ਕੇਜਰੀਵਾਲ, ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਾ ਕਰੋ: ਕੈਪਟਨ ਅਮਰਿੰਦਰ ਸਿੰਘ

443
Share

ਧੋਖੇਬਾਜ਼ੀ ਤੇ ਸਿਆਸੀਕਰਨ ਰਾਹੀਂ ਕਿਸਾਨਾਂ ਦੀ ਹਮਦਰਦੀ ਜਿੱਤਣ ਦੀਆਂ ਨੌਟੰਕੀਆਂ ਕੇਜਰੀਵਾਲ ਦੇ ਕਿਸੇ ਕੰਮ ਨਹੀਂ ਆਉਣਗੀਆਂ
ਕੋਈ ਈ.ਡੀ.ਕੇਸ ਪੈਂਡਿੰਗ ਨਹੀਂ
ਚੰਡੀਗੜ, 23 ਦਸੰਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਨੀਵੇਂ ਦਰਜੇ ਦੀ ਰਾਜਨੀਤੀ ਅਤੇ ਦੂਸ਼ਣਬਾਜ਼ੀ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਸ਼ਾ ਵਿਖਾਉਦਿਆਂ ਸਪੱਸ਼ਟ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨਾਂ ਦੀ ਮੀਟਿੰਗ ਵਿੱਚ ਸਿਰਫ ਇਕੋ ਏਜੰਡਾ ਕੌਮੀ ਸੁਰੱਖਿਆ ਬਾਰੇ ਵਿਚਾਰਿਆ ਗਿਆ ਸੀ। ਉਨਾਂ ਕਿਹਾ ਕਿ ਸਰਹੱਦੀ ਸੂਬੇ ਦੇ ਗ੍ਰਹਿ ਮੰਤਰੀ ਵਜੋਂ ਉਹ ਦੁਸ਼ਮਣ ਗੁਆਂਢੀ ਦਾ ਸਾਹਮਣਾ ਕਰ ਰਹੇ ਹਨ ਜਿਸ ਕਾਰਨ ਉਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਸੂਬੇ ਵਿੱਚ ਚੱਲ ਰਹੀਆਂ ਗਤੀਵਿਧੀਆਂ ਬਾਰੇ ਭਾਰਤ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਉਹ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਵੀ ਸੰਕੋਚ ਨਹੀਂ ਕਰਨਗੇ ਜਦੋਂ ਵੀ ਗੁਆਂਢੀ ਦੁਸ਼ਮਣ ਦੇਸ਼ਾਂ ਵੱਲੋਂ ਅੰਦਰੂਨੀ ਸੁਰੱਖਿਆ ਮਾਮਲਿਆਂ ਵਿੱਚ ਸ਼ੈਅ ਦਿੱਤੀ ਜਾਂਦੀ ਰਹੇਗੀ।
ਆਪ ਨੇਤਾ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਬੇਬੁਨਿਆਦ ਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਇਨਾਂ ਦੀ ਘੋਰ ਨਿੰਦਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਦੋਸ਼ਾਂ ਵਿੱਚ ਕਤਈ ਸੱਚ ਨਹੀਂ ਹੈ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਆਪਣੇ ਪਰਿਵਾਰ ’ਤੇ ਚੱਲ ਰਹੇ ਈ.