ਕੇਂਦਰ ਸਰਕਾਰ ਵੱਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਖੇਤੀ ਕਾਨੂੰਨਾਂ ਬਾਰੇ ਬਿਆਨ ਅੰਦਰੂਨੀ ਮਾਮਲਿਆਂ ’ਚ ਦਖ਼ਲ ਕਰਾਰ

521
Share

ਖੇਤੀ ਕਾਨੂੰਨਾਂ ਬਾਰੇ ਟਰੂਡੋ ਦੀ ਟਿੱਪਣੀ ਵਿਗਾੜ ਸਕਦੀ ਹੈ ਦੁਵੱਲੇ ਸਬੰਧ : ਭਾਰਤ
ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਅੱਜ ਰਾਜ ਸਭਾ ਨੂੰ ਜਾਣਕਾਰੀ ਦਿੱਤੀ ਕਿ ਕੈਨੇਡਾ ਸਰਕਾਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖੇਤੀ ਕਾਨੂੰਨਾਂ ਬਾਰੇ ਕੀਤੀ ਬਿਆਨਬਾਜ਼ੀ ਦੁਵੱਲੇ ਸਬੰਧ ਵਿਗਾੜ ਸਕਦੀ ਹੈ। ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਵੀ. ਮੁਰਲੀਧਰਨ ਨੇ ਸਦਨ ਵਿਚ ਇਸ ਬਾਰੇ ਲਿਖਤੀ ਜਵਾਬ ਦਿੱਤਾ ਹੈ। ਉਪਰਲੇ ਸਦਨ ’ਚ ਸ਼ਿਵ ਸੈਨਾ ਮੈਂਬਰ ਅਨਿਲ ਦੇਸਾਈ ਨੇ ਟਰੂਡੋ ਦੇ ਬਿਆਨਾਂ ਬਾਰੇ ਸਰਕਾਰ ਕੋਲੋਂ ਜਵਾਬ ਮੰਗਿਆ ਸੀ। ਮੁਰਲੀਧਰਨ ਨੇ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਬਿਆਨਾਂ ਬਾਰੇ ਪਤਾ ਹੈ ਤੇ ਓਟਾਵਾ ਅਤੇ ਨਵੀਂ ਦਿੱਲੀ ’ਚ ਕੈਨੇਡਾ ਦੀ ਅਥਾਰਿਟੀ ਕੋਲ ਰੋਸ ਜ਼ਾਹਰ ਕੀਤਾ ਗਿਆ ਹੈ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਇਹ ਟਿੱਪਣੀਆਂ ਭਾਰਤ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲ ਹਨ ਅਤੇ ਗ਼ੈਰਵਾਜਬ ਤੇ ਬਰਦਾਸ਼ਤ ਤੋਂ ਬਾਹਰ ਹਨ। ਇਸ ਨਾਲ ਭਾਰਤ-ਕੈਨੇਡਾ ਦੇ ਰਿਸ਼ਤੇ ਪ੍ਰਭਾਵਿਤ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ’ਚ ਟਰੂਡੋ ਨੇ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਦੀ ਹਮਾਇਤ ਕੀਤੀ ਸੀ ਤੇ ਫ਼ਿਕਰ ਜ਼ਾਹਰ ਕੀਤਾ ਸੀ। ਟਰੂਡੋ ਨੇ ਕਿਹਾ ਸੀ ਕਿ ਕੈਨੇਡਾ ਹਮੇਸ਼ਾ ਸ਼ਾਂਤੀਪੂਰਨ ਰੋਸ ਪ੍ਰਗਟਾਉਣ ਦੇ ਹੱਕ ਦੀ ਰਾਖੀ ਲਈ ਦਿ੍ਰੜ੍ਹ ਹੈ, ਭਾਵੇਂ ਰੋਸ ਕਿਤੇ ਵੀ ਪ੍ਰਗਟਾਇਆ ਜਾ ਰਿਹਾ ਹੋਵੇ।

Share