ਕੈਬਨਿਟ ਮੰਤਰੀ ਬੈਂਸ ਸਵੇਰੇ 9 ਵਜੇ ਦਫਤਰ ਪਹੁੰਚੇ, ਨਵੀਂ ਮਾਈਨਿੰਗ ਪਾਲਿਸੀ ਸੰਬੰਧੀ ਮਾਹਿਰਾਂ ਨਾਲ ਕੀਤੀ ਮੀਟਿੰਗ

136
Share

ਖਣਨ ਅਤੇ ਸੈਰ-ਸਪਾਟਾ ਵਿਭਾਗ ‘ਚ ਸਾਰਥਕ ਨਤੀਜਿਆਂ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ: ਹਰਜੋਤ ਸਿੰਘ ਬੈਂਸ
ਚੰਡੀਗੜ, 24 ਮਾਰਚ (ਪੰਜਾਬ ਮੇਲ)- ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸੰਬੰਧ ‘ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ।
ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਟਾਫ ਮੈਂਬਰਾਂ ਨੂੰ ਸਮੇਂ ਸਿਰ ਦਫਤਰ ਪਹੁੰਚਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ ‘ਆਪ‘ ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਅਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿੱਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।
ਸ੍ਰੀ ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਅਤੇ ਜੇਲਾਂ ਵਿਭਾਗ ਵਿੱਚ ਭਿ੍ਰਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿੱਚ ਭਾਰੀ ਵਾਧਾ ਹੋਵੇਗਾ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਿ੍ਰਸ਼ਟਾਚਾਰ ਵਿਰੋਧੀ ਐਕਸਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ।

Share