#CANADA

ਕੈਨੇਡਾ ਵੱਲੋਂ ਸਖਤੀ; ਭਾਰਤ ਵਿਰੋਧੀ ਪੋਸਟਰ ਹਟਾਉਣ ਦੇ ਨਿਰਦੇਸ਼

ਟੋਰਾਂਟੋ, 25 ਸਤੰਬਰ (ਪੰਜਾਬ ਮੇਲ)- ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿਚ ਭਾਰਤ ਵੱਲੋਂ ਦਿੱਤੇ ਮੂੰਹਤੋੜ ਜਵਾਬ ਤੋਂ ਬਾਅਦ ਕੈਨੇਡਾ ਦਾ ਰਵੱਈਆ ਨਰਮ ਹੁੰਦਾ ਨਜ਼ਰ ਆ ਰਿਹਾ ਹੈ। ਖਾਲਿਸਤਾਨੀ ਵੱਖਵਾਦੀਆਂ ਅਤੇ ਸਮਰਥਕਾਂ ਖ਼ਿਲਾਫ਼ ਭਾਰਤੀ ਦਬਾਅ ਤੋਂ ਬਾਅਦ ਕੈਨੇਡੀਅਨ ਪ੍ਰਸ਼ਾਸਨ ਨੇ ਆਪਣੀ ਸਖ਼ਤੀ ਵਧਾ ਦਿੱਤੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਅਹਿਮ ਥਾਵਾਂ ‘ਤੇ ਖਾਲਿਸਤਾਨ ਦੇ ਸਮਰਥਨ ‘ਚ ਲੱਗੇ ਹੋਰਡਿੰਗ ਅਤੇ ਬੈਨਰ ਹਟਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਖਾਲਿਸਤਾਨੀ ਸਮਰਥਕਾਂ ਨੇ ਆਪਣੇ ਪ੍ਰਚਾਰ ਨੂੰ ਅੱਗੇ ਵਧਾਉਂਦੇ ਹੋਏ ਵੱਖ-ਵੱਖ ਥਾਵਾਂ ‘ਤੇ ਹੋਰਡਿੰਗ ਅਤੇ ਬੈਨਰ ਲਗਾ ਦਿੱਤੇ ਸਨ, ਤਾਂ ਜੋ ਲੋਕ ਇਨ੍ਹਾਂ ਨੂੰ ਦੇਖ ਸਕਣ ਅਤੇ ਪ੍ਰਭਾਵਿਤ ਹੋ ਸਕਣ। ਪਰ ਹੁਣ ਉਨ੍ਹਾਂ ਨੂੰ ਹਟਾਇਆ ਜਾ ਰਿਹਾ ਹੈ।
ਸਥਾਨਕ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਕੈਨੇਡਾ ਦੇ ਸਰੀ ਦੇ ਇੱਕ ਗੁਰਦੁਆਰੇ ਤੋਂ ਭਾਰਤੀ ਡਿਪਲੋਮੈਟਾਂ ਦੇ ਕਤਲ ਦਾ ਸੱਦਾ ਦੇਣ ਵਾਲੇ ਪੋਸਟਰ ਹਟਾ ਦਿੱਤੇ ਗਏ ਹਨ। ਸੂਤਰਾਂ ਅਨੁਸਾਰ ਸਰੀ ਦੇ ਗੁਰਦੁਆਰੇ ਨੂੰ ਤਿੰਨ ਭਾਰਤੀ ਡਿਪਲੋਮੈਟਾਂ ਦੇ ਕਤਲ ਦਾ ਸੱਦਾ ਦੇਣ ਵਾਲੇ ਪੋਸਟਰਾਂ ਨੂੰ ਹਟਾਉਣ ਲਈ ਕਿਹਾ ਗਿਆ ਸੀ ਕਿਉਂਕਿ ਅਧਿਕਾਰੀਆਂ ਨੂੰ ਇਸ ਮੁੱਦੇ ਦੀ ਗੰਭੀਰਤਾ ਅਤੇ ਕੈਨੇਡੀਅਨ ਧਰਤੀ ਤੋਂ ਅਜਿਹੇ ਸੰਦੇਸ਼ ਆਉਣ ਦੀ ਸੰਭਾਵਨਾ ਦਾ ਅਹਿਸਾਸ ਹੋਇਆ ਸੀ। ਨਾਲ ਹੀ ਗੁਰਦੁਆਰਾ ਪ੍ਰਬੰਧਕਾਂ ਨੂੰ ਕਿਸੇ ਵੀ ਕੱਟੜਪੰਥੀ ਘੋਸ਼ਣਾ ਲਈ ਲਾਊਡਸਪੀਕਰ ਦੀ ਵਰਤੋਂ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।
ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਪ੍ਰਮੁੱਖ ਖੇਤਰ ਜਿੱਥੋਂ ਭਾਰਤ ਵਿਰੋਧੀ ਪ੍ਰਚਾਰ ਸਮੱਗਰੀ ਨੂੰ ਹਟਾਇਆ ਜਾ ਰਿਹਾ ਹੈ, ਉਹ ਹਨ ਸਰੀ, ਗਿਲਡਫੋਰਡ, ਨਿਊਟਨ ਅਤੇ ਵ੍ਹੇਲੀ। ਇਸ ਤੋਂ ਇਲਾਵਾ ਕੈਨੇਡਾ-ਅਮਰੀਕਾ ਸਰਹੱਦੀ ਇਲਾਕਿਆਂ ਵਿਚ ਖਾਲਿਸਤਾਨ ਪੱਖੀ ਜਥੇਬੰਦੀਆਂ ਨੂੰ ਉਨ੍ਹਾਂ ਦੀਆਂ ਪ੍ਰਚਾਰ ਸਮੱਗਰੀਆਂ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦਈਏ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ‘ਚ ਕੈਨੇਡਾ ਦੇ ਪੀ.ਐੱਮ. ਜਸਟਿਨ ਟਰੂਡੋ ਵੱਲੋਂ ਭਾਰਤ ‘ਤੇ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਦੋਹਾਂ ਦੇਸ਼ਾਂ ਦੇ ਸਬੰਧਾਂ ‘ਚ ਖਟਾਸ ਆ ਗਈ ਹੈ। ਭਾਰਤ ਨੇ ਕੈਨੇਡੀਅਨ ਵੀਜ਼ਾ ਅਰਜ਼ੀਆਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਹੈ।
ਇਹ ਸਾਰਾ ਵਿਵਾਦ 18 ਸਤੰਬਰ ਨੂੰ ਸ਼ੁਰੂ ਹੋਇਆ ਸੀ, ਜਦੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਦੇਸ਼ ਦੀ ਸੰਸਦ ਵਿਚ ਬਿਆਨ ਦਿੱਤਾ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਏਜੰਸੀਆਂ ਨੇ ਪੱਕੇ ਤੌਰ ‘ਤੇ ਸਾਬਤ ਕਰ ਦਿੱਤਾ ਹੈ ਕਿ ਇਸ ਪਿੱਛੇ ਭਾਰਤੀ ਸਰਕਾਰੀ ਏਜੰਸੀਆਂ ਦਾ ਹੱਥ ਹੈ। ਟਰੂਡੋ ਨੇ ਭਾਰਤ ‘ਤੇ ਕੈਨੇਡਾ ਦੀ ਪ੍ਰਭੂਸੱਤਾ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਦੇ ਪਿੱਛੇ ਕਿਸੇ ਵਿਦੇਸ਼ੀ ਦੇਸ਼ ਦਾ ਹੱਥ ਹੋਣਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਇਸ ਤੋਂ ਬਾਅਦ ਕੈਨੇਡਾ ਨੇ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢ ਦਿੱਤਾ। ਦੱਸ ਦਈਏ ਕਿ ਇਸ ਸਾਲ 1 ਜੂਨ ਨੂੰ ਕੈਨੇਡਾ ਦੇ ਸਰੀ ਸੂਬੇ ‘ਚ ਇਕ ਗੁਰਦੁਆਰੇ ਦੀ ਪਾਰਕਿੰਗ ‘ਚ ਨਿੱਝਰ ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਭਾਰਤ ਸਰਕਾਰ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਦੇ ਦੋਸ਼ਾਂ ਨੂੰ ‘ਬੇਤੁਕਾ’ ਕਰਾਰ ਦਿੰਦਿਆਂ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ।

Leave a comment