ਕੈਪਟਨ ਵੱਲੋਂ ਕਰੋਨਾਵਾਇਰਸ ਨਾਲ ਨਿਪਟਣ ਲਈ ਅਧਿਕਾਰੀਆਂ ਨੂੰ ਚੌਕਸ ਰਹਿਣ ਦੇ ਹੁਕਮ

335
Share

ਚੰਡੀਗੜ੍ਹ, 8 ਮਾਰਚ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾਵਾਇਰਸ (ਕੋਵਿਡ-19) ਨਾਲ ਨਿਪਟਣ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਿਹਤ ਵਿਭਾਗ ਨੂੰ ਆਲਮੀ ਪੱਧਰ ‘ਤੇ ਫੈਲੇ ਇਸ ਵਾਇਰਸ ਨਾਲ ਪੈਦਾ ਹੋਈ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਇਹਤਿਆਤ ਵਜੋਂ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਨਾ ਜਾਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਇਸ ਵਾਇਰਸ ਨਾਲ ਨਜਿੱਠਣ ਲਈ ਚਾਰ ਸੀਨੀਅਰ ਡਾਕਟਰਾਂ ‘ਤੇ ਆਧਾਰਤ ਸਟੇਟ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕੀਤਾ ਹੈ। ਹਰੇਕ ਜ਼ਿਲ੍ਹੇ ਵਿਚ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੈੱਡਕੁਆਰਟਰ ਵਿਚ ਸੂਬਾ ਪੱਧਰੀ ਕੰਟਰੋਲ ਰੂਮ (ਫੋਨ ਨੰਬਰ 88720-90029/0172-2920074) ਵੀ ਸਥਾਪਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਐਡਵਾਇਜ਼ਰੀ ਜਾਰੀ ਕਰਨ ਦੇ ਆਦੇਸ਼ ਦਿੱਤੇ ਹਨ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਵੇਲੇ ਪੰਜਾਬ ਵਿਚ 5795 ਅਜਿਹੇ ਵਿਅਕਤੀ ਹਨ, ਜਿਨ੍ਹਾਂ ਨੇ ਪ੍ਰਭਾਵਿਤ ਮੁਲਕਾਂ ਦਾ ਸਫ਼ਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਿਤੀ ਕਾਬੂ ਹੇਠ ਹੈ। ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਮੁੱਖ ਮੰਤਰੀ ਨੂੰ ਦਿੱਤੀ।


Share