ਫਰੀਦਕੋਟ, 5 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਅੱਜ ਇੱਥੇ ਪੇਸ਼ੀ ਭੁਗਤੀ। ਕੇਸ ਦੀ ਅਗਲੀ ਸੁਣਵਾਈ ਹੁਣ 19 ਅਗਸਤ ਨੂੰ ਹੋਵੇਗੀ। ਅੱਜ ਸੁਣਵਾਈ ਦੌਰਾਨ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਪੇਸ਼ ਨਹੀਂ ਹੋਏ। ਕੇਸ ਵਿੱਚ ਨਾਮਜ਼ਦ ਪੁਲੀਸ ਅਧਿਕਾਰੀ ਚਰਨਜੀਤ ਸ਼ਰਮਾ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਗੋਲੀ ਕਾਂਡ ਦੌਰਾਨ ਪੁਲੀਸ ’ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਦਰਜ ਕੀਤੇ ਕੇਸ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਇਸ ਦੇ ਜਵਾਬ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਮੁਤਾਬਿਕ ਕੇਸ ਦੀ ਪੜਤਾਲ ਹਾਲ ਦੀ ਘੜੀ ਸਾਂਝੀ ਨਹੀਂ ਕੀਤੀ ਜਾ ਸਕਦੀ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ 14 ਅਕਤੂਬਰ 2015 ਨੂੰ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਉੱਪਰ ਹੋਏ ਕਥਿਤ ਹਮਲੇ ਦੇ ਮੁਲਜ਼ਮਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ। ਟੀਮ ਨੇ ਪੁਲੀਸ ’ਤੇ ਹਮਲਾ ਕਰਨ ਵਾਲੇ ਦਸ ਵਿਅਕਤੀਆਂ ਦੀਆਂ ਤਸਵੀਰਾਂ ਅਖ਼ਬਾਰਾਂ ਵਿੱਚ ਨਸ਼ਰ ਕੀਤੀਆਂ ਸਨ ਪਰ ਅਜੇ ਤੱਕ ਕਿਸੇ ਵੀ ਜ਼ਖ਼ਮੀ ਅਧਿਕਾਰੀ ਜਾਂ ਆਮ ਜਨਤਾ ਨੇ ਉਨ੍ਹਾਂ ਦੀ ਪਛਾਣ ਨਹੀਂ ਕੀਤੀ। ਇਸ ਲਈ ਫੋਰੈਂਸਿਕ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ। ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਪੁਲੀਸ ’ਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ ਪਰ ਜਾਂਚ ਟੀਮ ਨੇ ਕਿਹਾ ਕਿ ਸਿੱਖ ਪ੍ਰਚਾਰਕਾਂ ਨੇ ਪੁਲੀਸ ’ਤੇ ਹਮਲਾ ਨਹੀਂ ਕੀਤਾ। ੲਿਸ ਕਰਕੇ ਸਿੱਖ ਪ੍ਰਚਾਰਕਾਂ ਨੂੰ ਕਲੀਨ ਚਿਟ ਮਿਲ ਗਈ ਸੀ।