13.2 C
Sacramento
Thursday, June 1, 2023
spot_img

ਕੋਟਕਪੂਰਾ ਗੋਲੀ ਕਾਂਡ; ਗ੍ਰਹਿ ਵਿਭਾਗ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

-2400 ਸਫ਼ਿਆਂ ਦੇ ਚਲਾਨ ‘ਚ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਘਾੜੇ ਦੱਸਿਆ
ਫ਼ਰੀਦਕੋਟ/ਕੋਟਕਪੂਰਾ, 26 ਅਪ੍ਰੈਲ (ਪੰਜਾਬ ਮੇਲ)- ਪੰਜਾਬ ਦੇ ਗ੍ਰਹਿ ਵਿਭਾਗ ਨੇ ਕੋਟਕਪੂਰਾ ਗੋਲੀ ਕਾਂਡ ਵਿਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ, ਸਾਬਕਾ ਐੱਸ.ਐੱਸ.ਪੀ. ਸੁਖਮਿੰਦਰ ਸਿੰਘ ਮਾਨ, ਚਰਨਜੀਤ ਸ਼ਰਮਾ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸ.ਐੱਚ.ਓ. ਗੁਰਦੀਪ ਸਿੰਘ ਪੰਧੇਰ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ।
ਫੌਜਦਾਰੀ ਕਾਨੂੰਨ ਮੁਤਾਬਕ ਗ੍ਰਹਿ ਵਿਭਾਗ ਦੀ ਮਨਜ਼ੂਰੀ ਲਾਜ਼ਮੀ ਹੈ। ਗ੍ਰਹਿ ਵਿਭਾਗ ਨੇ 2374 ਸਫਿਆਂ ਦੀ ਮਨਜ਼ੂਰੀ ਜਾਂਚ ਟੀਮ ਨੂੰ ਇੱਕ ਦਿਨ ਪਹਿਲਾਂ ਸੌਂਪ ਦਿੱਤੀ ਸੀ। ਵਿਸ਼ੇਸ਼ ਜਾਂਚ ਟੀਮ ਨੇ 2400 ਸਫ਼ਿਆਂ ਦੀ ਦੂਜੀ ਚਲਾਨ ਫਾਈਲ ਅਦਾਲਤ ਵਿਚ ਪੇਸ਼ ਕੀਤੀ, ਜਿਸ ਵਿਚ ਫੋਰੈਂਸਿਕ ਲੈਬਾਰਟਰੀਆਂ ਦੀਆਂ ਰਿਪੋਰਟਾਂ ਅਤੇ ਹੋਰ ਦਸਤਾਵੇਜ਼ ਵੀ ਸ਼ਾਮਲ ਹਨ। ਕੇਸ ਵਿਚ ਪੇਸ਼ੀ ਲਈ 16 ਮਈ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ। ਗ੍ਰਹਿ ਵਿਭਾਗ ਨੇ ਉਕਤ ਸਿਆਸਤਦਾਨਾਂ ਤੇ ਪੁਲਿਸ ਅਧਿਕਾਰੀਆਂ ਖਿਲਾਫ਼ ਫੌਜਦਾਰੀ ਕੇਸ ਚਲਾਉਣ ਨੂੰ ਹਰੀ ਝੰਡੀ ਦਿੰਦਿਆਂ ਕਿਹਾ ਕਿ ਜਾਂਚ ਟੀਮ ਵੱਲੋਂ ਇਕੱਤਰ ਕੀਤੇ ਗਏ ਸਬੂਤ, ਗਵਾਹ ਅਤੇ ਹੋਰ ਦਸਤਾਵੇਜ਼, ਇਸ ਗੱਲ ਦੀ ਪੁਸ਼ਟੀ ਕਰਦੇ ਹਨ ਕਿ ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਕੋਟਕਪੂਰਾ ਗੋਲੀ ਕਾਂਡ ਦੀ ਪੂਰੀ ਸਕ੍ਰਿਪਟ ਲਿਖੀ ਸੀ ਅਤੇ ਉਹ ਇਸ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਹਨ। ਗ੍ਰਹਿ ਵਿਭਾਗ ਨੇ ਕਿਹਾ ਕਿ ਜਾਂਚ ਟੀਮ ਵੱਲੋਂ ਤਿਆਰ ਕੀਤੀ ਗਈ ਚਾਰਜਸ਼ੀਟ ਵਿਸ਼ਵਾਸਯੋਗ ਹੈ, ਜਿਸ ਲਈ ਉਕਤ ਮੁਲਜ਼ਮਾਂ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ। ਕੋਟਕਪੂਰਾ ਗੋਲੀ ਕਾਂਡ ਸਬੰਧੀ ਦਰਜ ਦੋਵਾਂ ਮੁਕੱਦਮਿਆਂ ਵਿਚ ਜਾਂਚ ਟੀਮ ਨੇ ਦੂਜਾ ਸਪਲੀਮੈਂਟਰੀ ਚਲਾਨ ਵੀ ਅਦਾਲਤ ਵਿਚ ਪੇਸ਼ ਕਰ ਦਿੱਤਾ। ਅਦਾਲਤ ਵਿਚ ਪੇਸ਼ੀ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਬਾਕੀ ਪੁਲਿਸ ਅਧਿਕਾਰੀ ਅਦਾਲਤ ਗੈਰਹਾਜ਼ਰ ਰਹੇ। ਅਦਾਲਤ ਵਿਚ ਸੁਣਵਾਈ ਦੌਰਾਨ ਡੀ.ਆਈ.ਜੀ. ਅਮਰ ਸਿੰਘ ਚਾਹਲ ਅਤੇ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਹਾਜ਼ਰ ਸਨ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਜਾਂਚ ਟੀਮ ਵੱਲੋਂ ਪੇਸ਼ ਕੀਤੇ ਦੂਸਰੇ ਚਲਾਨ ਨੂੰ ਵੀ ਆਪਣੀ ਅਦਾਲਤ ਵਿਚ ਸੁਣਵਾਈ ਲਈ ਸਵੀਕਾਰ ਕਰ ਲਿਆ ਹੈ ਅਤੇ ਇਸ ਕੇਸ ਵਿਚ ਪੇਸ਼ੀ ਦੀ ਅਗਲੀ ਤਰੀਕ 16 ਮਈ ਨਿਰਧਾਰਿਤ ਕੀਤੀ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਉਸ ਦਿਨ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ।

Related Articles

Stay Connected

0FansLike
3,790FollowersFollow
20,800SubscribersSubscribe
- Advertisement -spot_img

Latest Articles