ਕੇਂਦਰ ਸਰਕਾਰ ਵੱਲੋਂ ਗੁਰਪੁਰਬ ਮੌਕੇ ‘ਆਪ’ ਵਫਦ ਨੂੰ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ

261
Share

ਕੇਜਰੀਵਾਲ ਨੇ ਫੈਸਲੇ ’ਤੇ ਨਾਰਾਜ਼ਗੀ ਜਤਾਈ
ਚੰਡੀਗੜ੍ਹ, 18 ਨਵੰਬਰ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੂੰ 19 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਪਾਰਟੀ ਨੇ ਦੋਸ਼ ਲਾਇਆ ਕਿ ਇਸ ਨਾਲ ਕਾਂਗਰਸ ਅਤੇ ਭਾਜਪਾ ’ਚ ਸਬੰਧ ਜੱਗ-ਜ਼ਾਹਰ ਹੋ ਗਏ ਹਨ। ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਿਰਫ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਹੀ ਉਥੇ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਚੰਨੀ ਅਤੇ ਮੋਦੀ ਵਿਚਾਲੇ ਮੈਚ ਫਿਕਸਿੰਗ ਮੁੜ ਸਾਹਮਣੇ ਆ ਗਈ ਹੈ। ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਵੀ ਇਸ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ‘ਗੁਰਪੁਰਬ’ ਮੌਕੇ ‘ਗੁਰੂ ਘਰ’ ਵਿਚ ਜਾ ਕੇ ਮੱਥਾ ਟੇਕਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰਨਾ ਗਲਤ ਹੈ। ਅਜਿਹੀ ਰਾਜਨੀਤੀ ਦੇਸ਼ ਜਾਂ ਸਮਾਜ ਲਈ ਚੰਗੀ ਨਹੀਂ ਹੈ। ਕਿਸੇ ਨੂੰ ਵੀ ਅਰਦਾਸ ਕਰਨ ਤੋਂ ਨਹੀਂ ਰੋਕਿਆ ਜਾਣਾ ਚਾਹੀਦਾ। ਕੇਜਰੀਵਾਲ ਨੇ ਵੀਰਵਾਰ ਨੂੰ ਟਵੀਟ ਕੀਤਾ ਕਿ ਕੇਂਦਰ ਨੇ ਪੰਜਾਬ ਦੇ ‘ਆਪ’ ਵਿਧਾਇਕਾਂ, ਸੰਗਰੂਰ ਤੋਂ ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਦਿੱਲੀ ਦੇ ਵਿਧਾਇਕ ਅਤੇ ਸੂਬਾ ਸਹਿ-ਇੰਚਾਰਜ ਰਾਘਵ ਚੱਢਾ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Share