ਡੀ.ਕੇਸਾਂ ਦੇ ਸਬੰਧ ਵਿੱਚ ਮਿਲੇ ਸਨ। ਉਨਾਂ ਆਪ ’ਤੇ ਵਰਦਿਆਂ ਕਿਹਾ ਕਿ ਉਹ ਆਪਣੀ ਸਿਆਸਤ ਚਮਕਾਉਣ ਲਈ ਝੂਠ ਅਤੇ ਛਲ-ਫਰੇਬ ’ਤੇ ਆਧਾਰਿਤ ਉਨਾਂ ਖਿਲਾਫ ਮੁਹਿੰਮ ਚਲਾ ਰਹੇ ਹਨ। ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਈ.ਡੀ. ਵੱਲੋਂ ਉਨਾਂ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਗਿਆ। ਹਾਲਾਂਕਿ ਉਨਾਂ ਦੇ ਪੁੱਤਰ ਰਣਇੰਦਰ ਸਿੰਘ ਖਿਲਾਫ ਈ.ਡੀ. ਵੱਲੋਂ ਦਰਜ ਇਕ ਕੇਸ ਪਿਛਲੇ ਇਕ ਦਹਾਕੇ ਤੋਂ ਚੱਲ ਰਿਹਾ ਹੈ ਤੇ ਉਹ ਵੀ ਫੇਮਾ ਐਕਟ ਦੇ ਅਧੀਨ ਹੈ ਜੋ ਕਿ ਸਿਵਲ/ਵਿੱਤੀ ਮਾਮਲੇ ਨਾਲ ਜੁੜਿਆ ਹੋਇਆ ਹੈ। ਉਨਾਂ ਕਿਹਾ ਕਿ ਹਾਈ ਕੋਰਟ ਨੇ ਉਨਾਂ ਦੇ ਪੁੱਤਰ ਨੂੰ ਇਸ ਤੋਂ ਪਹਿਲਾਂ ਭੇਜੇ ਆਮਦਨ ਕਰ ਦੇ ਗਲਤ ਅਨੁਮਾਨਾਂ ਦੇ ਹੁਕਮਾਂ ’ਤੇ ਵੀ ਰੋਕ ਲਗਾ ਦਿੱਤੀ ਸੀ। ਬੁਖਲਾਹਟ ਵਿੱਚ ਆ ਕੇ ਆਮਦਨ ਕਰ ਵਿਭਾਗ ਨੇ ਹੁਣ ਉਨਾਂ ਨੂੰ ਸਮੁੱਚੇ ਪਰਿਵਾਰ ਸਮੇਤ ਬਦਲਾਖੋਰੀ ਦਾ ਨਿਸ਼ਾਨਾ ਬਣਾਇਆ ਅਤੇ ਇਥੋਂ ਤੱਕ ਕਿ ਉਨਾਂ ਦੇ ਛੋਟੇ ਪੋਤੇ-ਪੋਤੀ ਨੂੰ ਵੀ ਨਹੀਂ ਬਖਸ਼ਿਆ ਅਤੇ ਉਨਾਂ ਨੂੰ ਕਾਲਾ ਧਨ ਰੋਕੂ ਐਕਟ ਤਹਿਤ ਨੋਟਿਸ ਜਾਰੀ ਕੀਤੇ ਗਏ ਜਿਨਾਂ ਨਾਲ ਕਾਨੂੰਨੀ ਢੰਗ ਨਾਲ ਨਿਪਟਿਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਵਰਗਾ ਸਿਖਾਂਦਰੂ ਤੇ ਨਿਕੰਮਾ ਸਿਆਸਤਦਾਨ ਹੀ ਅਜਿਹੇ ਨਤੀਜੇ ’ਤੇ ਪਹੁੰਚ ਸਕਦਾ ਹੈ ਜਦੋਂ ਕਿ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੇਸ਼ ਕੀਤੀ ਜਾ ਰਹੀ ਤਸਵੀਰ ਤੋਂ ਅਸਲ ਤਸਵੀਰ ਬਿਲਕੁਲ ਵੱਖਰੀ ਹੈ। ਉਨਾਂ ਕਿਹਾ ਕਿ ਕੇਜਰੀਵਾਲ ਨੂੰ ਸ਼ਿਸ਼ਟਾਚਾਰ ਦੀਆਂ ਹੱਦਾਂ ਪਾਰ ਨਹੀਂ ਕਰਨੀਆਂ ਚਾਹੀਦੀਆਂ। ਅੰਮਿ੍ਰਤਸਰ (ਦਿਹਾਤੀ) ਜ਼ਿਲੇ ਵਿੱਚ ਕੌਮਾਂਤਰੀ ਸਬੰਧਾਂ ਨਾਲ ਜੁੜੇ ਡਰੋਨ ਗਿਰੋਹ ਦਾ ਪਰਦਾਫਾਸ਼ ਕਰਨ ਤੋਂ ਪੰਜ ਦਿਨ ਬਾਅਦ ਇਕ ਡਰੋਨ ਰਾਹੀਂ 19 ਤੇ 20 ਦਸੰਬਰ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਸੁੱਟੇ ਗਏ 11 ਹੈਂਡ ਗ੍ਰਨੇਡ ਜ਼ਬਤ ਕਰਨ ਦੀ ਘਟਨਾ ਜਿਸ ਨੂੰ ਅੱਜ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਉਭਾਰਿਆ ਗਿਆ ਹੈ। ਇਸ ਕਰਕੇ ਉਨਾਂ ਦਾ ਇਹ ਫਰਜ਼ ਬਣਦਾ ਹੈ ਕਿ ਕੇਂਦਰ ਸਰਕਾਰ ਨੂੰ ਇਸ ਬਾਰੇ ਜਾਣੂੰ ਕਰਵਾਇਆ ਜਾਵੇ ਤਾਂ ਕਿ ਸੂਬਾਈ ਤੇ ਕੇਂਦਰੀ ਸੁਰੱਖਿਆ ਏਜੰਸੀਆਂ ਪਾਕਿਸਤਾਨ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰਨ ਲਈ ਠੋਸ ਰਣਨੀਤੀ ਘੜਨ ਵਾਸਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਕਿਉ ਜੋ ਗੁਆਂਢੀ ਮੁਲਕ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦੇ ਨਾਲ-ਨਾਲ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਹਮੇਸ਼ਾ ਹੀ ਵੱਡਾ ਖਤਰਾ ਬਣਿਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਕਈ ਘਟਨਾਵਾਂ ਮੀਡੀਆ ਵਿੱਚ ਰਿਪੋਰਟ ਨਹੀਂ ਹੁੰਦੀਆਂ ਕਿਉਕਿ ਲੋਕਾਂ ਵਿੱਚ ਘਬਰਾਹਟ ਪੈਦਾ ਹੋਣ ਤੋਂ ਬਚਣ ਲਈ ਇਨਾਂ ਨੂੰ ਜਨਤਕ ਨਹੀਂ ਕੀਤਾ ਜਾਂਦਾ। ਹਾਲਾਂਕਿ ਸੂਬੇ ਦੇ ਮੁੱਖ ਮੰਤਰੀ ਦੇ ਤੌਰ ’ਤੇ ਉਨਾਂ ਦੀ ਇਹ ਡਿਊਟੀ ਬਣਦੀ ਹੈ ਕਿ ਅਜਿਹੀ ਹਰੇਕ ਤਰਾਂ ਦੀ ਗਤੀਵਿਧੀ ਬਾਰੇ ਕੇਂਦਰ ਸਰਕਾਰ ਨੂੰ ਜਾਣੂੰ ਕਰਵਾਇਆ ਜਾਵੇ।
ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਕਾਲੇ ਖੇਤੀ ਕਾਨੂੰਨਾਂ ਬਾਰੇ ਆਪਣੇ ਦੋਗਲੇ ਸਟੈਂਡ ਤੋਂ ਦੁੱਧ ਧੋਤਾ ਸਾਬਤ ਹੋਣ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਨਾਂ ਦੀ ਸਰਕਾਰ ਨੇ ਪਹਿਲਾਂ ਤਾਂ ਇਸ ਖੇਤੀ ਕਾਨੂੰਨ ਨੂੰ ਨੋਟੀਫਾਈ ਕਰ ਦਿੱਤਾ ਅਤੇ ਹੁਣ ਕਿਸਾਨਾਂ ਪ੍ਰਤੀ ਝੂਠੀ ਹਮਦਰਦੀ ਦਿਖਾ ਕੇ ਇਸ ਨਾਜ਼ੁਕ ਮੁੱਦੇ ’ਤੇ ਮੱਗਰਮੱਛ ਦੇ ਹੰਝੂ ਵਹਾਏ ਜਾ ਰਹੇ ਹਨ ਜੋ ਸਿਰਫ ਤੇ ਸਿਰਫ ਕੇਜਰੀਵਾਲ ਦੀਆਂ ਨੌਟੰਕੀਆਂ ਤੋਂ ਵੱਧ ਕੁੱਝ ਨਹੀਂ।
