ਕੋਟਕਪੂਰਾ ਗੋਲੀਕਾਂਡ: ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਵੱਲੋਂ ਜਾਂਚ ਰੱਦ ਕਰਨ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ

573
– ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਕੇਸ ਦੀ ਅਗਲੀ ਸੁਣਵਾਈ 7 ਦਸੰਬਰ ਨੂੰ
ਚੰਡੀਗੜ੍ਹ, 23 ਅਗਸਤ (ਪੰਜਾਬ ਮੇਲ)- ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕਰਦਿਆਂ ਇਸੇ ਕੋਰਟ ਦੇ ਇਕਹਿਰੇ ਬੈਂਚ ਵੱਲੋਂ ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਰੱਦ ਕਰਨ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਸਾਬਕਾ ਪੁਲਿਸ ਅਧਿਕਾਰੀ ਦੀ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਅਗਸਟੀਨ ਜੌਰਜ ਮਸੀਹ ਤੇ ਜਸਟਿਸ ਏ.ਕੇ. ਵਰਮਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕੇਸ ਦੀ ਅਗਲੀ ਸੁਣਵਾਈ 7 ਦਸੰਬਰ ਲਈ ਨਿਰਧਾਰਿਤ ਕੀਤੀ ਹੈ। ਚੇਤੇ ਰਹੇ ਕਿ ਹਾਈ ਕੋਰਟ ਦੇ ਜਸਟਿਸ ਰਾਜਬੀਰ ਸਹਿਰਾਵਤ ਦੇ ਇਕਹਿਰੇ ਬੈਂਚ ਨੇ ਇਸ ਸਾਲ 9 ਅਪ੍ਰੈਲ ਨੂੰ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਗੋਲੀਕਾਂਡ ਕੇਸ ਨੂੰ ਲੈ ਕੇ ਦਾਖ਼ਲ ਜਾਂਚ ਰਿਪੋਰਟ ਨੂੰ ਖਾਰਜ ਕਰਦਿਆਂ ਸਾਬਕਾ ਪੁਲਿਸ ਅਧਿਕਾਰੀ ਖਿਲਾਫ਼ ਸਖ਼ਤ ਟਿੱਪਣੀਆਂ ਕੀਤੀਆਂ ਸਨ।