31.6 C
Sacramento
Thursday, October 5, 2023
spot_img

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਨੇੜਲੇ ਪਿੰਡਾਂ ਦਾ ਲਿਆ ਜਾਇਜ਼ਾ

ਚੋਅ ਦੇ ਸਫਾਈ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀ
ਸੁਨਾਮ, ਦਿੜ੍ਹਬਾ ਤੇ ਸੰਗਰੂਰ ਦੀਆਂ 177 ਕਿਲੋਮੀਟਰ ਲੰਬੀਆਂ 15 ਡਰੇਨਾਂ ਦੀ ਸਵਾ ਕਰੋੜ ਨਾਲ ਕਰਵਾਈ ਗਈ ਸਫਾਈ
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਲਿਆ ਚੋਅ ਦਾ ਜਾਇਜ਼ਾ
ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਜੁਲਾਈ (ਦਲਜੀਤ ਕੌਰ/ਪੰਜਾਬ ਮੇਲ))- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਸਮੇਤ ਹਲਕਾ ਸੁਨਾਮ ਵਿੱਚੋਂ ਲੰਘਦੇ ਸਰਹਿੰਦ ਚੋਅ ਦੇ ਨੇੜਲੇ ਇਲਾਕਿਆਂ ਸੁਨਾਮ, ਘਾਸੀਵਾਲਾ, ਜਖੇਪਲ ਆਦਿ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਥਾਨਕ ਵਾਸੀਆਂ ਨਾਲ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਨੂੰ ਇਸ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ।
ਅਮਨ ਅਰੋੜਾ ਨੇ ਕਿਹਾ ਕਿ ਸੁਨਾਮ, ਦਿੜ੍ਹਬਾ ਤੇ ਸੰਗਰੂਰ ਵਿਖੇ ਲਗਭਗ 15 ਡਰੇਨਾਂ ਪੈਦੀਆਂ ਹਨ ਜਿਨ੍ਹਾਂ ਦੀ ਲੰਬਾਈ ਕਰੀਬ 177 ਕਿਲੋਮੀਟਰ ਬਣਦੀ ਹੈ ਅਤੇ ਇਨ੍ਹਾਂ ਸਾਰੀਆਂ ਹੀ ਡਰੇਨਾਂ ਦੀ ਸਫਾਈ ਕਰੀਬ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਹਿੰਦ ਚੋਅ ਦੀ ਕਰੀਬ 1700 ਕਿਊਸਿਕ ਪਾਣੀ ਦੀ ਸਮਰੱਥਾ ਹੈ ਇਸ ਲਈ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਵਿੱਚ ਫਿਲਹਾਲ ਖਤਰੇ ਵਾਲੀ ਕੋਈ ਗੱਲ ਨਹੀਂ ਹੈ ਅਤੇ ਸਮੁੱਚਾ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਲਈ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਰ ਵੇਲੇ ਲੋਕਾਂ ਦੀ ਸੁਵਿਧਾ ਲਈ ਮੌਜੂਦ ਹਨ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪਹਾੜੀ ਖੇਤਰਾਂ ਤੇ ਸੂਬੇ ਵਿੱਚ ਵੱਖ-ਵੱਖ ਥਾਈਂ ਪੈ ਰਹੀ ਭਾਰੀ ਬਰਸਾਤ ਕਾਰਨ ਨਾ ਕੇਵਲ ਪੰਜਾਬ ਦੇ ਕੁਝ ਜ਼ਿਲਿ੍ਹਆਂ ਬਲਕਿ ਦੇਸ਼ ਦੇ ਕਈ ਰਾਜਾਂ ਵਿੱਚ ਹੜ੍ਹਾਂ ਵਰਗਾਂ ਹਾਲਾਤ ਬਣੇ ਹੋਏ ਹਨ ਅਤੇ ਇਸ ਖ਼ਤਰੇ ਨੂੰ ਪਹਿਲਾਂ ਹੀ ਮਹਿਸੂਸ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਦਰਿਆਵਾਂ, ਚੋਆਂ, ਨਹਿਰਾਂ, ਬਰਸਾਤੀ ਨਾਲਿਆਂ ਦੀ ਢੁਕਵੀ ਸਾਫ਼ ਸਫਾਈ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਵੀ ਸਰਹਿੰਦ ਚੋਅ ਵਿੱਚ ਹੋਈ ਸਫ਼ਾਈ ਦੇ ਨਿਰੀਖਣ ਵਜੋਂ ਕੀਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਵੀ ਲਗਾਤਾਰ ਸਾਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਸੀ। ਉਨ੍ਹਾਂ ਸੁਨਾਮ ਹਲਕੇ ਵਿੱਚ ਪੈਂਦੇ ਪਿੰਡ ਘਾਸੀਵਾਲਾ ਵਿਖੇ ਨਿਰੀਖਣ ਕਰਦਿਆਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਵਧੀਆ ਢੰਗ ਨਾਲ ਚੋਅ ਦੀ ਸਫਾਈ ਕਰਵਾਈ ਗਈ ਹੈ ਤਾਂ ਜੋ ਲੋਕਾਂ ਦੇ ਘਰਾਂ ਤੇ ਖੇਤਾਂ ਵਿੱਚ ਪਾਣੀ ਨਾ ਵੜੇ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਾਰੀਆਂ ਹੀ ਡਰੇਨਾਂ ਦੀ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ ਹੀ ਸਹੀ ਢੰਗ ਨਾਲ ਸਫਾਈ ਕਰਵਾਈ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਰਿਹਾਇਸ਼ ਵਿਖੇ ਸਬ ਡਵੀਜਨ ਦੇ ਉਚ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਵਿਸਥਾਰ ਵਿੱਚ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ। ਇਸ ਮੌਕੇ ਐਸ.ਡੀ.ਐਮ ਜਸਪ੍ਰੀਤ ਸਿੰਘ, ਡੀ.ਐਸ.ਪੀ ਭਰਪੂਰ ਸਿੰਘ, ਬੀ.ਡੀ.ਪੀ.ਓ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਹਰਦੀਪ ਸਿੰਘ ਐਸ.ਡੀ.ਓ ਡਰੇਨੇਜ਼, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਆਸ਼ਾ ਬਜਾਜ, ਰਵੀ ਕਾਂਤ ਗੋਇਲ, ਜਤਿੰਦਰ ਜੈਨ ਵੀ ਹਾਜ਼ਰ ਸਨ।

Related Articles

Stay Connected

0FansLike
3,879FollowersFollow
21,200SubscribersSubscribe
- Advertisement -spot_img

Latest Articles