ਆਪ ਦੇ ਆਗੂਆਂ ’ਤੇ ਵਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਿਰੇ ਦਾ ਪਾਖੰਡੀ ਦੱਸਦਿਆਂ ਕਿਹਾ ਕਿ ਉਸ ਦੇ ਹੱਥਠੋਕਿਆਂ ਦੀ ਅੱਖ ਪੰਜਾਬ ਦੀਆਂ 2022 ਵਿਧਾਨ ਸਭਾ ਚੋਣਾਂ ਉਤੇ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਤੁਸੀਂ ਤਾਂ ਸਿਰਫ ਸਸਤੀ ਸਿਆਸੀ ਸ਼ੋਹਰਤ ਖੱਟਣ ਲਈ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਾਮਲ ਹੋਏ ਜਦੋਂ ਕਿ ਤੁਸੀ ਅਤੇ ਤੁਹਾਡੀ ਪਾਰਟੀ ਦਾ ਉਨਾਂ ਦੀਆਂ ਦੁੱਖ ਤਕਲੀਫਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਜੇਕਰ ਤੁਹਾਨੂੰ ਕਿਸਾਨਾਂ ਦੀ ਥੋੜੀਂ ਬਹੁਤ ਵੀ ਚਿੰਤਾ ਹੁੰਦੀ ਤਾਂ ਤੁਹਾਡੀ ਪਾਰਟੀ ਨੂੰ ਆਪਣੇ ਪੱਧਰ ’ਤੇ ਦਿੱਲੀ ਵਿੱਚ ਕੇਂਦਰ ਸਰਕਾਰ ਦੇ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰਨਾ ਚਾਹੀਦਾ ਸੀ।’’
ਦਿੱਲੀ ਦੇ ਮੁੱਖ ਮੰਤਰੀ ਨੂੰ ਗਿਰਗਿਟ ਵਾਂਗ ਰੰਗ ਨਾ ਬਦਲਣ ਦੀ ਸਲਾਹ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਕਿਸਾਨਾਂ ਨਾਲ ਦਿਲੋਂ ਖੜੇ ਹਨ ਅਤੇ ਕੇਜਰੀਵਾਲ ਦੀ ਚਾਲਬਾਜ਼ ਖੇਡ ਨੂੰ ਬਹੁਤ ਗਹੁ ਨਾਲ ਦੇਖ ਰਹੇ ਹਨ ਜੋ ਕਿਸਾਨਾਂ ਦੇ ਸੰਘਰਸ਼ ਤੋਂ ਸਿਆਸੀ ਲਾਹਾ ਖੱਟਣ ਲਈ ਤਤਪਰ ਹੈ। ਮੁੱਖ ਮੰਤਰੀ ਨੇ ਕਿਹਾ, ‘‘ਥੋੜੀਂ ਉਡੀਕ ਕਰੋ ਅਤੇ ਦੇਖੋ ਕਿ ਇਹ ਕੰਧ ’ਤੇ ਲਿਖਿਆ ਹੋਇਆ ਹੈ ਕਿ ਤੁਸੀਂ ਤੇ ਤੁਹਾਡੇ ਚਾਪਲੂਸਾਂ ਦੀ ਪਾਰਟੀ ਪੰਜਾਬ ਦੇ ਸਿਆਸੀ ਦਿ੍ਰਸ਼ ਤੋਂ ਮਿਟ ਜਾਵੇਗੀ ਅਤੇ ਇਸ ਦੀ ਸ਼ੁਰੂਆਤ ਵੀ ਹੋ ਗਈ ਹੈ।’’

Share