUNJAB

ਕੇਂਦਰ ਸਰਕਾਰ ਨੇ ਕਾਂਗਰਸੀ ਪਿਛੋਕੜ ਵਾਲੇ ਭਾਜਪਾ ਆਗੂਆਂ ਦੀ ਸੁਰੱਖਿਆ ਘਟਾਈ

ਮੋਗਾ, 16 ਅਕਤੂਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਪੰਜਾਬ ਦੇ ਲਗਪਗ 40 ਭਾਜਪਾ ਆਗੂਆਂ ਦੀ ਸੁਰੱਖਿਆ ਘਟਾ ਦਿੱਤੀ ਹੈ ਜਿਨ੍ਹਾਂ ਵਿਚ ਉਹ ਆਗੂ ਵੀ ਸ਼ਾਮਲ ਦੱਸੇ ਜਾਂਦੇ ਹਨ, ਜੋ ਭਾਜਪਾ ਛੱਡ ਕੇ ਮੁੜ ਕਾਂਗਰਸ ‘ਚ ਸ਼ਾਮਲ ਹੋਣਾ ਚਾਹੁੰਦੇ ਹਨ। ਇਹ ਆਗੂ ਬੀਤੇ ਦਿਨੀਂ ਨਵੀਂ ਦਿੱਲੀ ‘ਚ ਕਾਂਗਰਸ ਦੇ ਕੌਮੀ ਸਕੱਤਰ ਨੂੰ ਵੀ ਮਿਲੇ ਸਨ। ਬਹੁਤੇ ਆਗੂਆਂ ਦੀ ਸੁਰੱਖਿਆ ਨੂੰ ਸ਼੍ਰੇਣੀ ‘ਵਾਈ’ ਤੋਂ ‘ਐਕਸ’ ਕਰ ਦਿੱਤੀ ਗਈ ਹੈ। ਇਸ ਕਾਰਵਾਈ ਨਾਲ ਭਾਜਪਾ ਦਾ ਪੰਜਾਬ ‘ਚੋਂ ਦਲ ਬਦਲੀ ਦਾ ਤਜਰਬਾ ਨਾਕਾਮ ਸਾਬਤ ਹੋਣ ਲੱਗਾ ਹੈ।
ਭਾਜਪਾ ਦੇ ਇੱਕ ਸੀਨੀਅਰ ਆਗੂ ਨੇ ਆਪਣਾ ਨਾਮ ਗੁਪਤ ਰੱਖਦਿਆਂ ਕਿਹਾ ਕਿ ਕਾਂਗਰਸ ਵਿਚ ਮੁੜ ਸ਼ਾਮਲ ਹੋਣ ਵਾਲੇ ਆਗੂ ਭਾਜਪਾ ਵਿਚ ਆਪਣੇ ਕੱਦ ਮੁਤਾਬਕ ਰੁਤਬਾ ਜਾਂ ਅਹੁਦਾ ਭਾਲਦੇ ਸਨ ਪਰ ਭਾਜਪਾ ਕੋਲ ਇਨ੍ਹਾਂ ਵਾਸਤੇ ਕੋਈ ਬਦਲ ਨਹੀਂ ਸੀ। ਜਾਣਕਾਰੀ ਅਨੁਸਾਰ ਪਿਛਲੇ ਸਾਲ ਸੂਬਾ ਸਰਕਾਰ ਨੇ ਇਨ੍ਹਾਂ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਕੇਂਦਰ ਦੀ ਭਾਜਪਾ ਸਰਕਾਰ ਨੇ ਇਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ ਪਰ ਹੁਣ ਕਰੀਬ ਇੱਕ ਸਾਲ ਬਾਅਦ ਮੁੜ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਗਈ ਹੈ।
ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ। ਇਸ ਬਦਲਾਅ ਦੇ ਪਿੱਛੇ ਕੀ ਕਾਰਨ ਹਨ, ਇਹ ਸਪੱਸ਼ਟ ਨਹੀਂ ਹੋਇਆ। ਐਕਸ ਸ਼੍ਰੇਣੀ ਵਿਚ 2 ਕਰਮਚਾਰੀਆਂ ਦੀ ਸੁਰੱਖਿਆ ਹੁੰਦੀ ਹੈ। ਇਸ ਵਿਚ ਕੋਈ ਕਮਾਂਡੋ ਸ਼ਾਮਲ ਨਹੀਂ ਹੁੰਦਾ ਹੈ। ਸਿਰਫ ਹਥਿਆਰਬੰਦ ਪੁਲਿਸ ਮੁਲਾਜ਼ਮ ਹੀ ਸ਼ਾਮਲ ਹੁੰਦੇ ਹਨ। ਦੇਸ਼ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੂੰ ਇਸ ਸ਼੍ਰੇਣੀ ਦੀ ਸੁਰੱਖਿਆ ਮਿਲਦੀ ਹੈ।
‘ਵਾਈ’ ਸ਼੍ਰੇਣੀ ਦੀ ਸੁਰੱਖਿਆ ਵਿਚ 1 ਜਾਂ 2 ਕਮਾਂਡੋ ਅਤੇ ਪੁਲਿਸ ਮੁਲਾਜ਼ਮਾਂ ਸਮੇਤ 8 ਸਿਪਾਹੀ ਹੁੰਦੇ ਹਨ। ਸੁਰੱਖਿਆ ਲਈ ਦੋ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐੱਸ.ਓ.) ਵੀ ਤਾਇਨਾਤ ਹੁੰਦੇ ਹਨ।
ਭਾਜਪਾ ‘ਚ ਕਰੀਬ ਇੱਕ ਸਾਲ ਪਹਿਲਾਂ ਸ਼ਾਮਲ ਹੋਏ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ 9 ਆਗੂਆਂ ਵੱਲੋਂ ਭਾਜਪਾ ਛੱਡ ਕੇ ਮੁੜ ਕਾਂਗਰਸ ‘ਚ ਸ਼ਾਮਲ ਹੋਣ ਨਾਲ ਕਾਂਗਰਸ ਤੇ ਭਾਜਪਾ ਉੱਤੇ ਸਵਾਲ ਖੜ੍ਹੇ ਹੋ ਰਹੇ ਹਨ। ਸਾਬਕਾ ਮੰਤਰੀ ਬਲਬੀਰ ਸਿੱਧੂ, ਰਾਜ ਕੁਮਾਰ ਵੇਰਕਾ ਅਤੇ ਗੁਰਪ੍ਰੀਤ ਕਾਂਗੜ ਉਹ ਆਗੂ ਹਨ, ਜੋ ਕਰੀਬ ਦੋ ਦਹਾਕਿਆਂ ਤੋਂ ਆਪੋ-ਆਪਣੇ ਹਲਕਿਆਂ ਤੋਂ ਚੋਣ ਲੜਦੇ ਆ ਰਹੇ ਹਨ ਪਰ ਸਾਲ 2022 ਦੀਆਂ ਵਿਧਾਨ ਚੋਣਾਂ ‘ਚ ਕਾਂਗਰਸ ਦੀ ਹਾਰ ਮਗਰੋਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

Leave a comment