#PUNJAB

ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 30 ਮਈ ਤੱਕ ਮੁਲਤਵੀ

-ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਉਕਤ ਮਾਮਲੇ ‘ਚ ਹੁਣ 7 ਮੁਲਜ਼ਮ ਨਾਮਜ਼ਦ
ਫਰੀਦਕੋਟ, 17 ਮਈ (ਪੰਜਾਬ ਮੇਲ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਤੋਂ ਬਾਅਦ ਕੋਟਕਪੂਰਾ ਗੋਲੀਕਾਂਡ ‘ਚ ਬਾਕੀ ਸਾਰੇ ਮੁਲਜ਼ਮ ਅਦਾਲਤ ‘ਚ ਪੇਸ਼ ਨਹੀਂ ਹੋਏ, ਸੁਣਵਾਈ ਦੌਰਾਨ ਜੁਡੀਸ਼ੀਅਲ ਮੈਜਿਸਟ੍ਰੇਟ ਅਜੇਪਾਲ ਸਿੰਘ ਦੀ ਅਦਾਲਤ ‘ਚ ਸਾਬਕਾ ਆਈ.ਜੀ. ਅਮਰ ਸਿੰਘ ਚਾਹਲ ਨਿੱਜੀ ਤੌਰ ‘ਤੇ ਹਾਜ਼ਰ ਹੋਏ, ਜਦਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਥਾਣਾ ਸਿਟੀ ਕੋਟਕਪੂਰਾ ਦੇ ਤੱਤਕਾਲੀ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਸੁਖਮਿੰਦਰ ਸਿੰਘ ਮਾਨ ਅਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਨੇ ਆਪਣੀ ਹਾਜ਼ਰੀ ਮੁਆਫ਼ ਕਰਵਾ ਲਈ ਸੀ।
ਉਕਤ ਹਾਜ਼ਰੀ ਮੁਆਫ਼ ਦੀਆਂ ਅਰਜ਼ੀਆਂ ਅਦਾਲਤ ਨੇ ਪ੍ਰਵਾਨ ਕਰ ਲਈਆਂ ਸਨ ਅਤੇ 30 ਮਈ ਲਈ ਹਾਜ਼ਰ ਹੋਣ ਦੀ ਹਦਾਇਤ ਕੀਤੀ ਗਈ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਨਾਲ ਜੁੜੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਵੱਲੋਂ ਪੇਸ਼ ਕੀਤੀਆਂ ਚਲਾਨ ਰਿਪੋਰਟਾਂ ਮੁਤਾਬਿਕ ਪ੍ਰਕਾਸ਼ ਸਿੰਘ ਬਾਦਲ ਸਮੇਤ 8 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਬਾਦਲ ਦੀ ਮੌਤ ਤੋਂ ਬਾਅਦ ਉਕਤ ਮਾਮਲੇ ‘ਚ 7 ਮੁਲਜ਼ਮ ਬਾਕੀ ਹਨ। ਸੁਖਬੀਰ ਸਿੰਘ ਬਾਦਲ ਅਤੇ ਪੁਲਿਸ ਅਧਿਕਾਰੀ ਸੁਖਮਿੰਦਰ ਸਿੰਘ ਮਾਨ ਦੇ ਵਕੀਲਾਂ ਨੇ ਇਤਰਾਜ਼ ਪੇਸ਼ ਕੀਤਾ ਕਿ ਉਨ੍ਹਾਂ ਨੂੰ ਜੋ ਚਲਾਨ ਦੀ ਰਿਪੋਰਟ ਦੀਆਂ ਕਾਪੀਆਂ ਦਿੱਤੀਆਂ ਗਈਆਂ ਹਨ, ਉਹ ਸਹੀ ਨਹੀਂ, ਇਸ ਕਰਕੇ ਚਲਾਨ ਦੀਆਂ ਕਾਪੀਆਂ ਦੇ ਠੀਕ, ਦਰੁੱਸਤ ਅਤੇ ਮੁਕੰਮਲ ਦਸਤਾਵੇਜ਼ ਮੁਹੱਈਆ ਕਰਵਾਏ ਜਾਣ।
ਅਦਾਲਤ ਨੇ ਉਕਤ ਅਰਜ਼ੀਆਂ ਮੁਤਾਬਕ ਐੱਸ.ਆਈ.ਟੀ. ਤੋਂ ਜਵਾਬ ਦੀ ਮੰਗ ਕਰਦਿਆਂ 30 ਮਈ ਦੀ ਤਾਰੀਖ਼ ਅਗਲੀ ਸੁਣਵਾਈ ਲਈ ਨਿਸ਼ਚਿਤ ਕਰ ਦਿੱਤੀ। ਜਾਣਕਾਰੀ ਮੁਤਾਬਕ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਐੱਸ.ਆਈ.ਟੀ. ਨੇ 24 ਫਰਵਰੀ ਨੂੰ 7 ਹਜ਼ਾਰ ਪੰਨਿਆਂ ਦੀ ਚਲਾਨ ਰਿਪੋਰਟ ਪੇਸ਼ ਕੀਤੀ ਸੀ, ਜਿਸ ‘ਚ ਬਾਦਲ ਪਿਓ-ਪੁੱਤ ਸਮੇਤ 6 ਪੁਲਿਸ ਅਧਿਕਾਰੀ ਵੀ ਨਾਮਜ਼ਦ ਕੀਤੇ ਗਏ ਸਨ।

Leave a comment