#PUNJAB

ਕੈਨੇਡਾ-ਭਾਰਤ ਵਿਵਾਦ: ਅਕਾਲੀ ਦਲ (ਅੰਮ੍ਰਿਤਸਰ) ਵੀਜ਼ੇ ਰੋਕਣ ਖ਼ਿਲਾਫ਼ ਕੱਢੇਗਾ ਕੌਮੀ ਇਨਸਾਫ਼ ਮਾਰਚ

ਮਾਨਸਾ, 25 ਸਤੰਬਰ (ਪੰਜਾਬ ਮੇਲ)- ਭਾਰਤ ਵੱਲੋਂ ਕੈਨੇਡਾ ਤੋਂ ਆਉਣ ਵਾਲਿਆਂ ਨੂੰ ਵੀਜ਼ੇ ਨਾ ਦੇਣ ਦੇ ਐਲਾਨ ਤੋਂ ਬਾਅਦ ਅਕਾਲੀ ਦਲ (ਅੰਮ੍ਰਿਤਸਰ) ਨੇ 1 ਅਕਤੂਬਰ ਨੂੰ ਤਖਤ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਲੈ ਕੇ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੱਕ ਕੌਮੀ ਇਨਸਾਫ਼ ਮਾਰਚ ਕਰਨ ਦਾ ਐਲਾਨ ਕੀਤਾ। ਅਕਾਲੀ ਦਲ (ਅੰਮ੍ਰਿਤਸਰ) ਦਾ ਕਹਿਣਾ ਹੈ ਕਿ ਇਸ ਕਾਰਨ ਉਹ ਮਾਪੇ ਚਿੰਤਾ ਵਿਚ ਹਨ, ਜਿਨ੍ਹਾਂ ਦੇ ਧੀਆਂ-ਪੁੱਤ ਲੰਮੇ ਸਮੇਂ ਤੋਂ ਕੈਨੇਡਾ ਵੱਸ ਰਹੇ ਹਨ। ਪਾਰਟੀ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਦਾ ਵੀ ਕੌਮਾਂਤਰੀ ਪੱਧਰ ‘ਤੇ ਅਕਸ ਖ਼ਰਾਬ ਕੀਤਾ ਜਾ ਰਿਹਾ ਹੈ। ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਨੇ ਦੱਸਿਆ ਕਿ ਕੈਨੇਡਾ-ਭਾਰਤ ਵਿਵਾਦ ਨਾਲ ਸਿੱਖਾਂ ਦੀ ਮਾੜੀ ਤਸਵੀਰ ਪੇਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਕੈਨੇਡਾ ਵੱਸਦੇ ਪੰਜਾਬੀ ਮੁੰਡੇ-ਕੁੜੀਆਂ ਦੇ ਮਾਪੇ 1 ਅਕਤੂਬਰ ਨੂੰ ਕੱਢੇ ਜਾ ਰਹੇ ਕੌਮੀ ਮਾਰਚ ਵਿਚ ਆਪਣੇ ਵਹੀਕਲ ਵੱਡੀ ਗਿਣਤੀ ਵਿਚ ਲੈ ਕੇ ਪਹੁੰਚਣ, ਤਾਂ ਜੋ ਇਸ ਨਾਲ ਭਾਰਤ ਸਰਕਾਰ ਨੂੰ ਹਲੂਣਾ ਦਿੱਤਾ ਜਾ ਸਕੇ ਕਿ ਇਸ ਵਿਵਾਦ ਵਿਚ ਪੰਜਾਬੀਆਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮਾਰਚ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਤੋਂ ਇਲਾਵਾ ਹੋਰ ਸਿੱਖ ਵਿਦਵਾਨ ਆਗੂ ਅਤੇ ਪੰਜਾਬੀ ਵੱਡੀ ਗਿਣਤੀ ਵਿਚ ਹਿੱਸਾ ਲੈਣਗੇ।

Leave a comment