#AMERICA

ਕੈਨੇਡਾ ਸਰਕਾਰ ਵੱਲੋਂ ਅਮਿਤ ਸ਼ਾਹ ‘ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜਿਸ਼ ਦਾ ਦੋਸ਼

ਵਾਸ਼ਿੰਗਟਨ, 30 ਅਕਤੂਬਰ (ਪੰਜਾਬ ਮੇਲ)- ਕੈਨੇਡਾ ਦੀ ਸਰਕਾਰ ਨੇ ਮੰਗਲਵਾਰ ਨੂੰ ਦੋਸ਼ ਲਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਰੀਬੀ ਸਹਿਯੋਗੀ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕੈਨੇਡਾ ਦੀ ਧਰਤੀ ‘ਤੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਸਾਜ਼ਿਸ਼ਾਂ ਪਿੱਛੇ ਸਨ। ਹਾਲਾਂਕਿ ਭਾਰਤ ਸਰਕਾਰ ਨੇ ਕੈਨੇਡਾ ਦੇ ਪਿਛਲੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦਿਆਂ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕਰ ਦਿੱਤਾ ਸੀ।
ਵਾਸ਼ਿੰਗਟਨ ਪੋਸਟ ਅਖਬਾਰ ਨੇ ਸਭ ਤੋਂ ਪਹਿਲਾਂ ਰਿਪੋਰਟ ਦਿੱਤੀ ਸੀ ਕਿ ਕੈਨੇਡੀਅਨ ਅਧਿਕਾਰੀਆਂ ਨੇ ਦੋਸ਼ ਲਗਾਇਆ ਸੀ ਕਿ ਕੈਨੇਡਾ ਵਿਚ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਅਤੇ ਧਮਕਾਉਣ ਦੀ ਮੁਹਿੰਮ ਪਿੱਛੇ ਸ਼ਾਹ ਦਾ ਹੱਥ ਸੀ। ਕੈਨੇਡਾ ਦੇ ਉਪ ਵਿਦੇਸ਼ ਮਾਮਲਿਆਂ ਦੇ ਮੰਤਰੀ ਡੇਵਿਡ ਮੌਰੀਸਨ ਨੇ ਮੰਗਲਵਾਰ ਨੂੰ ਸੰਸਦੀ ਪੈਨਲ ਨੂੰ ਕਿਹਾ ਕਿ ਉਨ੍ਹਾਂ ਨੇ ਅਮਰੀਕਾ ਸਥਿਤ ਇਕ ਅਖਬਾਰ ਨੂੰ ਦੱਸਿਆ ਕਿ ਇਸ ਸਾਜ਼ਿਸ਼ ਪਿੱਛੇ ਸ਼ਾਹ ਦਾ ਹੱਥ ਸੀ।
ਮੌਰੀਸਨ ਨੇ ਹੋਰ ਵੇਰਵੇ ਜਾਂ ਸਬੂਤ ਦਿੱਤੇ ਬਿਨਾਂ ਕਮੇਟੀ ਨੂੰ ਦੱਸਦਿਆਂ ਕਿਹਾ, ”ਪੱਤਰਕਾਰ ਨੇ ਮੈਨੂੰ ਬੁਲਾਇਆ ਅਤੇ ਪੁੱਛਿਆ ਕਿ ਕੀ ਇਹ (ਸ਼ਾਹ) ਉਹ ਵਿਅਕਤੀ ਸੀ। ਮੈਂ ਪੁਸ਼ਟੀ ਕੀਤੀ ਕਿ ਇਹ ਉਹ ਵਿਅਕਤੀ ਸੀ”। ਇਸ ਸਬੰਧੀ ਓਟਾਵਾ ਵਿਚ ਭਾਰਤ ਦੇ ਹਾਈ ਕਮਿਸ਼ਨ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਤੁਰੰਤ ਕੋਈ ਟਿੱਪਣੀ ਨਹੀਂ ਕੀਤੀ ਹੈ।
2023 ‘ਚ ਕੈਨੇਡਾ ਵਿਚ ਸਿੱਖ ਵੱਖਵਾਦੀ ਆਗੂ ਹਰਦੀਪ ਨਿੱਝਰ ਦੇ ਕਤਲ ਮਾਮਲੇ ਨਾਲ ਜੋੜਦਿਆਂ ਕੈਨੇਡਾ ਨੇ ਅਕਤੂਬਰ ਦੇ ਅੱਧ ਵਿਚ ਭਾਰਤੀ ਡਿਪਲੋਮੈਟਾਂ ਨੂੰ ਬਾਹਰ ਕੱਢ ਦਿੱਤਾ, ਜਿਸ ਦੌਰਾਨ ਭਾਰਤ ਨੇ ਕੈਨੇਡੀਅਨ ਡਿਪਲੋਮੈਟਾਂ ਨੂੰ ਕੱਢਣ ਦੇ ਹੁਕਮ ਵੀ ਦਿੱਤੇ ਹਨ।
ਕੈਨੇਡੀਅਨ ਮਾਮਲਾ ਭਾਰਤ ਵੱਲੋਂ ਵਿਦੇਸ਼ੀ ਧਰਤੀ ‘ਤੇ ਸਿੱਖ ਵੱਖਵਾਦੀਆਂ ਨੂੰ ਕਥਿਤ ਤੌਰ ‘ਤੇ ਨਿਸ਼ਾਨਾ ਬਣਾਉਣ ਦਾ ਇਕਲੌਤਾ ਮਾਮਲਾ ਨਹੀਂ ਹੈ।
ਵਾਸ਼ਿੰਗਟਨ ਨੇ ਇੱਕ ਸਾਬਕਾ ਭਾਰਤੀ ਖੁਫ਼ੀਆ ਅਧਿਕਾਰੀ ਵਿਕਾਸ ਯਾਦਵ ਉੱਤੇ ਨਿਊਯਾਰਕ ਸਿਟੀ ‘ਚ ਦੋਹਰੇ ਅਮਰੀਕੀ-ਕੈਨੇਡੀਅਨ ਨਾਗਰਿਕ ਅਤੇ ਭਾਰਤੀ ਆਲੋਚਕ, ਸਿੱਖ ਵੱਖਵਾਦੀ ਆਗੂ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਨੂੰ ਕਥਿਤ ਤੌਰ ‘ਤੇ ਨਿਰਦੇਸ਼ਿਤ ਕਰਨ ਦਾ ਦੋਸ਼ ਲਗਾਇਆ ਹੈ।