#CANADA

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਕੈਲਗਰੀ/ਪਠਾਨਕੋਟ, 3 ਸਤੰਬਰ (ਪੰਜਾਬ ਮੇਲ)- ਕੈਨੇਡਾ ‘ਚ ਇੱਕ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਜਸ ਸਿੰਘ (24) ਵਜੋਂ ਹੋਈ ਹੈ, ਜੋ ਕਿ ਪਠਾਨਕੋਟ ਨਾਲ ਸਬੰਧਤ ਹੈ। ਘਟਨਾ ਤੋਂ ਬਾਅਦ ਪਠਾਨਕੋਟ ਸਥਿਤ ਉਸਦੇ ਪਰਿਵਾਰ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਹਰਜਸ ਸਿੰਘ ਕੁਝ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿਚ ਕੈਨੇਡਾ ਗਿਆ ਸੀ। ਉੱਥੇ ਉਹ ਇੱਕ ਸਟੋਰ ਵਿਚ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਹਰਜਸ ਕੈਨੇਡਾ ਦੇ ਕੈਲਗਰੀ ਗਿਆ ਹੋਇਆ ਸੀ, ਜਿੱਥੇ ਉਸਨੇ ਇੱਕ ਪਾਰਟੀ ਵਿਚ ਸ਼ਾਮਲ ਹੋਣਾ ਸੀ।
ਇਸੇ ਦੌਰਾਨ ਕਿਸੇ ਅਣਜਾਣ ਵਿਅਕਤੀ ਵੱਲੋਂ ਹਰਜਸ ਸਿੰਘ ‘ਤੇ ਗੋਲੀ ਚਲਾ ਦਿੱਤੀ ਗਈ, ਜਿਸ ਕਾਰਨ ਉਸਦੀ ਮੌਤ ਹੋ ਗਈ। ਘਟਨਾ ਦੇ ਕਾਰਨਾਂ ਅਤੇ ਗੋਲੀ ਚਲਾਉਣ ਵਾਲੇ ਵਿਅਕਤੀ ਸਬੰਧੀ ਫਿਲਹਾਲ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮਾਮਲੇ ਦੀ ਜਾਂਚ ਕੈਨੇਡੀਅਨ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।
ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਅਨੁਸਾਰ ਹਰਜਸ ਸਿੰਘ ਆਪਣੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਿਆ ਸੀ, ਪਰ ਉਸਦੀ ਅਚਾਨਕ ਮੌਤ ਦੀ ਖ਼ਬਰ ਨੇ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ। ਪਰਿਵਾਰ ਵੱਲੋਂ ਹਰਜਸ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਅਪੀਲ ਕੀਤੀ ਜਾ ਰਹੀ ਹੈ। ਇਸ ਦੁਖਦਾਈ ਘਟਨਾ ਦੀ ਖ਼ਬਰ ਪਠਾਨਕੋਟ ਸਥਿਤ ਉਸਦੇ ਘਰ ਪਹੁੰਚਦੇ ਹੀ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।