ਕੈਪਟਨ ਵੱਲੋਂ ਕੇਂਦਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਕੇ ਕਿਸਾਨਾਂ ਨਾਲ ਵਿਚਾਰ-ਚਰਚਾ ਕਰਨ ਦੀ ਮੰਗ

283
Share

ਚੰਡੀਗੜ੍ਹ, 17 ਸਤੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਨੂੰ ਸਾਲ ਪੂਰਾ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕਰਨ ਦਾ ਸੱਦਾ ਦਿੱਤਾ। ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ਦੀ ਮੌਤ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਬੱਜਰ ਗਲਤੀ ਦਾ ਅਹਿਸਾਸ ਹੋਵੇ ਅਤੇ ਕਿਸਾਨਾਂ ਅਤੇ ਰਾਸ਼ਟਰ ਦੇ ਹਿੱਤ ਵਿਚ ਕਾਨੂੰਨ ਵਾਪਸ ਲੈ ਲਏ ਜਾਣ। ਮੁੱਖ ਮੰਤਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਕਰਵਾਏ ਤੀਜੇ ਰਾਜ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕਰ ਰਹੇ ਸਨ। ਦੋ ਦਿਨਾਂ ਮੇਲਾ ਪਰਾਲੀ ਸਾੜਨ ਦੇ ਰੁਝਾਨ ਨੂੰ ਖਤਮ ਕਰਨ ’ਤੇ ਕੇਂਦਰਿਤ ਹੈ। ਮੁੱਖ ਮੰਤਰੀ ਨੇ ਕਿਹਾ, ‘ਅੱਜ ਤੱਕ ਭਾਰਤੀ ਸੰਵਿਧਾਨ ’ਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ। ਇਸ ਲਈ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਕੇ ਨਵੇਂ ਸੋਧੇ ਕਾਨੂੰਨ ਲਿਆਉਣ ਵਿਚ ਕੀ ਹਰਜ ਹੈ। 128ਵੀਂ ਵਾਰ ਸੋਧ ਕਰਨ ਵਿਚ ਕੀ ਸਮੱਸਿਆ ਹੈ?’

Share