ਨਵੀਂ ਦਿੱਲੀ, 11 ਜੂਨ (ਪੰਜਾਬ ਮੇਲ)- ਸਰਕਾਰੀ ਸੂਤਰਾਂ ਨੇ ਅੱਜ ਕਿਹਾ ਕਿ ਕੈਨੇਡਾ ਵਿੱਚ ਜਾਅਲੀ ਦਾਖਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ ਵਿੱਚ ਜਿਨ੍ਹਾਂ ਵਿਦਿਆਰਥੀਆਂ ਸਿਰ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਰਹੀ ਸੀ, ਵਿਚੋਂ ਕੁਝ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ। ਯਾਦ ਰਹੇ ਕਿ ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਅਤੇ ਮਾਨਵਤਾਵਾਦੀ ਪਹੁੰਚ ਅਪਣਾਉਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਵਿਦਿਆਰਥੀ ਕਥਿਤ ਤੌਰ ’ਤੇ ਕੁਝ ਏਜੰਟਾਂ ਵੱਲੋਂ ਕੀਤੀ ਧੋਖਾਧੜੀ ਦਾ ਸ਼ਿਕਾਰ ਹਨ। ਸੂਤਰਾਂ ਨੇ ਕਿਹਾ ਕਿ ਕੈਨੇਡਾ ਤੋਂ ਵਾਪਸ ਉਨ੍ਹਾਂ ਦੇ ਮੁਲਕ ਭੇਜੇ ਜਾਣ ਵਾਲੇ ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿਚੋਂ ਬਹੁਤੇ ਪੰਜਾਬ ਨਾਲ ਸਬੰਧਤ ਹਨ, ਦੀ ਗਿਣਤੀ 700 ਤੋਂ ਕਿਤੇ ਘੱਟ ਹੈ। ਸੂਤਰਾਂ ਮੁਤਾਬਕ, ‘‘ਇਨ੍ਹਾਂ ਵਿਚੋੋਂ ਬਹੁਤੇ ਵਿਦਿਆਰਥੀ 2017-2019 ਦੇ ਅਰਸੇ ਦੌਰਾਨ ਕੈਨੇਡਾ ਗਏ ਸਨ। ਇਨ੍ਹਾਂ ਵਿਚੋਂ ਕੁਝ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਮਗਰੋਂ ਵਰਕ ਪਰਮਿਟ ਮਿਲ ਗੲੇ ਸਨ ਜਦੋੋਂਕਿ ਬਾਕੀ ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਸਨ।’