ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)-ਕੇਂਦਰੀ ਸੂਚਨਾ ਤਕਨਾਲੋਜੀ (ਆਈ.ਟੀ.) ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਸ ਫੇਸਬੁੱਕ, ਟਵਿੱਟਰ, ਵ੍ਹਟਸਐਪ ਅਤੇ ਲਿੰਕਡਇਨ ਨੂੰ ਚਿਤਾਵਨੀ ਦਿੱਤੀ ਹੈ ਜੇ ਉਨ੍ਹਾਂ ਦੀ ਵਰਤੋਂ ਭਾਰਤ ਵਿਚ ਝੂਠੀਆਂ ਖ਼ਬਰਾਂ ਫੈਲਾਉਣ, ਹਿੰਸਾ ਜਾਂ ਅਸ਼ਾਂਤੀ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ। ਮੰਤਰੀ ਨੇ ਰਾਜ ਸਭਾ ਵਿਚ ਸਿਫ਼ਰ ਕਾਲ ਦੌਰਾਨ ਵੱਖ-ਵੱਖ ਪੂਰਕ ਪ੍ਰਸ਼ਨਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਸੋਸ਼ਲ ਮੀਡੀਆ ਦਾ ਸਤਿਕਾਰ ਕਰਦੀ ਹੈ ਅਤੇ ਲੋਕਾਂ ਨੂੰ ਇਸ ਪਲੇਟਫਾਰਮ ਰਾਹੀਂ ਤਾਕਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੇ ਭਾਰਤ ਦੇ ਡਿਜੀਟਲ ਇੰਡੀਆ ਪ੍ਰੋਗਰਾਮ ਵਿਚ ਅਹਿਮ ਭੂਮਿਕਾ ਨਿਭਾਈ ਹੈ। ਸਰਕਾਰ ਆਲੋਚਨਾ ਦੇ ਅਧਿਕਾਰ ਦਾ ਵੀ ਸਤਿਕਾਰ ਕਰਦੀ ਹੈ ਪਰ ਅਜਿਹੇ ਫੋਰਮਾਂ ਨੂੰ ਦੇਸ਼ ਦੇ ਸੰਵਿਧਾਨ ਅਤੇ ਕਾਨੂੰਨਾਂ ਦੀ ਪਾਲਣਾ ਕਰਨੀ ਹੋਵੇਗੀ।